ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 22 ਨਵੰਬਰ
ਇੱਥੇ ਅੱਜ ਇਥੇ ਰੇਲਵੇ ਪਾਰਕ ’ਚ ਚੱਲ ਰਹੇ ਕਿਸਾਨ ਧਰਨੇ ਦੇ 418ਵੇਂ ਦਿਨ ਬੁਲਾਰਿਆਂ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਪ੍ਰਧਾਨ ਮੰਤਰੀ ਦੀ ਟੀਵੀ ’ਤੇ ਆ ਕੇ ਕਹੀ ਗੱਲ ’ਤੇ ਯਕੀਨ ਨਹੀਂ ਕਰ ਰਹੇ, ਇਸ ਲਈ ਜਦੋਂ ਤੱਕ ਸੰਸਦ ’ਚ ਲਿਆ ਕੇ ਇਹ ਖੇਤੀ ਕਾਨੂੰਨ ਪੂਰੀ ਤਰ੍ਹਾਂ ਰੱਦ ਨਹੀਂ ਹੋ ਜਾਂਦੇ, ਕਿਸਾਨ ਸੰਘਰਸ਼ ਜਾਰੀ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਦਾ ਧਿਆਨ ਉਨ੍ਹਾਂ ਦੀ ਪਾਰਟੀ ਭਾਜਪਾ ਦੇ ਕੁਝ ਆਗੂਆਂ ਵੱਲ ਵੀ ਦਿਵਾਇਆ ਗਿਆ ਜਿਹੜੇ ਐਲਾਨ ਤੋਂ ਬਾਅਦ ਵੀ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਸਬੰਧੀ ਬਿਆਨਬਾਜ਼ੀ ਕਰ ਰਹੇ ਹਨ। ਇਕੱਠ ਨੂੰ ਸੰਬੋਧਨ ਕਰਦਿਆਂ ਧਰਮ ਸਿੰਘ ਸੂਜਾਪੁਰ, ਰਜਿੰਦਰ ਸਿੰਘ ਹਾਂਸ, ਦਲਜੀਤ ਸਿੰਘ, ਹਰਦੀਪ ਸਿੰਘ ਗਾਲਬਿ, ਦਰਸ਼ਨ ਸਿੰਘ ਗਾਲਬਿ, ਹਰਬੰਸ ਲਾਲ,ਜਗਦੀਸ਼ ਸਿੰਘ, ਸੁਰਜੀਤ ਸਿੰਘ ਦੌਧਰ ਨੇ ਕਿਹਾ ਕਿ 25 ਨਵੰਬਰ ਨੂੰ ਦਿੱਲੀ ਵੱਲ ਨੂੰ ਜਾਣ ਦੀ ਤਿਆਰੀ ਕਰ ਲਈ ਹੈ।ਇਸ ਮੌਕੇ ਲੋਕ ਗਾਇਕਾ ਗੁਰਮੀਤ ਬਾਵਾ ਦੇ ਵਿਛੋੜੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸੇ ਤਰ੍ਹਾਂ ਚੌਕੀਮਾਨ ਟੌਲ ’ਤੇ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ ਤੇ ਕਾਮਾਗਾਟਾਮਾਰੂ ਯਾਦਗਾਰ ਕਮੇਟੀ ਦੀ ਅਗਵਾਈ ਵਿੱਚ ਵੀ ਧਰਨਾ ਜਾਰੀ ਰਿਹਾ।
ਖੰਨਾ (ਜੋਗਿੰਦਰ ਸਿੰਘ ਓਬਰਾਏ): ਇਥੋਂ ਦੇ ਲਲਹੇੜੀ ਚੌਕ ਵਿੱਚ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਵੱਲੋਂ ਲਾਇਆ ਪੱਕਾ ਮੋਰਚਾ 58ਵੇਂ ਦਿਨ ਜਾਰੀ ਰਿਹਾ। ਇਸ ਮੌਕੇ ਹਰਚੰਦ ਸਿੰਘ ਅਤੇ ਕਰਨੈਲ ਸਿੰਘ ਨੇ ਕਿਹਾ ਕਿ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਸਮੇਤ ਸੰਯੁਕਤ ਮੋਰਚੇ ਵੱਲੋਂ ਰੱਖੀਆਂ 6 ਪ੍ਰਮੁੱਖ ਮੰਗਾਂ ਦੇ ਹੱਲ ਤੋਂ ਬਿਨਾਂ ਕਿਸਾਨ-ਮਜ਼ਦੂਰ ਸੰਘਰਸ਼ ਵਿਚ ਡਟੇ ਰਹਿਣਗੇ ਅਤੇ ਪਹਿਲਾਂ ਤੋਂ ਤੈਅ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਕਾਲੇ ਕਾਨੂੰਨ ਅਤੇ ਹੋਰ ਮੰਗਾਂ ਨਹੀਂ ਮੰਨਦੀ ਸੰਘਰਸ਼ ਲਗਾਤਾਰ ਜਾਰੀ ਰਹੇਗਾ ਅਤੇ ਇਸ ਸੰਘਰਸ਼ ਵਿਚ ਅਨੇਕਾਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੀ ਸ਼ਹੀਦੀ ਬੇਅਰਥ ਨਹੀਂ ਜਾਣ ਦਿੱਤੀ ਜਾਵੇਗੀ।
ਝੋਨੇ ਦੀ ਅਦਾਇਗੀ ਦੇ ਸਰਕਾਰੀ ਦਾਅਵੇ ਖੋਖਲੇ ਕਰਾਰ
ਗੁਰੂਸਰ ਸੁਧਾਰ (ਸੰਤੋਖ ਗਿੱਲ): ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਸੰਯੁਕਤ ਕਿਸਾਨ ਮੋਰਚੇ ਅਤੇ ਜਮਹੂਰੀ ਕਿਸਾਨ ਸਭਾ ਦੇ ਪੱਕੇ ਮੋਰਚੇ ਉੱਪਰ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਰਘਵੀਰ ਸਿੰਘ ਬੈਨੀਪਾਲ ਅਤੇ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਨੇ ਝੋਨੇ ਸਬੰਧੀ ਸਰਕਾਰ ਦੇ ਖ਼ਰੀਦ ਤੋਂ 24 ਘੰਟੇ ਵਿੱਚ ਕਿਸਾਨ ਦੇ ਖਾਤੇ ਵਿਚ ਪੈਸੇ ਭੇਜਣ ਦੇ ਦਾਅਵਿਆਂ ਨੂੰ ਖੋਖਲੇ ਦੱਸਿਆ। ਕਿਸਾਨ ਆਗੂਆਂ ਨੇ 26 ਨਵੰਬਰ ਨੂੰ ਦਿੱਲੀ ਅਤੇ ਵੱਖ-ਵੱਖ ਮੋਰਚਿਆਂ ਵਿੱਚ ਲਾਮਬੰਦੀ ਦੀ ਅਪੀਲ ਵੀ ਕੀਤੀ। ਜਨਵਾਦੀ ਇਸਤਰੀ ਸਭਾ ਦੀ ਆਗੂ ਅਮਨਦੀਪ ਕੌਰ, ਜਮਹੂਰੀ ਕਿਸਾਨ ਸਭਾ ਦੇ ਆਗੂ ਜਗਤਾਰ ਸਿੰਘ ਚਕੋਹੀ ਵੀ ਹਾਜ਼ਰ ਸਨ।
ਬੀਕੇਯੂ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਮੀਟਿੰਗਾਂ
