ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 14 ਮਈ
ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਹਿਯੋਗ ਦੇ ਨਾਲ ਅੱਜ ਲੁਧਿਆਣਾ ਸ਼ਹਿਰ ਵਿੱਚ ਲੈਵਲ-1 ਅਤੇ ਲੈਵਲ-2 ਮਰੀਜ਼ਾਂ ਦੇ ਇਲਾਜ ਲਈ 220 ਬੈਡਾਂ ਵਾਲੇ ਕੋਵਿਡ ਕੇਅਰ ਸੈਂਟਰਾਂ ਦਾ ਉਦਘਾਟਨ ਕੀਤਾ ਗਿਆ। ਇਨ੍ਹਾਂ ਕੇਂਦਰਾਂ ਦਾ ਉਦਘਾਟਨ ਅੱਜ ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਵਿਧਾਇਕ ਸੰਜੇ ਤਲਵਾੜ, ਕੌਂਸਲਰ ਮਮਤਾ ਆਸ਼ੂ ਅਤੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸ਼ਹਿਰ ਦੇ ਹੰਬੜਾਂ ਰੋਡ ਅਤੇ ਮੁੰਡੀਆਂ ਇਲਾਕੇ ਵਿੱਚ ਕੀਤਾ।
ਸਥਾਨਕ ਹੰਬੜਾਂ ਰੋਡ ’ਤੇ ਕੋਵਿਡ ਕੇਅਰ ਸੈਂਟਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਹਰ ਕੇਂਦਰ ਵਿੱਚ 110 ਬੈਡ (55 ਮਰਦਾਂ ਅਤੇ 55 ਔਰਤਾਂ ਲਈ) ਹੋਣਗੇ। ਉਨ੍ਹਾਂ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨੂੰ ਇਨ੍ਹਾਂ ਕੋਵਿਡ ਕੇਅਰ ਸੈਂਟਰਾਂ ਦੀ ਸ਼ੁਰੂਆਤ ਲਈ ਸਹਿਯੋਗ ਦਿੱਤਾ।
ਉਨ੍ਹਾਂ ਕਿਹਾ ਕਿ ਲੁਧਿਆਣਾ ਵਿਚ ਸਿਹਤ ਦੇ ਬੁਨਿਆਦੀ ਢਾਂਚੇੇ ਦੇ ਪਸਾਰ ਲਈ, ਜੋ ਕੋਵਿਡ ਮਹਾਮਾਰੀ ਨਾਲ ਪ੍ਰਭਾਵਿਤ ਹੋਇਆ ਹੈ, ਇਹ ਕੋਵਿਡ ਕੇਅਰ ਸੈਂਟਰ ਲੈਵਲ-1 ਅਤੇ ਲੈਵਲ-2 ਦੇ ਮਰੀਜ਼ਾਂ ਲਈ ਬਹੁਤ ਲਾਹੇਵੰਦ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਬੈਡਾਂ ਲਈ ਆਕਸੀਜਨ ਦੀ ਸਪਲਾਈ ਵੀ ਯਕੀਨੀ ਬਣਾਈ ਜਾਵੇਗੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸੰਜੇ ਤਲਵਾੜ ਨੇ ਕਿਹਾ ਕਿ ਮਹਾਮਾਰੀ ਦੀ ਵਿਨਾਸ਼ਕਾਰੀ ਦੂਜੀ ਲਹਿਰ ਦਾ ਅਸਰਦਾਰ ਢੰਗ ਨਾਲ ਮੁਕਾਬਲਾ ਕਰਨ ਲਈ ਇਹ ਕੇਂਦਰ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸਹੂਲਤਾਂ ਕੋਵਿਡ ਕੇਅਰ ਸੈਂਟਰ ਸ਼ੁਰੂ ਕਰਨ ਲਈ ਇਕ ਆਦਰਸ਼ ਜਗ੍ਹਾ ਹਨ ਅਤੇ ਇਸ ਵਿਚ ਲੈਵਲ-1 ਅਤੇ ਲੈਵਲ-2 ਦੇ ਮਰੀਜ਼ਾਂ ਲਈ ਆਕਸੀਜਨ ਬੈੱਡ ਹੋਣਗੇ। ਇੱਥੇ ਵੀ ਇਲਾਜ ਲਈ ਆਕਸੀਜਨ ਸਪਲਾਈ ਯਕੀਨੀ ਬਣਾਈ ਜਾਵੇਗੀ। ਡੀਸੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਆਕਸੀਜਨ ਦੀ ਸਪਲਾਈ ਜਾਂ ਆਕਸੀਜਨ ਵਾਲੇ ਬੈੱਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇ ਉਨ੍ਹਾਂ ਨੂੰ ਕੋਈ ਵੀ ਫਲੂ ਵਰਗੀ ਜਾਂ ਕੋਵਿਡ ਲੱਛਣ ਹੋਣ ਤਾਂ ਉਹ ਟੈਸਟ ਕਰਵਾਉਣ। ਉਨ੍ਹਾਂ ਲੁਧਿਆਣਾ ਉਦਯੋਗ ਦਾ ਵੀ ਧੰਨਵਾਦ ਕੀਤਾ ਕਿਉਂਕਿ ਪਿਛਲੇ 10 ਦਿਨਾਂ ਵਿਚ ਉਨ੍ਹਾਂ ਕੋਵਿਡ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਲੜਨ ਲਈ 835 ਸਿਲੰਡਰ ਪ੍ਰਸ਼ਾਸਨ ਨੂੰ ਸਪੁਰਦ ਕੀਤੇ ਹਨ।
ਇਸ ਮੌਕੇ ’ਤੇ ਸੀਨੀਅਰ ਕਾਂਗਰਸੀ ਆਗੂ ਸਤਵਿੰਦਰ ਕੌਰ ਬਿੱਟੀ, ਏਡੀਸੀ ਸੰਦੀਪ ਕੁਮਾਰ, ਜੁਆਇੰਟ ਸੀਪੀਜੇ ਐਲਨਚੇਜ਼ੀਅਨ, ਏਡੀਸੀ ਅਮਰਜੀਤ ਬੈਂਸ, ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਗਿੱਲ ਆਦਿ ਮੌਜੂਦ ਸਨ।