ਨਿੱਜੀ ਪੱਤਰ ਪ੍ਰੇਰਕ
ਖੰਨਾ, 2 ਅਗਸਤ
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਪਿਛਲੇ ਲੰਬੇ ਸਮੇਂ ਤੋਂ ਮਾਮੂਲੀ ਤਨਖਾਹਾਂ ’ਤੇ ਠੇਕਾ ਆਧਾਰਤ ਨੌਕਰੀ ਕਰਦੇ ਮਗਨਰੇਗਾ ਮੁਲਾਜ਼ਮਾਂ ਵੱਲੋਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਅਣਮਿੱਥੇ ਸਮੇਂ ਦੀ ਆਰੰਭੀ ਹੜਤਾਲ ਲਗਾਤਾਰ ਜਾਰੀ ਹੈ। ਇਸ ਕਾਰਨ ਪਿੰਡਾਂ ਵਿਚ ਵਿਕਾਸ ਕਾਰਜ ਬਿਲਕੁੱਲ ਠੱਪ ਹੋ ਕੇ ਰਹਿ ਗਏ ਹਨ ਅਤੇ 18 ਲੱਖ ਮਗਨਰੇਗਾ ਮਜ਼ਦੂਰਾਂ ਦਾ ਰੁਜ਼ਗਾਰ ਖ਼ਤਮ ਹੋ ਗਿਆ। ਇਸ ਮੌਕੇ ਨਿਰਭੈ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਪਰ ਹੁਣ ਸਰਕਾਰ ਟੱਸ ਤੋਂ ਮੱਸ ਹੁੰਦੀ ਵਿਖਾਈ ਨਹੀਂ ਦਿੰਦੀ। ਉਨ੍ਹਾਂ ਕਿਹਾ ਕਿ ਮਗਨਰੇਗਾ ਕਰਮਚਾਰੀ ਸੰਘਰਸ਼ ਨੂੰ ਤਿੱਖਾ ਕਰਦਿਆਂ 5 ਅਗਸਤ ਨੂੰ ਕੈਬਨਿਟ ਸਬ ਕਮੇਟੀ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦਾ ਘਿਰਾਓ ਕਰਨਗੇ ਅਤੇ 9 ਅਗਸਤ ਨੂੰ ਬ੍ਰਹਮ ਮਹਿੰਦਰਾ ਦੀ ਪਟਿਆਲਾ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਹਰਸਿਮਰਨ ਸਿੰਘ, ਗੌਰਵ ਵਰਮਾ, ਸੁਮਨਜੀਤ ਸਿੰਘ, ਗੁਰਵਿੰਦਰ ਸਿੰਘ, ਚਰਨ ਸਿੰਘ, ਸ਼ਮਿੰਦਰ ਸਿੰਘ ਆਦਿ ਹਾਜ਼ਰ ਸਨ।