ਸਤਵਿੰਦਰ ਬਸਰਾ
ਲੁਧਿਆਣਾ, 29 ਅਗਸਤ
ਮੀਂਹ ਦੇ ਬਾਵਜੂਦ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕ ਅੱਜ ਵੀ ਥਾਪਰ ਹਾਲ ਅੱਗੇ ਧਰਨੇ ’ਤੇ ਡਟੇ ਰਹੇ। ਧਰਨੇ ਦੇ ਅੱਠਵੇਂ ਦਿਨ ਸੰਬੋਧਨ ਕਰਦਿਆਂ ਅਧਿਆਪਕ ਆਗੂਆਂ ਨੇ ਲੰਬੇ ਸਮੋਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਮੰਨਵਾਉਣ ਲਈ ’ਵਰਸਿਟੀ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਵੱਖ ਵੱਖ ਅਧਿਆਪਕ ਆਗੂਆਂ ਨੇ ਕਿਹਾ ਕਿਹਾ ਉਹ ਸੋਧੇ ਹੋਏ ਤਨਖਾਹ ਦੇ ਬਕਾਏ ਦਾ ਭੁਗਤਾਨ ਕਰਨ, ਸੋਧੇ ਹੋਏ ਭੱਤੇ ਅਤੇ ਗਰੈਚੁਟੀ ਦੇਣ, ਪੁਰਾਣੀ ਪੈਨਸ਼ਨ ਸਕੀਮ ਨੂੰ ਦੁਬਾਰਾ ਲਾਗੂ ਕਰਨ, ਬੇਸਿਕ ਪੇਅ ਨੋਟੀਫਿਕੇਸ਼ਨ ਨੂੰ ਵਾਪਸ ਲੈਣ ਅਤੇ ਪੇਅ ਸਮਾਨਤਾ ਦਾ ਹੱਲ ਕਰਨ, ਮਹਿੰਗਾਈ ਭੱਤੇ ਦੀਆਂ ਬਕਾਇਆ ਰਹਿੰਦੀਆਂ ਤਿੰਨ ਕਿਸ਼ਤਾਂ ਜਾਰੀ ਕਰਨ ਅਤੇ 1-1-2016 ਤੋਂ ਪਹਿਲਾਂ ਸੇਵਾ ਮੁਕਤ ਹੋਏ ਅਧਿਆਪਕਾਂ ਨੂੰ ਸੋਧੀਆਂ ਪੈਨਸ਼ਨਾਂ ਜਾਰੀ ਕਰਨ ਦੀ ਮੰਗ ਕਰ ਰਹੇ ਹਨ। ਉਹ ਆਪਣੀਆਂ ਉਕਤ ਮੰਗਾਂ ਸਬੰਧੀ ਕਈ ਵਾਰ ’ਵਰਸਿਟੀ ਪ੍ਰਸਾਸ਼ਨ, ਸਰਕਾਰ ਦੇ ਨੁਮਾਇੰਦਿਆਂ ਨੂੰ ਜਾਣੂ ਕਰਵਾ ਚੁੱਕੇ ਹਨ ਪਰ ਹਾਲਾਂ ਤੱਕ ਇਸ ਪਾਸੇ ਕੋਈ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਸਬੰਧੀ ਟਾਲਮਟੌਲ ਵਾਲੀ ਨੀਤੀ ਨਾ ਛੱਡੀ ਗਈ ਤਾਂ ਅਧਿਆਪਕ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋ ਜਾਣਗੇ। ਇਸ ਲਈ ਜੇਕਰ ਸੜਕਾਂ ’ਤੇ ਆਉਣਾ ਵੀ ਪਿਆ ਤਾਂ ਉਹ ਗੁਰੇਜ਼ ਨਹੀਂ ਕਰਨਗੇ।
