ਸੰਤੋਖ ਗਿੱਲ
ਗੁਰੂਸਰ ਸੁਧਾਰ, 13 ਜੁਲਾਈ
ਵਿਵਾਦਿਤ ਖੇਤੀ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਅਤੇ ਮੋਦੀ ਸਰਕਾਰ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਜਾਰੀ ਲੜੀਵਾਰ ਧਰਨੇ ਦੀ ਅਗਵਾਈ ਅਮਨਦੀਪ ਕੌਰ, ਪਰਮਜੀਤ ਕੌਰ ਅਤੇ ਰਜਿੰਦਰ ਕੌਰ ਨੇ ਕੀਤੀ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਆਗੂ ਸੁਰਜੀਤ ਸਿੰਘ ਸੀਲੋਂ, ਜਨਵਾਦੀ ਇਸਤਰੀ ਸਭਾ ਦੀ ਆਗੂ ਕੁਲਜੀਤ ਕੌਰ ਗਰੇਵਾਲ ਨੇ ਕਿਹਾ ਕਿ ਮੋਰਚੇ ਵੱਲੋਂ ਸੰਸਦ ਵੱਲ ਲੜੀਵਾਰ ਮਾਰਚ ਵਿਚ ਭਾਗ ਲੈਣ ਲਈ ਕਿਸਾਨਾਂ ਵਿਚ ਭਾਰੀ ਉਤਸ਼ਾਹ ਹੈ, ਜਿਸ ਤੋਂ ਘਬਰਾਈ ਮੋਦੀ ਹਕੂਮਤ ਪੰਜਾਬ ਵਿਚ ਮਾਹੌਲ ਖ਼ਰਾਬ ਕਰਨ ਲਈ ਜਾਣਬੁੱਝ ਕੇ ਕਿਸਾਨਾਂ ਨੂੰ ਉਕਸਾ ਰਹੀ ਹੈ। ਇਸ ਲਈ ਸ਼ਾਂਤਮਈ ਅੰਦੋਲਨ ਨੂੰ ਕੁਰਾਹੇ ਪਾਉਣ ਦੇ ਯਤਨਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਜਨਵਾਦੀ ਇਸਤਰੀ ਸਭਾ ਦੀ ਆਗੂ ਸੁਖਵਿੰਦਰ ਕੌਰ, ਗੁਰਮੀਤ ਕੌਰ, ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਜਗਤਾਰ ਸਿੰਘ ਚਕੋਹੀ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਕਿਹਾ ਕਿ ਸੰਸਦ ਵੱਲ ਮਾਰਚ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਉਨ੍ਹਾਂ ਸੁਚੇਤ ਕੀਤਾ ਕਿ ਚਿੱਤਰ ਕੂਟ ਵਿਚ ਆਰ.ਐਸ.ਐਸ ਦੀ 5 ਰੋਜ਼ਾ ਬੈਠਕ ਵਿਚ ਕਿਸਾਨੀ ਅੰਦੋਲਨ ਵਿਚ ਮੱਤਭੇਦ ਪੈਦਾ ਕਰਨ ਅਤੇ ਚੋਣਾਂ ਵਿਚ ਭਾਗ ਲੈਣ ਦਾ ਸ਼ੋਸ਼ਾ ਛੱਡਣ ਲਈ ਵਿਉਂਤਾਂ ਘੜੀਆਂ ਜਾ ਰਹੀਆਂ ਹਨ। ਉਨ੍ਹਾਂ 26 ਜਨਵਰੀ ਦੀਆਂ ਘਟਨਾਵਾਂ ਤੋਂ ਸਬਕ ਸਿੱਖ ਕੇ ਯੋਜਨਾਬੱਧ ਢੰਗ ਨਾਲ ਅੱਗੇ ਵਧਣ ਦੀ ਅਪੀਲ ਕੀਤੀ।
