ਚਰਨਜੀਤ ਸਿੰਘ ਢਿੱਲੋਂ
ਜਗਰਾਉਂ, 3 ਅਗਸਤ
ਇਥੇ ਤਹਿਸੀਲ ਅਤੇ ਜੁਡੀਸ਼ਲ ਕੋਰਟ ਕੰਪਲੈਕਸ, ਏ.ਡੀ.ਸੀ ਅਤੇ ਐੱਸ.ਡੀ.ਐੱਮ ਸਣੇ ਹੋਰਨਾਂ ਅਧਿਕਾਰੀਆਂ ਦੇ ਦਫ਼ਤਰਾਂ ਬਾਹਰ ਖੜ੍ਹੇ ਮੀਂਹ ਦੇ ਪਾਣੀ ਕਾਰਨ ਸੜਕ ਨੇ ਛੱਪੜ ਦਾ ਰੂਪ ਧਾਰਿਆ ਹੋਇਆ ਹੈ। ਇਸ ਰਸਤੇ ਰਾਹੀਂ ਰੋਜ਼ਾਨਾ ਉੱਚ-ਪ੍ਰਸ਼ਾਸਨਿਕ ਅਧਿਕਾਰੀ ਆਪਣੇ ਦਫਤਰਾਂ ਨੂੰ ਆਉਂਦੇ-ਜਾਂਦੇ ਹਨ, ਪਰ ਫਿਰ ਵੀ ਸਰਵਿਸ ਰੋਡ ’ਤੇ ਪਾਣੀ ਦੀ ਨਿਕਾਸੀ ਦਾ ਕੋਈ ਹੱਲ ਨਹੀਂ ਕੱਢਿਆ ਜਾ ਰਿਹਾ। ਪ੍ਰਸ਼ਾਸਨ ਨਾਲ ਸਬੰਧਤ ਸਾਰੇ ਦਫਤਰ ਅਤੇ ਮੁੱਖ ਬੱਸ ਟਰਮੀਨਲ ਇਸੇ ਸੜਕ ’ਤੇ ਹੋਣ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਦੱਸਣਯੋਗ ਹੈ ਕਿ ਪਾਣੀ ਦੀ ਨਿਕਾਸੀ ਨਾ ਹੋਣ ਦਾ ਅਸਲ ਕਾਰਨ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ਦਾ ਨਵੀਂਨੀਕਰਨ ਵਾਲੀ ਕੰਪਨੀ ਹੈ। ਇਸ ਮਾਰਗ ’ਤੇ ਨਾਨਕਸਰ ਤੋਂ ਲੈ ਕੇ ਬੱਸ ਟਰਮੀਨਲ ਤੱਕ ਚਾਰ ਪੁਲ ਉਸਾਰੇ ਗਏ ਹਨ, ਜਿਨ੍ਹਾਂ ਦੇ ਦੋਵੇਂ ਪਾਸੇ ਸਰਵਿਸ ਰੋਡ ’ਤੇ ਪਾਣੀ ਦੀ ਨਿਕਾਸੀ ਲਈ ਉਚਿਤ ਪ੍ਰਬੰਧ ਨਹੀਂ ਕੀਤੇ ਗਏ। ਜਦੋਂ ਮੀਂਹ ਪੈਂਦਾ ਹੈ ਤਾਂ ਇਥੇ ਕਈ-ਕਈ ਦਿਨ ਪਾਣੀ ਖੜ੍ਹਾ ਰਹਿੰਦਾ ਹੈ। ਸ਼ਹਿਰ ਦੀਆਂ ਸਮਾਜ-ਸੇਵੀ ਸੰਸਥਾਵਾਂ ਦੇ ਆਗੂ ਪ੍ਰੋ.ਕਰਮ ਸਿੰਘ ਸੰਧੂ, ਸਤਪਾਲ ਸਿੰਘ ਗਰੇਵਾਲ ਤੇ ਜੋਗਿੰਦਰ ਆਜ਼ਾਦ ਨੇ ਪ੍ਰਸ਼ਾਸਨ ਨੂੰ ਨਿਕਾਸੀ ਦੇ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ। ਇਸ ਸਬੰਧੀ ਉਪ-ਮੰਡਲ ਮੈਜਿਸਟਰੇਟ ਵਿਕਾਸ ਹੀਰਾ ਨੇ ਕਿਹਾ ਕਿ ਉਹ ਨਵੇਂ ਆਏ ਹਨ ਤੇ ਛੇਤੀ ਹੀ ਸਮੱਸਿਆ ਸਬੰਧੀ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਗੱਲ ਕਰਨਗੇ।
ਦੋਰਾਹਾ ਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ
ਦੋਰਾਹਾ (ਪੱਤਰ ਪ੍ਰੇਰਕ): ਇਥੋਂ ਦੇ ਵਾਰਡ ਨੰਬਰ-8 ਵਿੱਚ ਖੜ੍ਹਦੇ ਗੰਦੇ ਪਾਣੀ ਤੋਂ ਪ੍ਰੇਸ਼ਾਨ ਲੋਕਾਂ ਨੇ ਅੱਜ ਨਗਰ ਕੌਂਸਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਇਲਾਕੇ ਦੇ ਲੋਕਾਂ ਨੇ ਕਿਹਾ ਕਿ ਗੰਦੇ ਪਾਣੀ ਕਾਰਨ ਹਰ ਸਮੇਂ ਕਿਸੇ ਭਿਆਨਕ ਬਿਮਾਰੀ ਦੇ ਫੈਲਣ ਦਾ ਡਰ ਬਣਿਆ ਰਹਿੰਦਾ ਹੈ ਅਤੇ ਇਸ ਵਿਚੋਂ ਲੰਘਣਾ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਈ ਵਾਰ ਨਗਰ ਕੌਂਸਲ ਨੂੰ ਸ਼ਿਕਾਇਤ ਕੀਤੀ ਜਾ ਚੁੱਕੀ ਹੈ, ਪਰ ਹਾਲੇ ਤੱਕ ਕੋਈ ਸੁਣਵਾਈ ਨਹੀਂ ਹੋਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਰਾਣਾ ਕੂੰਨਰ, ਇੰਦਰਜੀਤ ਸਿੰਘ ਅਤੇ ਸੁਖਵਿੰਦਰ ਸਿੰਘ ਨੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਮੰਗ ਕੀਤੀ ਕਿ ਇਸ ਇਲਾਕੇ ਵਿਖੇ ਸੀਵਰੇਜ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ।