ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 13 ਜੁਲਾਈ
ਨੇੜਲੇ ਪਿੰਡ ਕਾਉਂਕੇ ਕਲਾਂ ਵਿੱਚ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਕਿਸਾਨ ਕਾਨਫਰੰਸ ਕਰਵਾਈ ਗਈ। ਇਸ ’ਚ ਪੀਏਯੂ ਦੇ ਖੇਤੀ ਮਾਹਿਰ ਤੇ ਅਰਥ ਸ਼ਾਸਤਰੀ ਸੁਖਪਾਲ ਸਿੰਘ ਨੇ ਕਿਸਾਨੀ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਕਿਸਾਨਾਂ ਨਾਲ ਵਿਚਾਰ ਸਾਂਝੇ ਕੀਤੇ। ਇਸ ਮੌਕੇ ਜਥੇਬੰਦੀ ਦੇ ਬਾਨੀ ਬਲਕਾਰ ਸਿੰਘ ਡਕੌਂਦਾ ਦੀ ਬਰਸੀ ਵੀ ਮਨਾਈ ਗਈ। ਬਲਾਕ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਦੀ ਅਗਵਾਈ ਹੇਠ ਹੋਈ ਕਿਸਾਨ ਕਾਨਫਰੰਸ ’ਚ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਅਤੇ ਸਕੱਤਰ ਇੰਦਰਜੀਤ ਧਾਲੀਵਾਲ ਨੇ ਬਾਨੀ ਜਥੇਬੰਦੀ ਦੇ ਬਾਨੀ ਬਲਕਾਰ ਸਿੰਘ ਡਕੌਂਦਾ ਦੇ ਸੰਘਰਸ਼ਮਈ ਜੀਵਨ ਬਾਰੇ ਜਾਣਕਾਰੀ ਸਾਂਝੀ ਕੀਤੀ। ਅਰਥ ਸ਼ਾਸਤਰੀ ਸੁਖਪਾਲ ਸਿੰਘ ਨੇ ਕਿਸਾਨੀ ਖੁਦਕੁਸ਼ੀਆਂ ਅਤੇ ਮੌਜੂਦਾ ਖੇਤੀ ਸੰਕਟ ’ਤੇ ਜਾਣਕਾਰੀ ਸਾਂਝੀ ਕੀਤੀ। ਕਿਸਾਨ ਆਗੂਆਂ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਸਾਰੇ ਬਲਾਕਾਂ ਦੀਆਂ ਮੀਟਿੰਗਾਂ ਕਰਨ ਤੋਂ ਬਾਅਦ 20 ਜੁਲਾਈ ਨੂੰ ਰਾਏਕੋਟ ਵਿਖੇ ਕਿਸਾਨਾਂ ਦੀ ਕਨਵੈਨਸ਼ਨ ਕੀਤੀ ਜਾਵੇਗੀ। 31 ਜੁਲਾਈ ਨੂੰ ਸੜਕ ’ਤੇ ਰੇਲ ਆਵਾਜਾਈ ਰੋਕੀ ਜਾਵੇਗੀ। ਇਸ ਮੌਕੇ ਸੁਖਵਿੰਦਰ ਸਿੰਘ ਹੰਬੜਾਂ, ਹਰਜੀਤ ਸਿੰਘ ਜਨੇਤਪੁਰਾ ਹਾਜ਼ਰ ਸਨ।