ਖੰਨਾ (ਜੋਗਿੰਦਰ ਸਿੰਘ ਓਬਰਾਏ): ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਇਥੋਂ ਦੇ ਰੇਲਵੇ ਸਟੇਸ਼ਨ ਦੇ ਬਾਹਰ ਆਰੰਭਿਆ ਸੰਘਰਸ਼ 288ਵੇਂ ਦਿਨ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਲਗਾਤਾਰ ਜਾਰੀ ਹੈ। ਇਸ ਮੌਕੇ ਦਲਜੀਤ ਸਿੰਘ ਸਵੈਚ, ਹਰਮਿੰਦਰ ਸਿੰਘ ਅਤੇ ਜਗਜੀਤ ਸਿੰਘ ਨੇ ਬੀਤੇ ਦਿਨੀਂ ਭਾਜਪਾ ਆਗੂ ਹਰਜੀਤ ਗਰੇਵਾਲ ਵੱਲੋਂ ਕਿਸਾਨਾਂ ਨੂੰ ਗੁੰਡਾ ਕਹਿਣ ਤੇ ਅਪਸ਼ਬਦ ਬੋਲਣ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਕਿਸਾਨੀ ਅੰਦੋਲਨ ਕਾਰਨ ਮੋਦੀ ਸਰਕਾਰ ਸਾਰੀ ਦੁਨੀਆਂ ਵਿਚ ਬਦਨਾਮੀ ਖੱਟ ਚੁੱਕੀ ਹੈ ਅਤੇ ਮੋਦੀ ਹਕੂਮਤ ਦੀ ਖੱਲ ਬਚਾਉਣ ਲਈ ਭਾਜਪਾ ਆਗੂ ਜਾਣਬੁੱਝ ਕੇ ਪੰਜਾਬ ਤੇ ਦੇਸ਼ ਦਾ ਮਾਹੌਲ ਖ਼ਰਾਬ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਵਪਾਰੀਆਂ ਦਾ ਸਟਾਕ ਸੀਮਤ ਕਰਨ ਦਾ ਐਲਾਨ ਕਿਸਾਨ ਸੰਘਰਸ਼ ਦੀ ਅੰਸ਼ਕ ਜਿੱਤ ਹੈ। ਕਿਸਾਨਾਂ ਨੇ ਕਿਹਾ ਕਿ ਖੇਤੀ ਕਾਨੂੰਨ ਸਾਡੇ ਦੇਸ਼ ਤੇ ਲੋਕਾਂ ਲਈ ਕਾਲਾ ਸਮਾਂ ਲੈ ਕੇ ਆ ਰਹੇ ਹਨ, ਪਰ ਖੇਤੀ ਮੰਤਰੀ ਕਹਿੰਦੇ ਹਨ ਕਿ ਕਾਨੂੰਨਾਂ ਤੋਂ ਬਿਨਾਂ ਉਹ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹਨ, ਜਿਨ੍ਹਾਂ ਕਾਨੂੰਨਾਂ ਲਈ ਪਿਛਲੇ 7 ਮਹੀਨਿਆਂ ਤੋਂ ਕਿਸਾਨ ਬਾਰਡਰਾਂ ’ਤੇ ਰੁਲ ਰਹੇ ਹਨ, ਉਸ ਸਬੰਧੀ ਮੰਤਰੀ ਗੱਲਬਾਤ ਲਈ ਤਿਆਰ ਨਹੀਂ ਤਾਂ ਉਹ ਖੇਤੀ ਮੰਤਰੀ ਨਹੀਂ ਹੋ ਸਕਦਾ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ, ਉਹ ਲਗਾਤਾਰ ਸੰਘਰਸ਼ ਕਰਨਗੇ। ਇਸ ਮੌਕੇ ਕਸ਼ਮੀਰਾ ਸਿੰਘ, ਅਵਤਾਰ ਸਿੰਘ, ਹਰਜੀਤ ਸਿੰਘ ਤੇ ਸੁੱਖਾ ਸਿੰਘ ਆਦਿ ਹਾਜ਼ਰ ਸਨ।