ਖੇਤਰੀ ਪ੍ਰਤੀਨਿਧ
ਲੁਧਿਆਣਾ, 31 ਅਗਸਤ
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਚੰਡੀਗੜ੍ਹ ਦੀ ਲੁਧਿਆਣਾ ਇਕਾਈ ਦੀ ਮੀਟਿੰਗ ਸਥਾਨਕ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਚ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਧਾਨ ਹਰਬੰਸ ਸਿੰਘ ਪੰਧੇਰ ਨੇ ਕਿਹਾ ਕਿ 3 ਸਤੰਬਰ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਰੈਲੀ ਵਿੱਚ ਲੁਧਿਆਣਾ ਤੋਂ ਵੱਡੀ ਗਿਣਤੀ ਵਿੱਚ ਮੁਲਾਜ਼ਮ ਸ਼ਾਮਿਲ ਹੋਣਗੇ। ਮੀਟਿੰਗ ਦੌਰਾਨ ਫੈਡਰੇਸ਼ਨ ਦੇ ਪ੍ਰਮੁੱਖ ਆਗੂ ਚਰਨ ਸਿੰਘ ਸਰਾਭਾ, ਗੁਰਮੇਲ ਸਿੰਘ ਮੈਲਡੇ, ਜਗਮੇਲ ਸਿੰਘ ਪੱਖੋਵਾਲ, ਪ੍ਰਵੀਨ ਕੁਮਾਰ ਲੁਧਿਆਣਾ, ਜ਼ਿਲ੍ਹਾ ਜਰਨਲ ਸਕੱਤਰ ਸੁਰਿੰਦਰ ਸਿੰਘ ਬੈਂਸ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪੰਜਾਬ ਸਰਕਾਰ ਦੇ ਏਜੰਡੇ ’ਤੇ ਨਹੀਂ ਹਨ। ਇਸੇ ਲਈ ਵਾਰ ਵਾਰ ਮੀਟਿੰਗਾਂ ਦੇ ਪੱਤਰ ਜਾਰੀ ਕਰਨ ਦੇ ਬਾਵਜੂਦ ਮੀਟਿੰਗ ਨਹੀਂ ਕੀਤੀ ਗਈ। ਆਗੂਆਂ ਨੇ ਕਿਹਾ ਕਿ ਹੁਣ ਤਾਂ ਮੁੱਖ ਮੰਤਰੀ ਵੱਲੋਂ ਮੀਟਿੰਗ ਕਰਨ ਤੋਂ ਜਵਾਬ ਹੀ ਦੇ ਦਿੱਤਾ ਗਿਆ ਹੈ। ਹੁਣ 12 ਸਤੰਬਰ ਨੂੰ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਦਾ ਪੱਤਰ ਜਾਰੀ ਕਰ ਦਿੱਤਾ ਹੈ ਜਿਸ ਨੂੰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਵਤੀਰੇ ਵਿਰੁੱਧ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ 3 ਸਤੰਬਰ ਨੂੰ ਚੰਡੀਗੜ੍ਹ ਰੈਲੀ ਅਤੇ ਵਿਧਾਨ ਸਭਾ ਵੱਲ ਮਾਰਚ ਵਿੱਚ ਜ਼ਿਲ੍ਹਾ ਲੁਧਿਆਣਾ ਤੋਂ ਭਾਰੀ ਗਿਣਤੀ ਵਿੱਚ ਮੁਲਾਜ਼ਮ ਅਤੇ ਪੈਨਸ਼ਨਰਜ਼ ਸ਼ਾਮਲ ਹੋਣਗੇ।