ਇਸ ਰੋਸ ਧਰਨੇ ਵਿੱਚ ਪੀਏਯੂ ਦੇ ਮੌਜੂਦਾ ਅਧਿਆਪਕਾਂ ਤੋਂ ਇਲਾਵਾ ਸਾਬਕਾ ਅਧਿਆਪਕ, ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਅਧਿਆਪਕ ਵੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ। ਇਸ ਮੌਕੇ ਪੀਏਯੂ ਟੀਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ. ਮਨਦੀਪ ਸਿੰਘ ਗਿੱਲ, ਜਨਰਲ ਸਕੱਤਰ ਡਾ. ਗੁਰਮੀਤ ਸਿੰਘ ਢੇਰੀ ਤੋਂ ਇਲਾਵਾ ਹੋਰ ਕਈ ਅਧਿਆਪਕ ਆਗੂਆਂ ਨੇ ਵੀ ਸੰਬੋਧਨ ਕੀਤਾ।
ਸਕੂਲਾਂ ਵਿੱਚ ਖੇਤੀਬਾੜੀ ਅਧਿਆਪਕ ਭਰਤੀ ਕਰਨ ਦੀ ਮੰਗ
ਲੁਧਿਆਣਾ (ਖੇਤਰੀ ਪ੍ਰਤੀਨਿਧ): ਸਰਕਾਰੀ ਸਕੂਲਾਂ ਵਿੱਚ ਖੇਤੀਬਾੜੀ ਅਧਿਆਪਕਾਂ ਦੀ ਭਰਤੀ ਸਬੰਧੀ ਮੁੱਖ ਮੰਤਰੀ ਵੱਲੋਂ ਕੀਤੇ ਵਾਅਦੇ ਨੂੰ ਚੇਤੇ ਕਰਵਾਉਣ ਲਈ ਅੱਜ ਪੀਏਯੂ ਦੇ ਵਿਦਿਆਰਥੀਆਂ ਵੱਲੋਂ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀ ਆਗੂਆਂ ਨੇ ਕਿਹਾ ਕਿ ਜੇਕਰ ਵਾਅਦਾ ਪੂਰਾ ਨਾ ਕੀਤਾ ਗਿਆ ਤਾਂ ਜਲਦੀ ਹੀ ਤਰੀਕ ਦਾ ਐਲਾਨ ਕਰਕੇ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ। ਪੀਏਯੂ ਦੀ ਲਾਇਬ੍ਰੇਰੀ ਅੱਗੇ ਇਕੱਠੇ ਹੋਏ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪੀਏਯੂ ਵਿਦਿਆਰਥੀ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਵਿਧਾਨ ਸਭਾਂ ਚੋਣਾ ਤੋ ਪਹਿਲਾ ਬੀਐੱਸਸੀ, ਐਮਐਸਸੀ ਖੇਤੀਬਾੜੀ ਡਿਗਰੀ ਵਾਲਿਆਂ ਨੂੰ ਖੇਤਾਂ ਦੇ ਮਾਸਟਰ ਲਗਾਉਣ ਦਾ ਕੀਤਾ ਬਾਅਦ ਭੁਲਾ ਦਿੱਤਾ ਹੈ। ਸਰਕਾਰ ਸਕੂਲਾਂ ਵਿੱਚ ਖੇਤੀਬਾੜੀ ਅਧਿਆਪਕਾਂ ਦੀ ਭਰਤੀ ਨੂੰ ਬਹਾਲ ਕਰਨ ਤੋਂ ਇਨਕਾਰੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਅਣਦੇਖੀ ਵਿਰੁੱਧ ਅੱਜ ਵਿਦਿਆਰਥੀਆਂ ਨੇ ਸਹਿਮਤੀ ਦਿੱਤੀ ਕਿ ਜਲਦ ਧਰਨੇ ਦੀ ਤਰੀਕ ਤੈਅ ਕੀਤੀ ਜਾਵੇ ਤਾਂ ਜੋ ਸਕੂਲਾਂ ਵਿੱਚ ਖੇਤੀਬਾੜੀ ਅਧਿਆਪਕਾਂ ਦੀ ਭਰਤੀ ਬਹਾਲ ਕਰਾਈ ਜਾਵੇ।