ਸੰਤੋਖ ਗਿੱਲ
ਗੁਰੂਸਰ ਸੁਧਾਰ, 27 ਜੂਨ
ਥਾਣਾ ਸੁਧਾਰ ਅਧੀਨ ਪਿੰਡ ਕੈਲੇ ਦੇ ਗੁਰਪਾਲ ਸਿੰਘ ਨੇ ਸੁਧਾਰ ਪੁਲੀਸ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿੱਚ ਦੋ ਨੌਜਵਾਨਾਂ ਵੱਲੋਂ ਉਸ ਦੇ ਪੁੱਤਰ ਜਤਿੰਦਰ ਸਿੰਘ (32) ਨੂੰ ਨਸ਼ੇ ਦਾ ਟੀਕਾ ਲਾ ਕੇ ਮਾਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ ਹੈ। ਕਸਬਾ ਸੁਧਾਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਪਿਛਲੇ 12 ਦਿਨ ਤੋਂ ਜ਼ਿੰਦਗੀ-ਮੌਤ ਦੀ ਲੜਾਈ ਲੜ ਰਹੇ ਜਤਿੰਦਰ ਸਿੰਘ ਦੇ ਪਿਤਾ ਨੇ ਦੱਸਿਆ ਕਿ 16 ਜੂਨ ਨੂੰ ਪਿੰਡ ਕੈਲੇ ਅਤੇ ਹਲਵਾਰਾ ਦੇ ਦੋ ਨੌਜਵਾਨ ਉਨ੍ਹਾਂ ਦੇ ਪੁੱਤਰ ਨੂੰ ਮੋਟਰਸਾਈਕਲ ਉੱਪਰ ਬਿਠਾ ਪੱਖੋਵਾਲ ਨੂੰ ਲੈ ਗਏ ਸਨ। ਉਨ੍ਹਾਂ ਦੋਸ਼ ਲਾਇਆ ਜਤਿੰਦਰ ਸਿੰਘ ਨੇ ਆਪਣੇ ਏਟੀਐੱਮ ਰਾਹੀਂ ਇੱਕ ਹਜ਼ਾਰ ਰੁਪਏ ਕਢਵਾਏ ਸਨ। ਇਸ ਤੋਂ ਬਾਅਦ ਦੋਵੇਂ ਨੌਜਵਾਨ ਜਤਿੰਦਰ ਸਿੰਘ ਨੂੰ ਰਸਤੇ ਵਿੱਚ ਹੀ ਛੱਡ ਕੇ ਕਿਧਰੇ ਚਲੇ ਗਏ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿੰਡ ਦਾ ਇੱਕ ਵਿਅਕਤੀ ਜ਼ਖ਼ਮੀ ਹਾਲਤ ਵਿੱਚ ਜਤਿੰਦਰ ਸਿੰਘ ਨੂੰ ਘਰ ਛੱਡ ਗਿਆ ਸੀ। ਜ਼ਖ਼ਮੀ ਜਤਿੰਦਰ ਸਿੰਘ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਉਸ ਨੂੰ ਗੰਭੀਰ ਹਾਲਤ ਕਾਰਨ ਲੁਧਿਆਣਾ ਅਤੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਇਲਾਜ ਭੇਜਿਆ ਗਿਆ, ਪਰ ਉਹ ਹਾਲੇ ਵੀ ਗੰਭੀਰ ਹਾਲਤ ਵਿੱਚ ਇਲਾਜ ਅਧੀਨ ਹੈ। ਉਨ੍ਹਾਂ ਦੋਸ਼ ਲਾਇਆ ਕਿ ਸ਼ਿਕਾਇਤ ਦੇ ਬਾਵਜੂਦ ਸੁਧਾਰ ਪੁਲੀਸ ਨੇ ਕਾਰਵਾਈ ਨਹੀਂ ਕੀਤੀ। ਥਾਣਾ ਸੁਧਾਰ ਦੇ ਮੁਖੀ ਜਸਵਿੰਦਰ ਸਿੰਘ ਨੇ ਕਿਹਾ ਕਿ ਪਿਤਾ ਦੇ ਬਿਆਨ ਹਾਸਲ ਕਰ ਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।