ਗਗਨਦੀਪ ਅਰੋੜਾ
ਲੁਧਿਆਣਾ, 12 ਅਪਰੈਲ
ਮੁੱਲਾਂਪੁਰ ਦਾਖਾ ’ਚ ਬੱਸ ਅੱਡੇ ਦਾ ਨੀਂਹ ਪੱਥਰ ਰੱਖਣ ਦੌਰਾਨ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀਆਂ ਨੇ ਕਰੋਨਾ ਨਿਯਮਾਂ ਦੀ ਸ਼ਰੇਆਮ ਧੱਜੀਆਂ ਉਡਾਈਆਂ। ਸਮਾਗਮ ਵਿੱਚ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਦੌਰਾਨ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ, ਓਐਸਡੀ ਦਮਨਜੀਤ ਸਿੰਘ ਮੋਹੀ ਸਣੇ ਕਈ ਆਗੂ ਬਿਨਾਂ ਮਾਸਕ ਲਗਾਏ ਹੀ ਘੁੰਮਦੇ ਰਹੇ। ਇਸ ਸਬੰਧੀ ਜਦੋਂ ਮੁੱਲਾਂਪੁਰ ਦੇ ਐੱਸਐੱਸਪੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਵੀ ਸਰਕਾਰ ਦਾ ਪੱਖ ਪੂਰਿਆ। ਕੈਪਟਨ ਸੰਦੀਪ ਸੰਧੂ ਨੇ ਇਸ ਨੂੰ ਖੁਸ਼ੀ ਦਾ ਮੌਕਾ ਆਖ ਕੇ ਪੱਲਾ ਝਾੜ ਲਿਆ।
ਲੁਧਿਆਣਾ ਦੇ ਮੁੱਲਾਂਪੁਰ ਦਾਖਾ ਵਿਚ ਅੱਜ ਬੱਸ ਅੱਡੇ ਦਾ ਨੀਂਹ ਪੱਥਰ ਰੱਖਣ ਲਈ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਵੱਲੋਂ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸਰਕਾਰੀ ਹਦਾਇਤਾਂ ਨੂੰ ਛਿੱਕੇ ਟੰਗ ਕੇ ਸੈਂਕੜੇ ਲੋਕਾਂ ਦਾ ਇਕੱਠ ਕੀਤਾ ਗਿਆ। ਸਿਆਸੀ ਆਗੂਆਂ ਸਣੇ ਆਮ ਲੋਕ ਵੀ ਬਿਨਾਂ ਮਾਸਕ ਤੋਂ ਘੁੰਮਦੇ ਰਹੇ। ਮੌਕੇ ’ਤੇ ਮੌਜੂਦ ਸੀਨੀਅਰ ਅਧਿਕਾਰੀਆਂ ਨੇ ਵੀ ਨਿਯਮਾਂ ਬਾਰੇ ਕੋਈ ਗੱਲ ਨਹੀਂ ਕੀਤੀ। ਇਸ ਸਬੰਧੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਮੁੱਲਾਂਪੁਰ ਦਾਖਾ ਵਾਸੀਆਂ ਦੀ ਇਹ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਣ ਕਰਕੇ ਇੰਨਾ ਵੱਡਾ ਇਕੱਠ ਹੋ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਸੇ ਕਰਕੇ ਸੂਬੇ ਵਿਚ ਤੇਜ਼ੀ ਨਾਲ ਵਿਕਾਸ ਕਾਰਜ ਕੀਤੇ ਜਾ ਰਹੇ ਹਨ।