ਗਗਨਦੀਪ ਅਰੋੜਾ
ਲੁਧਿਆਣਾ, 19 ਫਰਵਰੀ
ਜ਼ਿਲ੍ਹਾ ਲੁਧਿਆਣਾ ਦੇ 14 ਵਿਧਾਨ ਸਭਾ ਹਲਕਿਆਂ ਵਿੱਚ ਵੋਟਾਂ ਲਈ ਪ੍ਰਸ਼ਾਸਨ ਨੇ ਪੂਰੀਆਂ ਤਿਆਰੀਆਂ ਕਰ ਲਈਆਂ ਹਨ। ਲੁਧਿਆਣਾ ਦੇ ਪੋਲਿੰਗ ਬੂਥ ਵੋਟਾਂ ਲਈ ਪੂਰੀ ਸੈੱਟ ਹੋ ਗਏ ਹਨ। ਹੁਣ ਜ਼ਿਲ੍ਹੇ ਵਿੱਚ 175 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਭਵਿੱਖ ਅੱਜ ਵੋਟਰ ਤੈਅ ਕਰਨਗੇ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਰਿਦਰ ਕੁਮਾਰ ਸ਼ਰਮਾ ਨੇ ਦੱਸਿਆ ਲੁਧਿਆਣਾ ਜ਼ਿਲ੍ਹੇ ਵਿੱਚ 2965 ਪੋਲਿੰਗ ਸਟੇਸ਼ਨ ਹਨ, ਜਿੱਥੇ ਕੁੱਲ 26 ਲੱਖ 93 ਹਜ਼ਾਰ 131 ਵੋਟਰ ਹਨ, (14 ਲੱਖ 35 ਹਜ਼ਾਰ 595 ਪੁਰਸ਼, 12 ਲੱਖ 57 ਹਜ਼ਾਰ 408 ਔਰਤ ਤੇ 128 ਟਰਾਂਸਜੈਂਡਰ) ਆਪਣੀ ਵੋਟ ਦਾ ਅਧਿਕਾਰ ਵਰਤਣਗੇ। ਵੋਟਾਂ ਸਵੇਰੇ 8 ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇ ਵੋਟਰ ਆਪਣੀ ਵੋਟ ਦੀ ਵਰਤੋਂ ਕਰਨ ਲਈ ਇਨ੍ਹਾਂ ਵਿੱਚੋਂ ਕੋਈ ਵੀ ਸ਼ਨਾਖਤੀ ਕਾਰਡ ਨਾਲ ਆਪਣੀ ਪ੍ਰਮਾਣਿਤ ਵੋਟਰ ਸਲਿਪ ਲੈ ਕੇ ਆਉਣ ਤਾਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਵੋਟਰਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਂ ਲੱਭਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਹ ਆਪਣੀ ਫ੍ਰੈਂਚਾਇਜ਼ੀ ਦੀ ਸੁਤੰਤਰਤਾ ਨਾਲ ਵਰਤੋਂ ਕਰਨ ਵਿੱਚ ਮਦਦ ਕਰੇਗਾ। ਉਨ੍ਹਾਂ ਵੋਟਰਾਂ ਨੂੰ ਵੀ ਕਿਹਾ ਕਿ ਉਹ ਬਿਨਾਂ ਕਿਸੇ ਡਰ ਭੈਅ ਦੇ ਵੋਟ ਪਾਉਣ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਵੋਟਰ ਸਲਿੱਪਾਂ ਪਹਿਲਾਂ ਹੀ ਤਿਆਰ ਕੀਤੀਆਂ ਜਾ ਚੁੱਕੀਆਂ ਹਨ ਤਾਂ ਜੋ ਵੋਟਰ ਜਾਗਰੂਕਤਾ ਲਈ ਇਸ ਦੀ ਵਰਤੋਂ ਕੀਤੀ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਫੋਟੋ ਵੋਟਰ ਸਲਿੱਪ ਨੂੰ ਵੋਟਿੰਗ ਲਈ ਪਛਾਣ ਪੱਤਰ ਵਜੋਂ ਸਵੀਕਾਰ ਨਹੀਂ ਕੀਤਾ ਜਾਵੇਗਾ।
82 ਕੰਪਨੀਆਂ ਤੇ 5000 ਪੁਲੀਸ ਮੁਲਾਜ਼ਮਾਂ ਦੇ ਹੱਥ ਹੋਵੇਗੀ ਸੁਰੱਖਿਆ
