ਖੇਤਰੀ ਪ੍ਰਤੀਨਿਧ
ਲੁਧਿਆਣਾ, 16 ਨਵੰਬਰ
ਪ੍ਰਗਤੀਸ਼ੀਲ ਲੇਖਕ ਸੰਘ ਲੁਧਿਆਣਾ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਭਾਈ ਬਾਲਾ ਚੌਕ ਲੁਧਿਆਣਾ ਵਿੱਚ ਸ਼ਹੀਦ ਦੇ ਬੁੱਤ ਨੇੜੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਦੇ ਹੱਕ ਵਿੱਚ ਰਚਨਾਵਾਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਪ੍ਰਗਤੀਸ਼ੀਲ ਲੇਖਕ ਸੰਘ ਦੇ ਪ੍ਰਧਾਨ ਸੁਰਿੰਦਰ ਕੈਲੇ ਅਤੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਆਖਿਆ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਸਭ ਤੋਂ ਪਹਿਲਾਂ ਸਾਮਰਾਜਵਾਦ ਮੁਰਦਾਬਾਦ ਦਾ ਨਾਅਰਾ ਬੁਲੰਦ ਕਰਦਿਆਂ ਸ਼ਹਾਦਤ ਦਾ ਜਾਮ ਪੀਆ ਸੀ। ਉੱਘੇ ਚਿੰਤਕ ਬਲਕੌਰ ਸਿੰਘ ਗਿੱਲ ਨੇ ਆਖਿਆ ਕਿ ਪੰਜਾਬ ਦੇ ਲੋਕ ਸਰਾਭੇ ਦੀ ਕੁਰਬਾਨੀ ਤੋਂ ਪ੍ਰੇਰਨਾ ਲੈ ਕੇ ਸਫ਼ਲ ਸੰਘਰਸ਼ ਦੀ ਤਿਆਰੀ ਵਿਚ ਹਨ। ਇਸ ਤੋਂ ਇਲਾਵਾ ਸਿੱਖਿਆ ਸ਼ਾਸਤਰੀ ਚਰਨ ਸਿੰਘ ਸਰਾਭਾ ਅਤੇ ਮਨਿੰਦਰ ਸਿੰਘ ਭਾਟੀਆ ਨੇ ਵੀ ਸੰਬੋਧਨ ਕੀਤਾ। ਸਮਾਗਮ ਵਿੱਚ ਬਲਵਿੰਦਰ ਔਲਖ ਗਲੈਕਸੀ ਨੇ ਮੋਦੀ ਸਰਕਾਰ ’ਤੇ ਚੋਟ ਕਰਦੀ ਨਜ਼ਮ ਸੁਣਾਈ। ਤਰਲੋਚਨ ਝਾਂਡੇ ਨੇ ਗ਼ਜ਼ਲ, ਭਗਾਵਾਨ ਢਿੰਲੋਂ ਨੇ ਨਜ਼ਮ, ਕੁਲਵਿੰਦਰ ਕਿਰਨ, ਕਰਮਜੀਤ ਗਰੇਵਾਲ ਆਦਿ ਨੇ ਆਪਣੀਆਂ ਰਚਨਾਵਾਂ ਸਾਝੀਆਂ ਕੀਤੀਆਂ।
ਇਸੇ ਦੌਰਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਨ ਗ਼ਦਰੀ ਸ਼ਹੀਦ ਬਾਬਾ ਭਾਨ ਸਿੰਘ ਯਾਦਗਾਰ ਸੁਨੇਤ (ਲੁਧਿਆਣਾ) ਵਿੱਚ ਮਨਾਇਆ ਗਿਆ। ਇਸ ਮੌਕੇ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸ਼ਹੀਦ ਸਰਾਭਾ ਦੀ ਫੋਟੋ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਇੱਥੇ ਸਥਾਪਤ ਸ਼ਹੀਦ ਦੇ ਆਦਮ ਕੱਦ ਬੁੱਤ ਨੂੰ ਹਾਰ ਪਾ ਕਿ ਗ਼ਦਰੀ ਸ਼ਹੀਦਾਂ ਦੇ ਅਧੂਰੇ ਸੁਪਨਿਆਂ ਨੂੰ ਪੂਰਾ ਕਰਨ ਦਾ ਸੰਕਲਪ ਦੁਹਰਾਇਆ। ਇਨਕਲਾਬੀ ਕੇਂਦਰ ਪੰਜਾਬ ਅਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਆਗੂ ਜਸਵੰਤ ਜੀਰਖ ਨੇ ਸ਼ਰਧਾਂਜਲੀ ਭੇਟ ਕਰਦਿਆਂ ਦੇਸ਼ ਦੇ ਮੌਜੂਦਾ ਹਾਲਾਤਾਂ ਸਬੰਧੀ ਵਿਚਾਰ ਪੇਸ਼ ਕੀਤੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਿਸਾਨਾਂ-ਮਜ਼ਦੂਰਾਂ ਤੇ ਵਪਾਰੀਆਂ ਵੱਲੋਂ ਕੇਂਦਰ ਦੇ ਕਾਨੂੰਨਾਂ ਖ਼ਿਲਾਫ਼ ਵਿੱਢੇ ਸੰਘਰਸ਼ਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਕੇ ਦੇਸ਼ ਨੂੰ ਦੇਸੀ-ਵਿਦੇਸ਼ੀ ਲੁਟੇਰਿਆਂ ਤੋਂ ਮੁਕਤ ਕਰਵਾਉਣਾ ਹੀ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਪੱਤਰਕਾਰ ਭਾਈਚਾਰੇ ਵੱਲੋਂ ਮਾਰਚ
ਗੁਰੂਸਰ ਸੁਧਾਰ (ਸੰਤੋਖ ਗਿੱਲ): ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 105ਵੇਂ ਸ਼ਹੀਦੀ ਸਮਾਗਮ ਅਤੇ ਕੌਮੀ ਪ੍ਰੈੱਸ ਦਿਵਸ ਮੌਕੇ ਇਲਾਕੇ ਦੇ ਪੱਤਰਕਾਰ ਭਾਈਚਾਰੇ ਵੱਲੋਂ ਸ਼ਹੀਦ ਸਰਾਭਾ ਦੇ ਜੱਦੀ ਘਰ ਤੋਂ ਮੁੱਖ ਚੌਕ ਵਿਚ ਲੱਗੇ ਬੁੱਤ ਤੱਕ ਮਾਰਚ ਕੱਢਿਆ ਗਿਆ ਅਤੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਮਗਰੋਂ ਸੰਬੋਧਨ ਕਰਦਿਆਂ ਪੱਤਰਕਾਰ ਆਗੂਆਂ ਨੇ ਕਿਹਾ ਕਿ ਦੇਸ਼ ਦੇ ਹਾਕਮ ਅੱਜ ਆਪਣੇ ਵਿਰੋਧ ਦੀ ਆਵਾਜ਼ ਸੁਣਨ ਨੂੰ ਤਿਆਰ ਨਹੀਂ ਹਨ ਅਤੇ ਸਰਕਾਰ ਵਿਰੁੱਧ ਉੱਠਣ ਵਾਲੀ ਹਰ ਆਵਾਜ਼ ਨੂੰ ਬੰਦ ਕਰਨਾ ਲੋਚਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਪੱਤਰਕਾਰੀ ਬਹੁਤ ਹੀ ਨਾਜ਼ੁਕ ਦੌਰ ਵਿੱਚੋਂ ਲੰਘ ਰਹੀ ਹੈ ਅਤੇ ਪੱਤਰਕਾਰਤਾ ਉੱਪਰ ਲੋਕਾਂ ਦਾ ਭਰੋਸਾ ਬਹਾਲ ਕਰਨ ਲਈ ਬੱਝਵੇਂ ਯਤਨ ਕਰਨ ਦੀ ਲੋੜ ਹੈ।