ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 28 ਅਗਸਤ
ਜ਼ਿਲ੍ਹੇ ਵਿੱਚ ਵੱਧਦੇ ਕੇਸਾਂ ਕਾਰਨ ਸਿਹਤ ਵਿਭਾਗ ਤੇ ਸਰਕਾਰ ਵੱਲੋਂ ਕਰੋਨਾ ਟੈਸਟ ਵਧਾਏ ਜਾ ਰਹੇ ਹਨ, ਜਿਸ ਤਹਿਤ ਪਿੰਡ-ਪਿੰਡ ਜਾ ਕੇ ਸਿਹਤ ਟੀਮਾਂ ਲੋਕਾਂ ਦੀ ਜਾਂਚ ਕਰ ਰਹੀਆਂ ਹਨ। ਇਸ ਬਿਮਾਰੀ ਪ੍ਰਤੀ ਲੋਕਾਂ ’ਚ ਖੌਫ਼ ਐਨਾ ਦਿਖਾਈ ਦੇ ਰਿਹਾ ਹੈ ਕਿ ਕਈ ਪਿੰਡਾਂ ’ਚ ਲੋਕਾਂ ਵੱਲੋਂ ਕਰੋਨਾ ਟੈਸਟ ਕਰਵਾਉਣ ਤੋਂ ਕਿਨਾਰਾ ਕੀਤਾ ਜਾ ਰਿਹਾ ਹੈ। ਮਾਛੀਵਾੜਾ ਬਲਾਕ ਦੇ ਪਿੰਡ ਚਕਲੀ ਮੰਗਾ ਟੈਸਟ ਕਰਨ ਲਈ ਗਈ ਸਿਹਤ ਵਿਭਾਗ ਦੀ ਟੀਮ ਨੂੰ ਪਿੰਡ ਵਾਸੀਆਂ ਨੇ ਬੇਰੰਗ ਵਾਪਸ ਭੇਜ ਦਿੱਤਾ। ਦੂਸਰੇ ਪਾਸੇ ਕਈ ਪਿੰਡਾਂ ’ਚ ਇਹ ਹਾਲਾਤ ਹਨ ਕਿ ਲੋਕ ਬੇਖੌਫ਼ ਹੋ ਕੇ ਸਿਹਤ ਵਿਭਾਗ ਤੋਂ ਕਰੋਨਾ ਜਾਂਚ ਕਰਵਾ ਰਹੇ ਹਨ ਅਤੇ ਸਰਕਾਰ ਤੇ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਦੇ ਰਹੇ ਹਨ। ਸਿਹਤ ਵਿਭਾਗ ਵੱਲੋਂ ਲਏ ਗਏ ਕਰੋਨਾ ਸੈਂਪਲਾਂ ਤਹਿਤ ਅੱਜ ਵੀ ਮਾਛੀਵਾੜਾ ਇਲਾਕੇ ਵਿੱਚ ਕਰੋਨਾ ਦੇ ਤਿੰਨ ਮਾਮਲੇ ਸਾਹਮਣੇ ਆਏ ਹਨ। ਉਧਰ ਮਾਛੀਵਾੜਾ ਸਿਵਲ ਹਸਪਤਾਲ ਦੇ ਐੱਸਐੱਮਓ ਡਾ. ਜਸਪ੍ਰੀਤ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਦੇ ਨਿਰਦੇਸ਼ਾਂ ’ਤੇ ਉਨ੍ਹਾਂ ਦੀਆਂ ਟੀਮਾਂ ਪਿੰਡ-ਪਿੰਡ ਜਾ ਕੇ ਕੈਂਪ ਲਗਾ ਰਹੀਆਂ ਹਨ, ਜਿਸ ’ਚ ਕਰੋਨਾ ਸੈਂਪਲ ਲਏ ਜਾ ਰਹੇ ਹਨ ਤਾਂ ਜੋ ਕੋਈ ਮਰੀਜ਼ ਪਾਜ਼ੇਟਿਵ ਆਉਂਦਾ ਹੈ ਤਾਂ ਉਸ ਤੁਰੰਤ ਇਲਾਜ ਹੋ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਿਰਦੇਸ਼ ਹਨ ਕਿ ਰੋਜ਼ਾਨਾ ਵੱਧ ਤੋਂ ਵੱਧ ਟੈਸਟ ਕੀਤੇ ਜਾਣ ਕਿਉਂਕਿ ਕਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਜ਼ਰੂਰੀ ਹੈ ਕਿ ਮਰੀਜ਼ਾਂ ਦੀ ਪਛਾਣ ਕੀਤੀ ਜਾਵੇ।