ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 23 ਅਗਸਤ
ਪ੍ਰਾਈਮ ਮਿਲਕ ਡੇਅਰੀ ਲਤਾਲਾ ਦੇ ਮੈਨੇਜਰ ਜਗਜੀਤ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਜੋਧਾਂ ਦੀ ਪੁਲੀਸ ਨੇ ਪਿੰਡ ਆਂਡਲੂ ਵਾਸੀ ਮਨਦੀਪ ਸਿੰਘ ਪੁੱਤਰ ਗੁਰਨਾਮ ਸਿੰਘ ਅਤੇ ਉਸ ਦੇ ਅੱਧੀ ਦਰਜਨ ਸਾਥੀਆਂ ਖ਼ਿਲਾਫ਼ ਕੁੱਟਮਾਰ ਅਤੇ ਲੁੱਟ-ਖੋਹ ਦਾ ਕੇਸ ਦਰਜ ਕੀਤਾ ਹੈ। ਜਗਜੀਤ ਸਿੰਘ ਨੇ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਮਨਦੀਪ ਸਿੰਘ ਪ੍ਰਾਈਮ ਮਿਲਕ ਡੇਅਰੀ ਵਿੱਚ ਜੇਸੀਬੀ ਅਪਰੇਟਰ ਵਜੋਂ ਕੰਮ ਕਰਦਾ ਸੀ ਪਰ ਕੰਮ ਤਸੱਲੀਬਖ਼ਸ਼ ਨਾ ਹੋਣ ਕਾਰਨ ਉਸ ਨੂੰ ਨੌਕਰੀ ਤੋਂ ਹਟਾ ਦਿੱਤਾ ਗਿਆ। ਇਸੇ ਰੰਜ਼ਿਸ਼ ਤਹਿਤ ਮਨਦੀਪ ਸਿੰਘ ਨੇ ਅੱਧੀ ਦਰਜਨ ਸਾਥੀਆਂ ਨਾਲ ਮਿਲ ਕੇ ਮੈਨੇਜਰ ਦੀ ਕੁੱਟਮਾਰ ਕੀਤੀ ਅਤੇ ਨਕਦੀ ਅਤੇ ਸੋਨੇ ਦੇ ਗਹਿਣੇ ਲੁੱਟ ਕੇ ਫ਼ਰਾਰ ਹੋ ਗਏ। ਥਾਣੇਦਾਰ ਦਲਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਭਾਲ ਲਈ ਛਾਪੇ ਮਾਰੇ ਜਾ ਰਹੇ ਹਨ।