ਲੁਧਿਆਣਾ: ਉਨ੍ਹਾਂ ਦੱਸਿਆ ਕਿ ਚੋਣਾਂ ਨੂੰ ਸ਼ਾਂਤਮਈ, ਆਜ਼ਾਦ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਲੁਧਿਆਣਾ ਵਿੱਚ ਕੇਂਦਰੀ ਅਰਧ ਸੈਨਿਕ ਬਲਾਂ ਦੀਆਂ 82 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ, ਇਸ ਦੇ ਨਾਲ ਹੀ 5000 ਦੇ ਕਰੀਬ ਪੁਲੀਸ ਮੁਲਾਜ਼ਮ ਸੁਰੱਖਿਆ ਵਿੱਚ ਤਾਇਨਾਤ ਰਹਿਣਗੇ। ਉਨ੍ਹਾਂ ਕਿਹਾ ਕਿ ਤਿੰਨ ਵਿਧਾਨ ਸਭਾ ਹਲਕਿਆਂ ਲੁਧਿਆਣਾ (ਦੱਖਣੀ), ਆਤਮ ਨਗਰ ਅਤੇ ਲੁਧਿਆਣਾ (ਕੇਂਦਰੀ) ਵਿੱਚ 100 ਫ਼ੀਸਦੀ ਪੋਲਿੰਗ ਬੂਥਾਂ ’ਤੇ ਕੇਂਦਰੀ ਅਰਧ ਸੈਨਿਕ ਬਲ ਤਾਇਨਾਤ ਕੀਤੇ ਗਏ ਹਨ, ਜਦਕਿ ਗਿੱਲ ਹਲਕੇ ਦੇ ਕੁਝ ਹਿੱਸਿਆਂ ਵਿੱਚ ਸਖ਼ਤ ਚੌਕਸੀ ਰੱਖੀ ਜਾਵੇਗੀ, ਜਿੱਥੇ ਕੁਝ ਦਿਨ ਪਹਿਲਾਂ ਅਣਸੁਖਾਵੀਂ ਘਟਨਾ ਵਾਪਰੀ ਸੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦੇ ਬਾਕੀ ਹਲਕਿਆਂ ਵਿੱਚ ਕੇਂਦਰੀ ਅਰਧ ਸੈਨਿਕ ਬਲ, ਹਰੇਕ ਹਲਕੇ ਵਿੱਚ 5 ਕੁਇਕ ਰੀਐਕਸ਼ਨ ਟੀਮਾਂ ਅਤੇ ਹੋਰ ਫੋਰਸ ਤਾਇਨਾਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਟੀਮਾਂ ਦੀ ਅਗਵਾਈ ਨੀਮ ਫੌਜੀ ਬਲਾਂ ਦੇ ਸੀਨੀਅਰ ਕਮਾਂਡੈਂਟ ਪੱਧਰ ਦੇ ਅਧਿਕਾਰੀ, ਡੀਸੀਪੀ ਪੱਧਰ, ਏਡੀਸੀਪੀ, ਐੱਸਪੀ ਪੱਧਰ, ਏਸੀਪੀ, ਡੀਐਸਪੀ ਪੱਧਰ ਦੇ ਅਧਿਕਾਰੀ ਕਰਨਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 235 ਸੈਕਟਰ ਅਫ਼ਸਰ ਤੇ ਮੈਜਿਸਟ੍ਰੇਟ ਵੀ ਤਾਇਨਾਤ ਕੀਤੇ ਗਏ ਹਨ ਅਤੇ ਉਨ੍ਹਾਂ ਦੇ ਨਾਲ ਪੁਲੀਸ ਮੁਲਾਜ਼ਮ ਅਤੇ ਵੀਡੀਓਗ੍ਰਾਫਰ ਵੀ ਹੋਣਗੇ। ਇਹ ਟੀਮਾਂ ਆਪੋ-ਆਪਣੇ ਪੋਲਿੰਗ ਬੂਥਾਂ ’ਤੇ ਗਸ਼ਤ ਕਰਦੀਆਂ ਰਹਿਣਗੀਆਂ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੀ।
ਗੁੰਡਾਗਰਦੀ ਨਹੀਂ ਹੋਵੇਗੀ ਬਰਦਾਸ਼ਤ
ਲੁਧਿਆਣਾ: ਡੀਸੀ ਨੇ ਚੇਤਾਵਨੀ ਦਿੱਤੀ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਗੁੰਡਾਗਰਦੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਉਹ ਅਜਿਹੇ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰਨ ਤੋਂ ਵੀ ਪਿੱਛੇ ਨਹੀਂ ਹਟਣਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਕੋਈ ਵਿਅਕਤੀ ਧੱਕਾ ਕਰਕੇ ਜ਼ਿਲ੍ਹਾ ਲੁਧਿਆਣਾ ਦੇ ਕਿਸੇ ਵੀ ਹਿੱਸੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਜਿਹੇ ਵਿਅਕਤੀਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ।
