ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 14 ਜੂਨ
ਦਿ ਕਲਾਸ ਫੋਰ ਗੌਰਮਿੰਟ ਐਂਪਲਾਈਜ਼ ਯੂਨੀਅਨ ਦੀ ਦਫ਼ਤਰ ਨਗਰ ਸੁਧਾਰ ਟਰੱਸਟ ਸ਼ਾਖਾ ਦੇ ਵਫ਼ਦ ਨੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਨਾਲ ਮੁਲਾਜ਼ਮ ਮੰਗਾਂ ਦੇ ਹੱਲ ਲਈ ਮੁਲਾਕਾਤ ਕੀਤੀ। ਇਸ ਮੌਕੇ ਵਫ਼ਦ ਨੇ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਇੱਕ ਮੰਗ ਪੱਤਰ ਵੀ ਸੌਂਪਿਆ।
ਇਸ ਦੌਰਾਨ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਨੇ ਜਥੇਬੰਦੀ ਦੇ ਪ੍ਰਧਾਨ ਜਸਪਾਲ ਸਿੰਘ ਅਤੇ ਸਾਥੀਆਂ ਨੂੰ ਉਨ੍ਹਾਂ ਦੀਆਂ ਮੰਗਾਂ ਜਲਦੀ ਮੰਨਣ ਦਾ ਭਰੋਸਾ ਦਿੱਤਾ। ਵਿਧਾਇਕ ਗੋਗੀ ਨੇ ਕਿਹਾ ਕਿ ਉਹ ਇਨ੍ਹਾਂ ਮੰਗਾਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲਬਾਤ ਕਰਨਗੇ।
ਜਥੇਬੰਦੀ ਦੇ ਪ੍ਰਧਾਨ ਜਸਪਾਲ ਸਿੰਘ ਨੇ ਦੱਸਿਆ ਕਿ ਮੰਗ ਪੱਤਰ ਵਿੱਚ ਕਲਾਸ ਫੋਰ ਮੁਲਾਜ਼ਮਾਂ ਨੂੰ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਲਾਟ ਦੇਣ ਦੀ ਮੰਗ ਪੂਰੀ ਕਰਨ ਅਤੇ ਆ ਰਹੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ ਗਿਆ ਹੈ। ਇਸ ਮੌਕੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜ਼ਿਲ੍ਹਾ ਜਰਨਲ ਸਕੱਤਰ ਸੁਰਿੰਦਰ ਸਿੰਘ ਬੈਂਸ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ, ਆਮ ਵਰਤੋਂ ਦੀਆਂ ਵਸਤੂਆਂ ਦੀ ਵਧ ਰਹੀ ਕੀਮਤ ਨੂੰ ਧਿਆਨ ਵਿੱਚ ਰੱਖਦੇ ਹੋਏ ਡੀਏ ਦੀਆਂ ਕਿਸ਼ਤਾਂ ਅਤੇ ਬਕਾਇਆ ਦਿੱਤਾ ਜਾਵੇ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਵੀ ਕੀਤੀ ਗਈ।
ਇਸ ਮੌਕੇ ਘਨ੍ਹਈਆ ਲਾਲ, ਕਰਨ ਬਹਾਦਰ, ਹੇਮਾ ਕਾਂਤ, ਸੁਖਦੇਵ ਸਿੰਘ ਡਾਂਗੋਂ, ਰਣਜੀਤ ਸਿੰਘ ਮੁਲਾਂਪੁਰ ਅਤੇ ਚਰਨਜੀਤ ਸਿੰਘ ਆਦਿ ਵੀ ਹਾਜ਼ਰ ਸਨ।