ਦੇਵਿੰਦਰ ਸਿੰਘ ਜੱਗੀ
ਪਾਇਲ, 16 ਅਗਸਤ
ਸ਼ਹੀਦ ਕਰਨੈਲ ਸਿੰਘ ਈਸੜੂ ਅਤੇ ਕਿਸਾਨ ਮੋਰਚੇ ਦੇ ਸ਼ਹੀਦ ਭੁਪਿੰਦਰ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਈਸੜੂ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਸਟੇਜ ਤੋਂ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਆਜ਼ਾਦੀ ਦੇ 75 ਸਾਲ ਬੀਤ ਜਾਣ ਤੋਂ ਬਾਅਦ ਵੀ ਦੇਸ਼ ਭਗਤਾਂ ਦੇ ਸੁਪਨੇ ਸਾਕਾਰ ਨਹੀਂ ਹੋਏ। ਉਨ੍ਹਾਂ ਕਾਂਗਰਸ ’ਤੇ ਵਰ੍ਹਦਿਆਂ ਕਿਹਾ ਕਿ ਕਾਂਗਰਸ ਨੇ ਦਰਬਾਰ ਸਾਹਿਬ ਅੰਮ੍ਰਿਤਸਰ ’ਤੇ ਹਮਲਾ ਅਤੇ 1984 ਦੇ ਦਿੱਲੀ ਦੰਗਿਆਂ ਦੌਰਾਨ ਸੈਂਕੜੇ ਸਿੱਖਾਂ ਦਾ ਕਤਲੇਆਮ ਕਰ ਕੇ ਸਿੱਖ ਵਿਰੋਧੀ ਹੋਣ ਦਾ ਸਬੂਤ ਦਿੱਤਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਵੋਟਾਂ ਤੋਂ ਪਹਿਲਾਂ ਗੁਟਕਾ ਸਾਹਿਬ ਹੱਥ ਵਿੱਚ ਫੜ ਕੇ ਚਾਰ ਹਫ਼ਤਿਆਂ ਵਿੱਚ ਨਸ਼ਿਆਂ ਦਾ ਲੱਕ ਤੋੜਨ ਦੀ ਜੋ ਸਹੁੰ ਖਾਧੀ ਸੀ, ਉਹ ਨਿਰਾ ਝੂਠ ਦਾ ਪੁਲੰਦਾ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ‘ਮੁੰਨੀ ਬਦਨਾਮ ਹੋਈ’ ਕਹਿਣ ਵਾਲਾ ਸਿੱਧੂ ਹੁਣ ਉਸੇ ਪਾਰਟੀ ਦੇ ਗੁਣ ਗਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਖੇਤੀ ਕਾਨੂੰਨ ਜਬਰਦਸਤੀ ਥੋਪ ਕੇ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕੀਤਾ ਹੈ।
ਇਸ ਤੋਂ ਪਹਿਲਾਂ ਕੋਰ ਕਮੇਟੀ ਮੈਂਬਰ ਯਾਦਵਿੰਦਰ ਸਿੰਘ ਯਾਦੂ ਨੇ ਬਿਕਰਮ ਸਿੰਘ ਮਜੀਠੀਆ ਤੋਂ ਖੰਨਾ ਸ਼ਹਿਰ ਨੂੰ ਜ਼ਿਲ੍ਹਾ ਬਣਾਉਣ ਅਤੇ ਹਲਕੇ ਵਿੱਚ ਸਰਕਾਰੀ ਮੈਡੀਕਲ ਕਾਲਜ ਬਣਾਉਣ ਦੀ ਮੰਗ ਕੀਤੀ, ਜਿਸ ’ਤੇ ਮਜੀਠੀਆ ਨੇ ਸਰਕਾਰ ਬਣਨ ਉੱਤੇ ਇਹ ਦੋਵੇਂ ਵਾਅਦੇ ਪੂਰੇ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਕਾਂਗਰਸ ਨੇ ਦੇਸ਼ ਅੰਦਰ ਲੰਮਾ ਸਮਾਂ ਰਾਜ ਕਰ ਕੇ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਕੌਡੀ ਮੁੱਲ ਨਹੀਂ ਪਾਇਆ, ਜਿਸ ਕਰਕੇ ਸ਼ਹੀਦਾਂ ਦੇ ਸੁਪਨੇ ਅੱਜ ਤੱਕ ਸਾਕਾਰ ਨਹੀਂ ਹੋ ਸਕੇ।