ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 23 ਜੂਨ
ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱੱਲੋਂ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਕੌਂਸਲ ਦੇ ਆਨਰੇਰੀ ਸਕੱਤਰ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਹਾਜ਼ਰੀ ਲਗਾਉਣ ਉਪਰੰਤ ਹਰੇਕ ਇਨਸਾਨ ਨੂੰ ਗੁਰੂ ਸਾਹਿਬ ਦੁਆਰਾ ਦਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਆ। ਇਸ ਦੌਰਾਨ ਉਨ੍ਹਾਂ ਦੇਸ਼-ਵਿਦੇਸ਼ ’ਚ ਵੱਸਦੀ ਸਮੂਹ ਸੰਗਤ ਨੂੰ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ। ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਵਿੰਦਰ ਸਿੰਘ ਬਾਵਾ ਦੇ ਕੀਰਤਨੀ ਜਥੇ ਨੇ ਗੁਰਬਾਣੀ ਨਾਲ ਸੰਗਤ ਨੂੰ ਨਿਹਾਲ ਕੀਤਾ। ਇਸ ਉਪਰੰਤ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਸਿੱਖ ਇਤਿਹਾਸਕਾਰ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਗੁਰੂ ਹਰਿਗੋਬਿੰਦ ਸਾਹਿਬ ਦੇ ਜੀਵਨ ਫ਼ਲਸਫ਼ੇ ਬਾਰੇ ਚਾਨਣਾ ਪਾਇਆ। ਆਨਰੇਰੀ ਸਕੱਤਰ ਛੀਨਾ ਤੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਕੀਰਤਨੀ ਜਥੇ ਨੂੰ ਸਿਰੋਪਾ ਦਿੱਤਾ। ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਅਜਮੇਰ ਸਿੰਘ ਹੇਰ, ਲਖਵਿੰਦਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਸਰਬਜੀਤ ਸਿੰਘ ਹੁਸ਼ਿਆਰ ਨਗਰ, ਰਮਿੰਦਰ ਕੌਰ, ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਪ੍ਰਿੰਸੀਪਲ ਡਾ. ਖੁਸ਼ਿਵੰਦਰ ਕੁਮਾਰ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਆਦਿ ਹਾਜ਼ਰ ਸਨ।
ਅੰਮ੍ਰਿਤਸਰ (ਖੇਤਰੀ ਪ੍ਰਤੀਨਿਧ): ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਗੁਰਦੁਆਰਾ ਮੱਲ ਅਖਾੜਾ ਸਾਹਿਬ ਵਿਖੇ ਮਨਾਇਆ ਗਿਆ। ਅਖੰਡ ਪਾਠ ਦੇ ਭੋਗ ਉਪਰੰਤ ਰਾਗੀ, ਢਾਡੀ ਸਿੰਘਾਂ ਨੇ ਗੁਰਬਾਣੀ ਕੀਰਤਨ ਅਤੇ ਵਾਰਾਂ ਨਾਲ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ। ਜਥੇਦਾਰ ਕੇਵਲ ਸਿੰਘ ਢਾਡੀ ਤੇ ਭਾਈ ਅਮਰੀਕ ਸਿੰਘ ਗ੍ਰੰਥੀ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਬਾਰੇ ਚਾਨਣਾ ਪਾਇਆ।
ਫਗਵਾੜਾ (ਪੱਤਰ ਪ੍ਰੇਰਕ): ਗੁਰਦੁਆਰਾ ਸਿੰਘ ਸਭਾ ਪ੍ਰੀਤ ਨਗਰ ਵਲੋਂ ਗੁਰੂ ਹਰਿਗੋਬਿੰਦ ਸਾਹਿਬ ਤੇ ਭਗਤ ਕਬੀਰ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਸੁਖਮਨੀ ਸਾਹਿਬ ਦੇ ਭੋਗ ਉਪਰੰਤ ਗੁਰੂ ਸਾਹਿਬ ਦੀ ਜੀਵਨੀ ਬਾਰੇ ਚਾਨਣਾ ਪਾਇਆ। ਇਸ ਮੌਕੇ ਪ੍ਰਧਾਨ ਹਰਲੋਚਨ ਸਿੰਘ ਵਲੋਂ ਸੰਗਤਾਂ ਨੂੰ ਗੁਰੂ ਸਾਹਿਬ ਤੇ ਭਗਤ ਜੀ ਵਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ।