ਮਾਛੀਵਾੜਾ
ਸਥਾਨਕ ਮਾਡਲ ਟਾਊਨ ਕਲੋਨੀ ਨੇੜੇ ਬਣੇ ਕਮਰੇ ਵਿਚੋਂ ਕੱਲ੍ਹ ਬਾਅਦ ਦੁਪਹਿਰ ਸ਼ੱਕੀ ਹਾਲਾਤ ਵਿਚ 2 ਨੌਜਵਾਨਾਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਪੁਲੀਸ ਵਲੋਂ ਇਸ ਮਾਮਲੇ ਵਿਚ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਅੱਜ ਇਸ ਸਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਡੀਐੱਸਪੀ ਸਮਰਾਲਾ ਤਰਲੋਚਨ ਸਿੰਘ ਅਤੇ ਥਾਣਾ ਮੁਖੀ ਭਿੰਦਰ ਸਿੰਘ ਖੰਗੂੜਾ ਨੇ ਦੱਸਿਆ ਕਿ ਮ੍ਰਿਤਕਾਂ ਦੇ ਮੋਬਾਈਲ ਵੀ ਕਬਜ਼ੇ ’ਚ ਲਏ ਗਏ ਹਨ ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮੋਬਾਈਲ ਤੋਂ ਕੁਝ ਅਜਿਹਾ ਸੁਰਾਗ ਹੱਥ ਲੱਗਾ ਹੈ ਜਿਸ ਤੋਂ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ ਕਿ ਇਨ੍ਹਾਂ ਦੋਵਾਂ ਨੇ ਖੁਦਕੁਸ਼ੀ ਕੀਤੀ ਪਰ ਪੁਖਤਾ ਸਬੂਤ ਮਿਲਣ ਤੋਂ ਬਾਅਦ ਉਹ ਇਸ ਮਾਮਲੇ ਬਾਰੇ ਦੱਸ ਸਕਣਗੇ। ਦੂਸਰੇ ਪਾਸੇ ਪੁਲੀਸ ਨੇ ਮ੍ਰਿਤਕ ਨੌਜਵਾਨ ਦੀਪਕ ਕੁਮਾਰ ਤੇ ਵਿਜੈ ਕੁਮਾਰ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀਆਂ ਹਨ। -ਪੱਤਰ ਪ੍ਰੇਰਕ