ਪਾਇਲ (ਦੇਵਿੰਦਰ ਸਿੰਘ ਜੱਗੀ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀਆਂ ਟੀਮਾਂ ਵੱਲੋਂ ਵੱਖ ਵੱਖ ਪਿੰਡਾਂ ਘੁਡਾਣੀ ਕਲਾਂ, ਲੈਹਿਲ,ਜੀਰਖ,ਸਿਹੋੜਾ, ਰਾਣੋ ਵਿੱਚ ਮੀਟਿੰਗਾਂ ਦੌਰਾਨ ਬੀਕੇਯੂ ਏਕਤਾ ਉਗਰਾਹਾਂ ਦੇ ਆਗੂਆਂ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ, ਪਰਮਵੀਰ ਸਿੰਘ ਘਲੋਟੀ, ਬਲਵੰਤ ਸਿੰਘ ਘੁਡਾਣੀ, ਲਾਡੀ ਉਕਸੀ ਵੱਲੋਂ 27 ਨਵੰਬਰ ਨੂੰ ਦਿੱਲੀ ਜਾਣ ਲਈ ਪ੍ਰੇਰਿਤ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਦਿੱਲੀ ਦੇ ਬਾਰਡਰਾਂ ’ਤੇ 25 ਨਵੰਬਰ ਤੋਂ ਵੱਡੇ ਕਾਫ਼ਲੇ ਬੰਨ੍ਹ ਕੇ ਕਿਸਾਨ ਦਿੱਲੀ ਨੂੰ ਰਵਾਨਾ ਹੋਣਗੇ, ਜਿਸ ਦੀਆਂ ਤਿਆਰੀਆਂ ਸਬੰਧੀ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਟਰੈਕਟਰ, ਟਰਾਲੀਆਂ ਭੇਜਣ ਦਾ ਫ਼ੈਸਲਾ
ਸਮਰਾਲਾ (ਡੀਪੀਐੱਸ ਬੱਤਰਾ): ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨੇ ਖੇਤੀ ਕਾਨੂੰਨ ਵਾਪਸ ਲਏ ਜਾਣ ਦੇ ਐਲਾਨ ਤੋਂ ਬਾਅਦ ਵੀ ਹੋਰ ਮੰਗਾਂ ਲਈ ਅੰਦੋਲਨ ਜਾਰੀ ਰੱਖਣ ਦੇ ਫੈਸਲੇ ’ਤੇ ਅੱਜ ਇਥੇ ਬੀਕੇਯੂ ਏਕਤਾ (ਸਿੱਧੂਪੁਰ) ਦੇ ਵਰਕਰਾਂ ਨੇ ਮੀਟਿੰਗ ਕਰਕੇ ਐਲਾਨ ਕੀਤਾ ਹੈ, ਕਿ ਉਹ ਕਿਸਾਨ ਸੰਘਰਸ਼ ਦੀ ਮੁਕੰਮਲ ਜਿੱਤ ਲਈ ਹੋਰ ਵੀ ਵੱਡੀ ਗਿਣਤੀ ’ਚ ਟਰੈਕਟਰ-ਟਰਾਲੀਆਂ ਰਾਹੀ ਦਿੱਲੀ ਮੋਰਚੇ ਵਿੱਚ ਸ਼ਮੂਲੀਅਤ ਲਈ ਰਵਾਨਾ ਹੋਣਗੇ। ਜਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਸੁਪਿੰਦਰ ਸਿੰਘ ਬੱਗਾ ਨੇ ਮੀਟਿੰਗ ਦੀ ਅਗਵਾਈ ਕਰਦੇ ਹੋਏ ਕਿਹਾ ਕਿ ਫ਼ਸਲਾਂ ਦੇ ਸਮਰਥਨ ਮੁੱਲ ਦੀ ਗਾਰੰਟੀ ਕਾਨੂੰਨ ਸਮੇਤ ਸਰਕਾਰ ਅੱਗੇ ਰੱਖੀਆਂ 6 ਹੋਰ ਮੰਗਾਂ ਦੀ ਪੂਰਤੀ ਤੱਕ ਇਹ ਅੰਦੋਲਨ ਜਾਰੀ ਰਹੇਗਾ। ਪਹਿਲਾਂ ਉਨ੍ਹਾਂ ਕੁੱਬੇ ਟੌਲ ਪਲਾਜ਼ਾ ਵਿੱਚ ਹੋਈ ਮੀਟਿੰਗ ਵਿੱਚ ਸ਼ਾਮਲ ਜਥੇਬੰਦੀ ਦੇ ਸਮੂਹ ਵਰਕਰਾਂ ਦਾ ਅੰਦੋਲਨ ਵਿੱਚ ਲਗਾਤਾਰ ਪਾਏ ਜਾ ਰਹੇ ਯੋਗਦਾਨ ਲਈ ਸਭ ਦਾ ਧੰਨਵਾਦ ਕੀਤਾ।