ਸਤਵਿੰਦਰ ਬਸਰਾ
ਲੁਧਿਆਣਾ, 3 ਅਗਸਤ
ਪੀਏਯੂ ਦੇ ਗੇਟ ਨੰਬਰ ਇੱਕ ਦੇ ਬਾਹਰ ਰੋਸ ਧਰਨਾ ਦੇ ਰਹੇ ਵਿਦਿਆਰਥੀਆਂ ਨੇ ਅੱਜ ਬੱਸਾਂ ਦੇ ਸ਼ੀਸ਼ੇ ਸਾਫ ਕਰਕੇ ਅਨੋਖੇ ਢੰਗ ਨਾਲ ਆਪਣਾ ਰੋਸ ਪ੍ਰਗਟਾਇਆ। ਇਨ੍ਹਾਂ ਵਿਦਿਆਰਥੀਆਂ ਦਾ ਸਮਰਥਨ ਕਰਨ ਲਈ ਸੀਨੀਅਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅੱਜ ਤੜਕੇ ਡੇਢ ਵਜੇ ਧਰਨੇ ਵਾਲੀ ਥਾਂ ’ਤੇ ਪਹੁੰਚੇ। ਕਿਸਾਨ ਆਗੂ ਨੇ ਵਿਦਿਆਰਥੀਆਂ ਨੂੰ ਕਾਲੀਆਂ ਝੰਡੀਆਂ ਲੈ ਕੇ ਸ਼ਾਂਤਮਈ ਰੋਸ ਧਰਨਾ ਦੇਣ ਦੀ ਸਲਾਹ ਦਿੱਤੀ। ਇਹ ਵਿਦਿਆਰਥੀ ਸੂਬੇ ਦੇ ਖੇਤੀਬਾੜੀ ਅਤੇ ਬਾਗਬਾਨੀ ਵਿਭਾਗ ਵਿੱਚ ਖਾਲੀ ਅਸਾਮੀਆਂ ਭਰਨ ਦੀ ਮੰਗ ਕਰ ਰਹੇ ਹਨ। ਰੋਸ ਧਰਨੇ ਦੇ ਅੱਜ ਸੱਤਵੇਂ ਦਿਨ ਵਿਦਿਆਰਥੀਆਂ ਨੇ ਲੁਧਿਆਣਾ-ਫਿਰੋਜ਼ਪੁਰ ਰੋਡ ’ਤੇ ਬੱਸਾਂ ਦੇ ਸ਼ੀਸ਼ੇ ਸਾਫ਼ ਕਰਕੇ ਆਪਣਾ ਰੋਸ ਪ੍ਰਗਟਾਇਆ। ਵਿਦਿਆਰਥੀਆਂ ਨੇ ਕਿਹਾ ਕਿ ਪ੍ਰੀਖਿਆਵਾਂ ਦੇ ਬਾਵਜੂਦ ਉਹ ਪਿਛਲੇ ਕਈ ਦਿਨਾਂ ਤੋਂ ਦਿਨ-ਰਾਤ ਧਰਨਾ ਦੇ ਰਹੇ ਹਨ ਪਰ ਕਿਸੇ ਵੀ ਅਧਿਕਾਰੀ ਨੇ ਉਨ੍ਹਾਂ ਦੀ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਸੂਬੇ ਦੇ ਖੇਤੀਬਾੜੀ ਵਿਭਾਗ ਅਤੇ ਬਾਗਬਾਨੀ ਵਿਭਾਗ ਵਿੱਚ ਪਿਛਲੇ ਲੰਬੇ ਸਮੇਂ ਤੋਂ ਅਸਾਮੀਆਂ ਖਾਲੀ ਪਈਆਂ ਹਨ। ਮੌਜੂਦਾ ਸੂਬਾ ਸਰਕਾਰ ਵੱਲੋਂ ਹਰ ਵੱਡੇ ਪਿੰਡ ਵਿੱਚ ਖੇਤੀਬਾੜੀ ਮਾਸਟਰ ਲਗਾਉਣ ਦਾ ਵਾਅਦਾ ਕੀਤਾ ਸੀ ਪਰ ਹੁਣ ਇਸ ਵਾਅਦੇ ਤੋਂ ਸਰਕਾਰ ਭੱਜਦੀ ਨਜ਼ਰ ਆ ਰਹੀ ਹੈ। ਦੂਜੇ ਪਾਸੇ ਬੁੱਧਵਾਰ ਤੜਕੇ ਕਰੀਬ ਡੇਢ ਵਜੇ ਸੀਨੀਅਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੀ ਉਨ੍ਹਾਂ ਨੂੰ ਸਮਰਥਨ ਦੇਣ ਪਹੁੰਚੇ। ਉਹ ਚੰਡੀਗੜ੍ਹ ਵਿਖੇ ਮੰਗਲਵਾਰ ਰਾਤ ਕਰੀਬ 10 ਵਜੇ ਖਤਮ ਹੋਈ ਮੀਟਿੰਗ ਤੋਂ ਸਿੱਧੇ ਲੁਧਿਆਣਾ ਧਰਨੇ ਵਾਲੀ ਥਾਂ ’ਤੇ ਪਹੁੰਚੇ ਸਨ। ਸੀਨੀਅਰ ਕਿਸਾਨ ਆਗੂ ਨੇ ਵਿਦਿਆਰਥੀਆਂ ਨੂੰ ਧਰਨਾ ਸ਼ਾਂਤਮਈ ਰੱਖਣ ਅਤੇ ਕਾਲੀਆਂ ਝੰਡੀਆਂ ਨਾਲ ਰੋਸ ਪ੍ਰਗਟਾਉਣ ਦੀ ਸਲਾਹ ਦਿੱਤੀ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਕਿ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਲੈ ਕਿ 10-11 ਅਗਸਤ ਤੱਕ ਉਨ੍ਹਾਂ ਵੱਲੋਂ ਅਹਿਮ ਫ਼ੈਸਲਾ ਲਿਆ ਜਾ ਸਕਦਾ ਹੈ।