ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 14 ਮਾਰਚ
ਇਲਾਕੇ ਦੀਆਂ ਵੱਖ-ਵੱਖ ਜਨਤਕ ਜਥੇਬੰਦੀਆਂ ਦੀ ਮੀਟਿੰਗ ਇੱਥੇ ਸ਼ਹੀਦ ਨਛੱਤਰ ਸਿੰਘ ਯਾਦਗਾਰੀ ਹਾਲ ਵਿਚ ਹੋਈ ਜਿਸ ’ਚ ਸੰਗੀਨ ਧਾਰਾਵਾਂ ਦੇ ਮਾਮਲੇ ’ਚ ਨਾਮਜ਼ਦ ਡੀਐੱਸਪੀ ਤੇ ਤਿੰਨ ਹੋਰਨਾਂ ਦੀ ਗ੍ਰਿਫ਼ਤਾਰੀ ਨਾ ਹੋਣ ਦਾ ਮਾਮਲਾ ਵਿਚਾਰਿਆ ਗਿਆ। ਜਥੇਬੰਦੀਆਂ ਦੇ ਆਗੂਆਂ ਨੇ ਇਹ ਗ੍ਰਿਫ਼ਤਾਰੀ ਨਾ ਹੋਣ ਅਤੇ ਪੁਲੀਸ ਦੇ ਵਤੀਰੇ ਖ਼ਿਲਾਫ਼ ਰੋਸ ਵਜੋਂ 23 ਮਾਰਚ ਨੂੰ ਥਾਣੇ ਅੱਗੇ ਅਣਮਿਥੇ ਸਮੇਂ ਦਾ ਧਰਨਾ ਸ਼ੁਰੂ ਕਰਨ ਦਾ ਫ਼ੈਸਲਾ ਲਿਆ। ਜ਼ਿਕਰਯੋਗ ਹੈ ਕਿ ਪਹਿਲਾਂ ਵੀ ਇਹ ਅਣਮਿਥੇ ਸਮੇਂ ਦਾ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਬਾਅਦ ’ਚ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ।
ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ ਦੀ ਪ੍ਰਧਾਨਗੀ ਹੇਠ ਹੋਈ ਇਕੱਤਰਤਾ ’ਚ ਆਗੂ ਸਾਧੂ ਸਿੰਘ ਅੱਚਰਵਾਲ, ਮਨੋਹਰ ਸਿੰਘ ਝੋਰੜਾਂ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਆਗੂ ਜਸਦੇਵ ਸਿੰਘ ਲਲਤੋਂ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਨਿਰਮਲ ਸਿੰਘ ਧਾਲੀਵਾਲ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਮਾਣੂੰਕੇ, ਯੂਨੀਵਰਸਲ ਹਿਊਮਨ ਰਾਈਟਸ ਦੇ ਪ੍ਰਧਾਨ ਸਤਨਾਮ ਸਿੰਘ ਧਾਲੀਵਾਲ, ਆਲ ਇੰਡੀਆ ਟਰੇਡ ਯੂਨੀਅਨ ਦੇ ਆਗੂ ਜਗਦੀਸ਼ ਸਿੰਘ ਕਾਉਂਕੇ, ਬਲਵਿੰਦਰ ਸਿੰਘ ਪੋਨਾ, ਕਿਸਾਨ ਬਚਾਓ ਮੋਰਚਾ ਦੇ ਬੂਟਾ ਸਿੰਘ ਮਲਕ ਆਦਿ ਸ਼ਾਮਲ ਹੋਏ। ਆਗੂਆਂ ਨੇ ਕਿਹਾ ਕਿ ਲੰਘੀ 24 ਜਨਵਰੀ ਨੂੰ ਪੁਲੀਸ ਅਧਿਕਾਰੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦਾ ਵਾਅਦਾ ਕਰ ਕੇ ਮੁਨਕਰ ਹੋ ਗਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਸ ਕੇਸ ’ਚ ਡੀਐੱਸਪੀ ਦੀ ਥਾਂ ਕੋਈ ਆਮ ਬੰਦਾ ਹੁੰਦਾ ਤਾਂ ਪੁਲੀਸ ਹਰਕਤ ’ਚ ਆ ਚੁੱਕੀ ਹੁੰਦੀ।