ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 28 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਟਿਕਰੀ ਬਾਰਡਰ ’ਤੇ ਕਿਸਾਨ ਬੀਬੀਆਂ ਨਾਲ ਵਾਪਰੀ ਮੰਦਭਾਗੀ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਬੀਬੀਆਂ ਨੂੰ ਸ਼ਰਧਾਂਜਲੀ ਦਿੱਤੀ। ਫਿਰੋਜ਼ਪੁਰ ਰੋਡ ’ਤੇ ਸਥਿਤ ਐਮਬੀਡੀ ਮਾਲ ਬਾਹਰ ਪੱਕੇ ਕਿਸਾਨ ਮੋਰਚੇ ਤੋਂ ਜਥੇਬੰਦੀ ਦੇ ਜ਼ਿਲ੍ਹਾ ਜਰਨਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਅਤੇ ਬਲਵੰਤ ਸਿੰਘ ਘੁਡਾਣੀ ਨੇ ਮੰਗ ਕੀਤੀ ਕਿ ਇਸ ਸਾਰੀ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਸਾਰੀ ਸੱਚਾਈ ਸਾਹਮਣੇ ਲਿਆਂਦੀ ਜਾਵੇ ਅਤੇ ਸ਼ਹੀਦਾਂ ਦੇ ਵਾਰਿਸਾਂ ਨੂੰ 10-10 ਲੱਖ ਰੁਪਏ ਦੀ ਆਰਥਿਕ ਸਹਾਇਤਾ, ਇਨ੍ਹਾਂ ਪੀੜਤ ਪਰਿਵਾਰਾਂ ਦਾ ਸਾਰਾ ਕਰਜ਼ਾ ਖ਼ਤਮ ਕੀਤਾ ਜਾਵੇ ਅਤੇ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
ਜਗਰਾਉਂ (ਨਿੱਜੀ ਪੱਤਰ ਪ੍ਰੇਰਕ): ਸਥਾਨਕ ਰੇਲਵੇ ਪਾਰਕ ਅਤੇ ਚੌਕੀਮਾਨ ਟੌਲ ’ਤੇ ਚੱਲ ਰਹੇ ਕਿਸਾਨ ਮੋਰਚਿਆਂ ’ਚ ਅੱਜ ਟਿਕਰੀ ਬਾਰਡਰ ’ਤੇ ਸੜਕ ਹਾਦਸੇ ਦਾ ਸ਼ਿਕਾਰ ਹੋਈਆਂ ਕਿਸਾਨ ਬੀਬੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਧਰਨੇ ਦੇ 393ਵੇਂ ਦਿਨ ਕਿਸਾਨ ਆਗੂਆਂ ਨੇ ਇਸ ਅਚਾਨਕ ਵਾਪਰੇ ਕਹਿਰ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਲਈ ਮੋਦੀ ਹਕੂਮਤ ਦੇ ਕਿਸਾਨ ਤੇ ਲੋਕ ਵਿਰੋਧੀ ਵਤੀਰੇ ਨੂੰ ਜ਼ਿੰਮੇਵਾਰ ਠਹਿਰਾਇਆ। ਧਰਨਾਕਾਰੀਆਂ ਨੇ ਹਾਦਸੇ ਦੇ ਜ਼ਿੰਮੇਵਾਰ ਵਿਅਕਤੀ ਨੂੰ ਤੁਰੰਤ ਗ੍ਰਿਫ਼ਤਾਰ ਕਰਨ, ਮ੍ਰਿਤਕ ਬੀਬੀਆਂ ਦੇ ਵਾਰਿਸਾਂ ਨੂੰ 10-10 ਲੱਖ ਰੁਪਏ ਆਰਥਿਕ ਸਹਾਇਤਾ ਅਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ।
ਰਾਏਕੋਟ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ( ਉਗਰਾਹਾਂ) ਬਲਾਕ ਰਾਏਕੋਟ ਲੁਧਿਆਣਾ ਵੱਲੋਂ ਟਿਕਰੀ ਬਾਰਡਰ ’ਤੇ ਵਾਪਰੇ ਮੰਦਭਾਗੇ ਹਾਦਸੇ ਵਿੱਚ ਸ਼ਹੀਦ ਹੋਏ ਅਤੇ ਗੰਭੀਰ ਜਖ਼ਮੀ ਹੋਈਆਂ ਬੀਬੀਆਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਯੂਨੀਅਨ ਦੇ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਸੇਖੋਂ, ਚਰਨ ਸਿੰਘ ਨੂਰਪੁਰਾ, ਗਗਨਦੀਪ ਸਿੰਘ, ਠਾਕੁਰ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਆਰਥਿਕ ਸਹਾਇਤਾ, ਪਰਿਵਾਰਾਂ ਦੇ ਇੱਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
ਖੰਨਾ (ਨਿੱਜੀ ਪੱਤਰ ਪ੍ਰੇਰਕ): ਇੱਥੋਂ ਦੇ ਲਲਹੇੜੀ ਚੌਕ ਵਿੱਚ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਵੱਲੋਂ ਕਿਸਾਨ-ਮਜ਼ਦੂਰ ਵਿਰੋਧੀ ਤਿੰਨ ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ-2020, ਚਾਰ ਲੇਬਰ ਕੋਡ ਰੱਦ ਕਰਵਾਉਣ ਅਤੇ ਪੁਰਾਣਾ ਕਿਰਤ ਕਾਨੂੰਨ ਬਹਾਲ ਕਰਵਾਉਣ ਲਈ ਲਾਇਆ ਪੱਕਾ ਮੋਰਚਾ 33ਵੇਂ ਦਿਨ ਜਾਰੀ ਰਿਹਾ।