ਇਹ ਪਛਾਣ ਪੱਤਰ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ
ਲੁਧਿਆਣਾ: ਸਥਾਨਕ ਪੀਏਯੂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਸੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਵੋਟਰਾਂ ਨੂੰ ਆਪਣੀ ਵੋਟ ਪਾਉਣ ਲਈ ਐਪਿਕ ਜਾਂ 11 ਬਦਲਵੇਂ ਪਛਾਣ ਦਸਤਾਵੇਜ਼ਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਹੈ। ਐਪਿਕ ਤੋਂ ਇਲਾਵਾ, ਜਿਸ ਨੂੰ ਆਮ ਭਾਸ਼ਾ ਵਿੱਚ ਵੋਟਰ ਕਾਰਡ ਵਜੋਂ ਜਾਣਿਆ ਜਾਂਦਾ ਹੈ, ਭਾਰਤ ਚੋਣ ਕਮਿਸ਼ਨ ਦੁਆਰਾ ਨਿਰਧਾਰਤ ਹੋਰ 11 ਬਦਲਵੇਂ ਸ਼ਨਾਖਤੀ ਕਾਰਡ ਵਿੱਚ ਪਾਸਪੋਰਟ, ਡਰਾਈਵਿੰਗ ਲਾਇਸੈਂਯ, ਕੇਂਦਰ ਤੇ ਰਾਜ ਸਰਕਾਰ, ਪੀਐੱਸਯੂ, ਪਬਲਿਕ ਲਿਮਟਿਡ ਕੰਪਨੀਆਂ ਵਲੋਂ ਕਰਮਚਾਰੀਆਂ ਨੂੰ ਜਾਰੀ ਫੋਟੋਗ੍ਰਾਫ ਵਾਲਾ ਸਰਵਿਸ ਸ਼ਨਾਖਤੀ ਕਾਰਡ, ਬੈਂਕ ਤੇ ਪੋਸਟ ਆਫਿਸ ਵਲੋਂ ਜਾਰੀ ਫੋਟੋਗ੍ਰਾਫ ਵਾਲੀ ਪਾਸਬੁੱਕ, ਪੈਨ ਕਾਰਡ, ਐੱਨਪੀਆਰ ਤਹਿਤ ਆਰਜੀਆਈ ਵੱਲੋਂ ਜਾਰੀ ਸਮਾਰਟ ਕਾਰਡ, ਮਨਰੇਗਾ ਕਾਰਡ, ਕਿਰਤ ਮੰਤਰਾਲੇ ਵੱਲੋਂ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਫੋਟੋਗ੍ਰਾਫ ਵਾਲਾ ਪੈਨਸ਼ਨ ਦਸਤਾਵੇਜ਼, ਐੱਮਪੀ, ਵਿਧਾਇਕ, ਐੱਮਐੱਲਸੀ ਵੱਲੋਂ ਜਾਰੀ ਅਧਿਕਾਰਤ ਪਛਾਣ ਪੱਤਰ ਅਤੇ ਆਧਾਰ ਕਾਰਡ ਸ਼ਾਮਲ ਹਨ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਸਭ ਤੋਂ ਪ੍ਰਮਾਣਿਕ ਅਤੇ ਤਰਜੀਹੀ ਪਛਾਣ ਪੱਤਰ ਜੋ ਕਿ ਪਹਿਲੀ ਪਸੰਦ ਵਜੋਂ ਏਪਿਕ ਜਾਂ ਵੋਟਰ ਸ਼ਨਾਖਤੀ ਕਾਰਡ ਹੋਵੇ, ਨਾਲ ਰੱਖਣ ਕਿਉਂਕਿ 100 ਫ਼ੀਸਦ ਵੋਟਰਾਂ ਨੂੰ ਪਹਿਲਾਂ ਹੀ ਉਨ੍ਹਾਂ ਦੇ ਏਪਿਕ ਜਾਂ ਵੋਟਰ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ।
ਚੋਣ ਅਮਲਾ ਸਮੱਗਰੀ ਲੈ ਕੇ ਬੂਥਾਂ ’ਤੇ ਪੁੱਜਿਆ
