ਗੁਰਿੰਦਰ ਸਿੰਘ
ਲੁਧਿਆਣਾ, 30 ਅਗਸਤ
ਲੋਕ ਇਨਸਾਫ਼ ਪਾਰਟੀ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਬਹੁਕਰੋੜੀ ਘਪਲੇ ਦੇ ਵਿਰੋਧ ਵਿੱਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਰਖ਼ਾਸਤ ਕਰ ਕੇ ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਇੱਥੇ ਦੱਸਿਆ ਕਿ 1 ਸੰਤਬਰ ਨੂੰ ਜ਼ਿਲ੍ਹਾ ਪੱਧਰ ’ਤੇ ਡਿਪਟੀ ਕਮਿਸ਼ਨਰਾਂ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ ਜਾਵੇਗਾ। ਜੇ ਕੋਈ ਕਾਰਵਾਈ ਨਾ ਹੋਈ ਤਾਂ ਦਲਿਤ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਨਾਲ ਲੈ ਕੇ 7 ਸੰਤਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਜੱਦੀ ਰਿਹਾਇਸ਼ ਪਟਿਆਲਾ ਸਥਿਤ ਮੋਤੀ ਮਹਿਲ ਘੇਰਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਇੱਕ ਰੋਜ਼ਾ ਸੈਸ਼ਨ ਦੌਰਾਨ ਉਨ੍ਹਾਂ ਤੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਸ ਮਸਲੇ ’ਤੇ ਬਿਆਨ ਦੇਣ ਲਈ ਕਿਹਾ ਪਰ ਉਨ੍ਹਾਂ ਕੋਈ ਬਿਆਨ ਨਹੀਂ ਦਿੱਤਾ। ਇਸ ’ਤੇ ਉਨ੍ਹਾਂ ਵਿਰੋਧ ਕਰਦੇ ਹੋਏ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ।
ਉਨ੍ਹਾਂ ਕਿਹਾ ਕਿ ਇਕ ਇਮਾਨਦਾਰ ਅਧਿਕਾਰੀ ਐਡੀਸ਼ਨਲ ਚੀਫ ਸੈਕਟਰੀ ਕਿਰਪਾ ਸ਼ੰਕਰ ਨੇ ਰਿਪੋਰਟ ਪੇਸ਼ ਕਰ ਕੇ ਪੰਜਾਬ ਦੇ ਮੰਤਰੀ ਉੱਪਰ ਕੇਂਦਰ ਸਰਕਾਰ ਵੱਲੋਂ ਦਲਿਤ ਵਿਦਿਆਰਥੀਆਂ ਨੂੰ ਦਿੱਤੇ ਫੰਡਾਂ ਸਬੰਧੀ ਘਪਲੇ ਦੇ ਦੋਸ਼ ਲਾਏ ਹਨ। ਉਨ੍ਹਾਂ ਦੱਸਿਆ ਕਿ ਇਹ ਸਾਰਾ ਮਸਲਾ ਸ੍ਰੀ ਸ਼ੰਕਰ ਨੇ ਚੀਫ਼ ਸੈਕਟਰੀ ਕਰਨ ਅਵਤਾਰ ਸਿੰਘ ਕੋਲ ਪੇਸ਼ ਕੀਤਾ। ਇਸ ’ਤੇ ਕਾਰਵਾਈ ਕਰਦੇ ਹੋਏ 19 ਸਤੰਬਰ 2019 ਨੂੰ ਡਿਪਟੀ ਡਾਇਰੈਕਟਰ ਪਰਮਿੰਦਰ ਗਿੱਲ ਨੂੰ ਮੁਅੱਤਲ ਕਰਨ ਦੇ ਹੁਕਮ ਕਰਦੇ ਹਨ, ਪਰ ਦੋ ਦਿਨ ਬਾਲਦ ਹੀ ਮੰਤਰੀ ਸਾਧੂ ਸਿੰਘ ਧਰਮਸੋਤ ਉਨ੍ਹਾਂ ਹੁਕਮਾਂ ਨੂੰ ਰੱਦ ਕਰਦੇ ਹੋਏ ਜਾਂਚ ਬਾਰੇ ਕਹਿੰਦੇ ਹਨ।