ਨਿੱਜੀ ਪੱਤਰ ਪ੍ਰੇਰਕ
ਖੰਨਾ, 2 ਸਤੰਬਰ
ਇੱਥੋਂ ਦੇ ਤਹਿਸੀਲ ਕੰਪਲੈਕਸ ਵਿੱਚ ਅੱਜ ਪੰਜਾਬ ਨੰਬਰਦਾਰ ਯੂਨੀਅਨ ਦੇ ਮੈਂਬਰਾਂ ਦੀ ਇੱਕਤਰਤਾ ਭੁਪਿੰਦਰ ਸਿੰਘ ਹਰਿਓ ਕਲਾਂ ਦੀ ਪ੍ਰਧਾਨਗੀ ਹੇਠਾਂ ਹੋਈ ਜਿਸ ਵਿੱਚ ਨੰਬਰਦਾਰਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਦਿਨੋਂ ਦਿਨ ਵਧ ਰਹੀਆਂ ਲੁੱਟ ਖੋਹ ਦੀਆਂ ਵਾਰਦਾਤਾਂ ’ਤੇ ਸਰਕਾਰ ਨੂੰ ਨੱਥ ਪਾਉਣੀ ਚਾਹੀਦੀ ਹੈ। ਇਸ ਤੋਂ ਇਲਾਵਾ ਆਵਾਰਾ ਪਸ਼ੂਆਂ ਦੀ ਭਰਮਾਰ ਕਾਰਨ ਕਿਸਾਨਾਂ ਅਤੇ ਰਾਹਗੀਰਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਨੰਬਰਦਾਰ ਮਹਿੰਦਰ ਸਿੰਘ ਨਵਾਂ ਪਿੰਡ ਨੂੰ 15 ਅਗਸਤ ਵਾਲੇ ਦਿਨ ਸਨਮਾਨਿਤ ਕਰਨ ’ਤੇ ਧੰਨਵਾਦ ਕੀਤਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਨੰਬਰਦਾਰਾਂ ਦਾ ਮਾਣ ਭੱਤਾ ਹਰਿਆਣਾ ਦੀ ਤਰਜ਼ ’ਤੇ ਵਧਾਇਆ ਜਾਵੇ, ਨੰਬਰਦਾਰੀ ਜੱਦੀ ਪੁਸ਼ਤੀ ਕੀਤੀ ਜਾਵੇ, ਮੈਡੀਕਲ ਕੈਸ਼ਲੈਸ ਕੀਤਾ ਜਾਵੇ, ਬੱਸ ਸਫਰ ਮੁਫ਼ਤ ਕੀਤਾ ਜਾਵੇ ਆਦਿ। ਮੀਟਿੰਗ ਵਿੱਚ ਕੰਗਨਾ ਰਣੌਤ ਵੱਲੋਂ ਕਿਸਾਨਾਂ ਖਿਲਾਫ਼ ਕੀਤੀ ਬਿਆਨਬਾਜ਼ੀ ਦੀ ਨਿਖੇਧੀ ਕੀਤੀ ਗਈ। ਇਸ ਮੌਕੇ ਸੁਖਦੇਵ ਸਿੰਘ, ਫਤਹਿ ਸਿੰਘ, ਬਲਵਿੰਦਰ ਸਿੰਘ, ਰਾਜ ਕਮਲ, ਬਹਾਦਰ ਸਿੰਘ, ਪਰਮਿੰਦਰ ਸਿੰਘ, ਪਰਮਜੀਤ ਕੌਰ, ਮੇਵਾ ਸਿੰਘ, ਮਹਿੰਦਰ ਸਿੰਘ ਆਦਿ ਹਾਜ਼ਰ ਸਨ।