ਰਾਏਕੋਟ,(ਪੱਤਰ ਪ੍ਰੇਰਕ): ਵਿਧਾਨਸਭਾ ਚੋਣਾਂ ਲਈ ਹਲਕਾ ਰਾਏਕੋਟ-69 (ਰਿਜ਼ਰਵ) ਦੇ ਵੱਖ ਵੱਖ ਬੂਥਾਂ ਲਈ ਚੋਣ ਅਮਲੇ ਦੀਆਂ ਟੀਮਾਂ ਨੂੰ ਅੱਜ ਚੋਣਕਾਰ ਕਮ ਐੱਸਡੀਐੱਮ ਗੁਰਵੀਰ ਸਿੰਘ ਕੋਹਲੀ ਵੱਲੋਂ ਚੋਣ ਸਮੱਗਰੀ ਦੇ ਕੇ ਚੋਣ ਬੂਥਾਂ ਲਈ ਰਵਾਨਾ ਕਰ ਦਿੱਤਾ ਗਿਆ। ਇਸ ਸਬੰਧੀ ਸਥਾਨਕ ਐੱਸਜੀਜੀ ਸਕੂਲ ਵਿੱਚ ਇਕੱਤਰ ਚੋਣ ਅਮਲੇ ਨੂੰ ਚੋਣ ਸਮੱਗਰੀ ਜਾਰੀ ਕਰਨ ਲਈ ਵੱਖ ਵੱਖ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ, ਜਿੱਥੇ ਚੋਣ ਅਮਲੇ ਦੇ ਅਧਿਕਾਰੀਆਂ ਨੂੰ ਚੋਣ ਕਰਵਾਉਣ ਲਈ ਈਵੀਐਮ ਤੋਂ ਇਲਾਵਾ ਹੋਰ ਚੋਣ ਸਮੱਗਰੀ ਜਾਰੀ ਕੀਤੀ ਗਈ ਅਤੇ ਚੋਣ ਬੂਥਾਂ ’ਤੇ ਸੁਰੱਖਿਆ ਪ੍ਰਬੰਧਾਂ ਲਈ ਪੁਲੀਸ ਫੋਰਸ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਚੋਣਕਾਰ ਅਫਸਰ ਗੁਰਵੀਰ ਸਿੰਘ ਕੋਹਲੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਰਾਏਕੋਟ ਵਿੱਚ ਕੁੱਲ 156301 ਵੋਟਰ ਹਨ। ਹਲਕੇ ਵਿੱਚ ਕੁੱਲ 188 ਪੋਲਿੰਗ ਬੂਥ ਹਨ, ਜੋ ਕਿ 107 ਇਮਰਾਤਾਂ ਵਿੱਚ ਸਥਾਪਤ ਕੀਤੇ ਜਾਣਗੇ ਅਤੇ ਜੋ ਕਿ ਸਾਰੇ ਹੀ ਸੈਟੇਲਾਈਟ ਨਾਲ ਜੁੜੇ ਹੋਣਗੇ ਅਤੇ ਸਾਰੇ ਹੀ ਬੂਥਾਂ ’ਤੇ ਵੈੱਬ ਕਾਸਟਿੰਗ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 12 ਪੋਲਿੰਗ ਬੂਥਾਂ ਨੂੰ ਸੰਵੇਦਨਸ਼ੀਲ ਮੰਨਦੇ ਹੋਏ ਵਾਧੂ ਵਿਸ਼ੇਸ਼ ਸੁਰੱਖਿਆ ਬਲ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅੰਗਹੀਣ ਵੋਟਰਾਂ ਦੀ ਸਹੂਲਤ ਲਈ ਬੂਥਾਂ ਦੇ ਐੱਨਜੀਓ ਦੇ ਸਹਿਯੋਗ ਨਾਲ ਵ੍ਹੀਲ ਚੇਅਰ ਦਾ ਵੀ ਪ੍ਰਬੰਧ ਹੋਵੇਗਾ। ਉਨ੍ਹਾਂ ਦੱਸਿਆ ਕਿ 20 ਫਰਵਰੀ ਨੂੰ ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ। 6 ਵਜੇ ਤੱਕ ਪੋਲਿੰਗ ਬੂਥਾਂ ਅੰਦਰ ਪੁੱਜ ਚੁੱਕੇ ਵੋਟਰ ਆਪਣੀ ਵੋਟ ਦੀ ਵਰਤੋਂ ਕਰ ਸਕਣਗੇ। ਉਨ੍ਹਾਂ ਕਿਹਾ ਕਿ ਜੋ ਵੋਟਰ ਸ਼ਾਮ ਛੇ ਵਜੇ ਤੋਂ ਪਹਿਲਾਂ ਬੂਥ ਵਿੱਚ ਪਹੁੰਚ ਜਾਵੇਗਾ ਉਸ ਦੀ ਵੋਟ ਹਰ ਹਾਲਤ ਵਿੱਚ ਪਾਈ ਜਾਵੇਗੀ। ਇਸ ਤੋਂ ਇਲਾਵਾ ਬੂਥਾਂ ਤੇ ਵੀਵੀ ਪੈਟ ਮਸ਼ੀਨਾਂ ਵੀ ਲਗਾਈਆਂ ਜਾਣਗੀਆਂ।