ਪੱਤਰ ਪ੍ਰੇਰਕ
ਪਾਇਲ, 13 ਅਪਰੈਲ
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਵੇਂ ਸੈਸ਼ਨ 2021-22 ਲਈ ਦਾਖ਼ਲੇ ਸ਼ੁਰੂ ਹੋ ਚੁੱਕੇ ਹਨ। ਇਸੇ ਤਹਿਤ ਅੱਜ ਵਿਸਾਖੀ ਦੇ ਦਿਹਾੜੇ ਮੌਕੇ ਤਹਿਸੀਲ ਪਾਇਲ ਬਲਾਕ ਦੋਰਾਹਾ ਦੇ 33 ਸਕੂਲਾਂ ਵੱਲੋਂ ਵਿਸਾਖੀ ਮੇਲਿਆਂ ‘ਤੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਸਰਕਾਰੀ ਸਕੂਲਾਂ ਵਿਚ ਦਾਖ਼ਲਿਆਂ ਨੂੰ ਵਧਾਉਣ ਲਈ ਪ੍ਰਚਾਰ ਸਟਾਲਾਂ ਅਤੇ ਕਨੋਪੀਆਂ ਲਗਾਉਣ ਦਾ ਨਿਵੇਕਲਾ ਉਪਰਾਲਾ ਕੀਤਾ ਗਿਆ। ਬਲਾਕ ਦੋਰਾਹਾ ਦੇ ਨੋਡਲ ਅਫ਼ਸਰ ਪ੍ਰਿੰਸੀਪਲ ਕਰਮਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਸਟਾਲਾਂ ‘ਤੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਦੀਆਂ ਤਸਵੀਰਾਂ ਪ੍ਰਦਰਸ਼ਿਤ ਕੀਤੀਆਂ ਗਈਆਂ ਹਨ, ਸਮਾਰਟ ਤਕਨਾਲੋਜੀ ਦੀ ਵਰਤੋਂ ਨਾਲ ਕਰਵਾਈ ਜਾਣ ਵਾਲੀ ਪੜ੍ਹਾਈ ਦੀਆਂ ਤਸਵੀਰਾਂ ਵੀ ਪ੍ਰਦਰਸ਼ਿਤ ਕੀਤੀਆਂ ਗਈਆਂ ਅਤੇ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਦੱਸ ਕੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਾ ਕਰਵਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ, ਕਟਾਣਾ ਸਾਹਿਬ, ਘੁਡਾਣੀ ਕਲਾ ਅਤੇ ਹੋਰ ਸਕੂਲਾਂ ਨਾਲ ਸਬੰਧਿਤ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਲਈ ਅਧਿਆਪਕਾਂ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਅਧਿਕਾਰੀਆਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਜ਼ਿਲ੍ਹਾ ਸੋਸ਼ਲ ਮੀਡੀਆ ਕੋਆਰਡੀਨੇਟਰ ਅੰਜੂ ਸੂਦ ਨੇ ਕਿਹਾ ਕਿ ਵਿਸਾਖੀ ਦੇ ਪਵਿੱਤਰ ਦਿਹਾੜੇ ’ਤੇ ਲੋਕਾਂ ਨੂੰ ਸਰਕਾਰੀ ਸਕੂਲਾਂ ਦਾ ਸਹੀ ਰਸਤਾ ਦਿਖਾ ਕੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਕਰਨ ਦੀ ਸਲਾਹ ਦਿੱਤੀ।
ਜਗਰਾਉਂ (ਨਿੱਜੀ ਪੱਤਰ ਪ੍ਰੇਰਕ): ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਅਧਿਆਪਕਾਂ ਨੂੰ ‘ਦਾਖਲਾ ਕੈਂਪ’ ਲਾਉਣੇ ਪੈ ਰਹੇ ਹਨ। ਵਿਸਾਖੀ ਦੇ ਦਿਹਾੜੇ ’ਤੇ ਸਿੱਖਿਆ ਅਧਿਕਾਰੀਆਂ ਦੀਆਂ ਹਦਾਇਤਾਂ ’ਤੇ ਅਜਿਹਾ ਹੀ ਇਕ ਕੈਂਪ ਨੇੜਲੇ ਪਿੰਡ ਮਲਕ ਵਿੱਚ ਲੱਗਿਆ। ‘ਦਾਖਲਾ ਮੁਹਿੰਮ’ ਤਹਿਤ ਸਰਕਾਰੀ ਹਾਈ ਸਕੂਲ ਮਲਕ ਦੇ ਮੁੱਖ ਅਧਿਆਪਕ ਹਰਜੋਤ ਸਿੰਘ ਦੀ ਅਗਵਾਈ ’ਚ ਪਿੰਡ ਦੇ ਗੁਰਦੁਆਰਾ ਬੁੰਗਾ ਸਾਹਿਬ ਵਿੱਚ ਇਹ ਦਾਖਲਾ ਕੈਂਪ ਲਾਇਆ ਗਿਆ। ਕੈਂਪ ’ਚ ਇੰਦਰਜੀਤ ਸਿੰਘ ਸਕੂਲ ਮੀਡੀਆ ਕੋਆਰਡੀਨੇਟਰ ਅਤੇ ਹਰਪ੍ਰੀਤ ਸਿੰਘ ਪੰਜਾਬੀ ਮਾਸਟਰ ਹਾਜ਼ਰ ਸਨ।