ਮੰਗਾਂ ਮੰਨਣ ਤੱਕ ਫਾਰਮ ਅੱਗੇ ਹੀ ਬੈਠਣ ਦਾ ਐਲਾਨ
ਖੇਤਰੀ ਪ੍ਰਤੀਨਿਧ
ਲੁਧਿਆਣਾ, 14 ਸਤੰਬਰ
ਗੂਗਲ ਮੀਟ ਰਾਹੀਂ ਹੋਈ ਮੀਟਿੰਗ ਵਿੱਚ ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ ਦੀ ਸੂਬਾ ਕਮੇਟੀ ਨੇ 2018 ਦੇ ਨੋਟੀਫ਼ਿਕੇਸ਼ਨ ਤਹਿਤ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦੀ ਮੰਗ ਸਬੰਧੀ 19 ਸਤੰਬਰ ਨੂੰ ਪਰਿਵਾਰਾਂ ਸਮੇਤ ਕਾਲੇ ਚੋਲੇ ਪਾ ਕੇ ਮੁੱਖ ਮੰਤਰੀ ਦੇ ਸਿਸਵਾਂ ਸਥਿਤ ਨਿਵਾਸ ਵੱਲ ਕੂਚ ਕਰਨ ਦਾ ਫ਼ੈਸਲਾ ਕੀਤਾ ਹੈ। ਲੰਮੇ ਸਮੇਂ ਤੱਕ ਚੱਲੀ ਇਸ ਮੀਟਿੰਗ ਵਿੱਚ ਇਸ ਗੱਲ ਨੂੰ ਸਰਬਸੰਮਤੀ ਨਾਲ ਪ੍ਰਵਾਨ ਕੀਤਾ ਗਿਆ ਕਿ ਜਦੋਂ ਤੱਕ ਪੰਜਾਬ ਸਰਕਾਰ ਵੱਲੋਂ ਸਾਲ 2018 ਦਾ ਨੋਟੀਫ਼ਿਕੇਸ਼ਨ ਜਾਰੀ ਕਰਕੇ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਨਹੀਂ ਕਰ ਦਿੱਤਾ ਜਾਂਦਾ ਉਦੋਂ ਤੱਕ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ ਘਰ ਵਾਪਸੀ ਨਹੀਂ ਕਰਨਗੇ। ਅਧਿਆਪਕ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਐੱਸ.ਐੱਸ.ਏ./ਰਮਸਾ ਦੇ ਅਧਿਆਪਕਾਂ ਨੂੰ ਇੱਕ ਪਾਲਿਸੀ ਬਣਾ ਕੇ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰ ਦਿੱਤਾ ਗਿਆ ਸੀ ਪਰ ਸਰਕਾਰ ਵੱਲੋਂ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਇਸ ਪਾਲਿਸੀ ਤਹਿਤ ਸਿੱਖਿਆ ਵਿਭਾਗ ਵਿੱਚ ਰੈਗੂਲਰ ਨਹੀਂ ਕੀਤਾ ਗਿਆ। ਯੂਨੀਅਨ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਬਾਠ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਓ.ਐੱਸ.ਡੀ. ਵੱਲੋਂ ਦਿੱਤਾ ਗਿਆ ਭਰੋਸਾ ਸਿਰਫ਼ ਭਰੋਸਾ ਹੀ ਹੋ ਨਿੱਬੜਿਆ ਹੈ।