ਖੇਤਰੀ ਪ੍ਰਤੀਨਿਧ
ਲੁਧਿਆਣਾ, 6 ਸਤੰਬਰ
ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਸਮੁੱਚੇ ਪੰਜਾਬ ਵਿੱਚ ਸਕੂਲ ਪੱਧਰ ’ਤੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕਣ ਦੇ ਦਿੱਤੇ ਗਏ ਸੱਦੇ ਅਨੁਸਾਰ ਅੱਜ ਮਾਂਗਟ-3 ਬਲਾਕ ਦਫਤਰ ਰਾਮਗੜ੍ਹ ਵਿੱਚ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਜਗਜੀਤ ਸਿੰਘ ਮਾਨ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਵੀ ਪਹਿਲੀਆਂ ਰਿਵਾਇਤੀ ਪਾਰਟੀਆਂ ਦੀ ਸਰਕਾਰਾਂ ਦੇ ਰਾਹ ’ਤੇ ਹੀ ਚੱਲ ਰਹੀ ਹੈ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਸਾਂਝੀਆਂ ਅਧਿਆਪਕ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ ਲਾਰਾ ਲਾਊ ਪਹੁੰਚ ਅਪਣਾ ਕੇ ਹੀ ਸਮਾਂ ਲੰਘਾ ਰਹੀ ਹੈ। ਇਸ ਮੌਕੇ ਉਨ੍ਹਾਂ ਸਾਂਝੇ ਅਧਿਆਪਕ ਮੋਰਚੇ ਦੀਆਂ ਮੰਗਾਂ ਸਬੰਧੀ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੂਬਾਈ ਆਗੂ ਪ੍ਰਭਜੀਤ ਸਿੰਘ ਰਸੂਲਪੁਰ ਨੇ ਮੰਗ ਕੀਤੀ ਕਿ ਅਧਿਆਪਕਾਂ/ਮੁਲਾਜ਼ਮਾਂ ਦੀਆ ਤਨਖਾਹਾਂ ਤੇ ਜ਼ਬਾਨੀ ਹੁਕਮਾਂ ਰਾਹੀਂ ਲਗਾਈ ਪਾਬੰਦੀ ਖ਼ਤਮ ਕੀਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਅਤੇ ਹਰ ਪ੍ਰਕਾਰ ਦੇ ਕੱਚੇ ਅਧਿਆਪਕਾਂ ਨੂੰ ਬਿਨਾਂ ਸ਼ਰਤ ਤੁਰੰਤ ਰੈਗੂਲਰ ਕੀਤਾ ਜਾਵੇ। ਸਾਂਝੇ ਅਧਿਆਪਕ ਮੋਰਚੇ ਦੇ ਆਗੂਆਂ ਨੇ ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੀ 10 ਸਤੰਬਰ ਦੀ ਸੰਗਰੂਰ ਸੂਬਾਈ ਰੈਲੀ ਵਿੱਚ ਸਮੂਹ ਮੁਲਾਜ਼ਮਾਂ ਨੂੰ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਅਮਨ ਖੇੜਾ, ਜਸਵਿੰਦਰ ਸਿੰਘ ਭਾਗਪੁਰ, ਗੁਰਦੀਪ ਸਿੰਘ ਮੀਉਂਵਾਲ, ਗੁਰਮੁੱਖ ਸਿੰਘ ਪੰਜੇਟਾ, ਅੰਕੁਸ਼ ਕੁਮਾਰ, ਸੰਦੀਪ ਫਾਜਿਲਕਾ, ਰਾਕੇਸ਼ ਕੁਮਾਰ ਰਾਣਾ ਵੀ ਹਾਜ਼ਰ ਸਨ।