ਨਿੱਜੀ ਪੱਤਰ ਪ੍ਰੇਰਕ
ਖੰਨਾ, 10 ਅਕਤੂਬਰ
ਇਥੋਂ ਦੇ ਮਾਰਕਫੈਡ ਦੇ ਪਿੱਛੇ ਰੇਲਵੇ ਟਰੈਕ ’ਤੇ ਵਾਪਰੇ ਹਾਦਸੇ ਦੌਰਾਨ ਇੱਕ ਨੌਜਵਾਨ ਰੇਲਗੱਡੀ ਦੀ ਲਪੇਟ ਵਿੱਚ ਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਨੇ ਕੰਨਾਂ ਵਿੱਚ ਹੈਡਫੋਨ ਲਾਏ ਹੋਏ ਸਨ, ਜਿਸ ਕਾਰਨ ਉਸ ਨੂੰ ਹਾਰਨ ਸੁਣਾਈ ਨਹੀਂ ਦਿੱਤਾ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ ਤੇ ਲਾਸ਼ ਨੂੰ ਸ਼ਨਾਖਤ ਲਈ ਰੇਲਵੇ ਪੁਲੀਸ ਨੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ। ਮ੍ਰਿਤਕ ਕੋਲੋਂ ਮਿਲੇ ਮੋਬਾਈਲ ਫੋਨ ਤੋਂ ਪਰਿਵਾਰ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜੀਆਰਪੀ ਚੌਕੀ ਦੇ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਨੌਜਵਾਨ ਹੈਡਫੋਨ ਲਗਾ ਕੇ ਰੇਲਵੇ ਟਰੈਕ ਪਾਰ ਕਰ ਰਿਹਾ ਸੀ ਅਤੇ ਰੇਲ ਦਾ ਹਾਰਨ ਨਹੀਂ ਸੁਣ ਸਕਿਆ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਨੂੰ ਸੰਪਰਕ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।