ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 7 ਅਕਤੂਬਰ
ਵੱਖ-ਵੱਖ ਥਾਵਾਂ ਤੋਂ ਦੋ ਨਾਬਾਲਗ ਸਮੇਤ ਤਿੰਨ ਲੜਕੀਆਂ ਭੇਤ-ਭਰੀ ਹਾਲਤ ਵਿੱਚ ਲਾਪਤਾ ਹੋ ਗਈਆਂ ਹਨ ਜਦਕਿ ਪੁਲੀਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ। ਥਾਣਾ ਸਰਾਭਾ ਨਗਰ ਦੀ ਪੁਲੀਸ ਨੂੰ ਪਿੰਕ ਪਾਰਕ, ਬਾੜੇਵਾਲ ਰੋਡ ਵਾਸੀ ਚਮੇਲੀ ਪਤਨੀ ਲਲਤੂ ਨੇ ਦੱਸਿਆ ਕਿ ਉਸਦੀ ਲੜਕੀ (14) ਘਰੋਂ ਬਿਨਾਂ ਪੁੱਛੇ ਕਿਧਰੇ ਚਲੀ ਗਈ ਹੈ ਜਿਸਦੀ ਕਾਫ਼ੀ ਭਾਲ ਕੀਤੀ ਗਈ ਹੈ ਪਰ ਉਹ ਕਿਧਰੇ ਨਹੀਂ ਮਿਲੀ। ਉਸ ਨੇ ਸ਼ੱਕ ਪ੍ਰਗਟਾਇਆ ਕਿ ਲੜਕੀ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਨਿੱਜੀ ਸਵਾਰਥ ਲਈ ਆਪਣੀ ਨਾਜਾਇਜ਼ ਹਿਰਾਸਤ ਵਿੱਚ ਕਿਧਰੇ ਲੁਕਾ ਕੇ ਰੱਖਿਆ ਹੋਇਆ ਹੈ। ਇਸੇ ਤਰ੍ਹਾਂ ਥਾਣਾ ਮਾਡਲ ਟਾਊਨ ਦੀ ਪੁਲੀਸ ਨੂੰ ਮਨੋਹਰ ਨਗਰ ਵਾਸੀ ਦੀਪਕ ਕੁਮਾਰ ਨੇ ਦੱਸਿਆ ਕਿ ਉਸਦੀ ਭਾਣਜੀ ਮੁਸਕਾਨ (24) ਘਰੋਂ ਬਿਨਾਂ ਦੱਸੇ ਪੁੱਛੇ ਚਲੀ ਗਈ ਹੈ ਅਤੇ ਵਾਪਸ ਨਹੀਂ ਪਰਤੀ। ਉਸਦੀ ਕਾਫ਼ੀ ਭਾਲ ਕੀਤੀ ਗਈ ਹੈ ਪਰ ਉਹ ਕਿਧਰੇ ਨਹੀਂ ਮਿਲੀ। ਇੱਕ ਹੋਰ ਮਾਮਲੇ ਵਿੱਚ ਥਾਣਾ ਟਿੱਬਾ ਦੀ ਪੁਲੀਸ ਨੂੰ ਰੀਤਾ ਪਤਨੀ ਦਿਆ ਰਾਮ ਨੇ ਦੱਸਿਆ ਕਿ ਉਸ ਦੀ ਲੜਕੀ (14) ਘਰੋਂ ਬਿਨਾਂ ਦੱਸੇ ਕਿਧਰੇ ਚਲੀ ਗਈ ਜਿਸ ਦੀ ਕਾਫ਼ੀ ਭਾਲ ਕੀਤੀ ਗਈ ਪਰ ਉਹ ਕਿਧਰੇ ਨਹੀਂ ਮਿਲੀ। ਉਸਨੇ ਸ਼ੱਕ ਪ੍ਰਗਟਾਇਆ ਕਿ ਕਿਸੇ ਅਣਪਛਾਤੇ ਨੇ ਲੜਕੀ ਨੂੰ ਕਿਧਰੇ ਲੁਕਾ ਕੇ ਰੱਖਿਆ ਹੋਇਆ ਹੈ। ਇਨ੍ਹਾਂ ਮਾਮਲਿਆਂ ਸਬੰਧੀ ਪੁਲੀਸ ਵੱਲੋਂ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।