ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਸਤੰਬਰ
ਚੰਡੀਗੜ੍ਹ ਵਿੱਚ ਵੱਖ-ਵੱਖ ਥਾਵਾਂ ’ਤੇ ਵਾਪਰੇ ਦੋ ਸੜਕ ਹਾਦਸਿਆਂ ਵਿੱਚ ਦੋ ਜਣਿਆਂ ਦੀ ਮੌਤ ਹੋ ਗਈ ਹੈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਹਿਲੀ ਘਟਨਾ ਪਿੰਡ ਕੈਂਬਵਾਲਾ ਵਿੱਚ ਵਾਪਰੀ ਜਿੱਥੇ ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਲਪੇਟ ਵਿੱਚ ਆਉਣ ਕਾਰਨ ਇਸੇ ਪਿੰਡ ਦੇ ਸਰਵਣ ਸਿੰਘ ਦੀ ਮੌਤ ਹੋ ਗਈ ਹੈ।
ਇਸ ਬਾਰੇ ਸੁਰਿੰਦਰ ਸਿੰਘ ਵਾਸੀ ਕੈਂਬਵਾਲਾ ਦੀ ਸ਼ਿਕਾਇਤ ’ਤੇ ਪੁਲੀਸ ਨੇ ਮੋਟਰਸਾਈਕਲ ਚਾਲਕ ਜੁਬੇਰ ਅਲੀ ਵਾਸੀ ਝਾਮਪੁਰ ਗੋਵਿੰਦ ਨਗਰ ਵਿਰੁੱਧ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਹੈ। ਸ਼ਿਕਾਇਤਕਰਤਾ ਅਨੁਸਾਰ ਸਰਵਣ ਸਿੰਘ ਪੈਦਲ ਸੜਕ ਤੋਂ ਲੰਘ ਰਿਹਾ ਸੀ ਤਾਂ ਤੇਜ਼ ਰਫ਼ਤਾਰ ਮੋਟਰਸਾਈਕਲ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜ਼ਖ਼ਮੀ ਨੂੰ ਪੀਸੀਆਰ ਦੀ ਮਦਦ ਨਾਲ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਹੈ। ਥਾਣਾ ਸੈਕਟਰ-3 ਦੀ ਪੁਲੀਸ ਨੇ ਮੋਟਰਸਾਈਕਲ ਚਾਲਕ ਵਿਰੁੱਧ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਜਿਸ ਨੂੰ ਬਾਅਦ ਵਿੱਚ ਜ਼ਮਾਨਤ ’ਤੇ ਛੱਡ ਦਿੱਤਾ ਗਿਆ।
ਦੂਜੀ ਘਟਨਾ, ਧਨਾਸ ਵਿੱਚ ਵਾਪਰੀ ਜਿੱਥੇ ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਲਪੇਟ ਵਿੱਚ ਆਉਣ ਕਾਰਨ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਵਿਨੋਦ ਕੁਮਾਰ ਵਜੋਂ ਹੋਈ ਹੈ। ਇਸ ਬਾਰੇ ਮ੍ਰਿਤਕ ਦੇ ਪੁੱਤਰ ਸਚਿਨ ਸਕਸੈਨਾ ਨੇ ਥਾਣਾ ਸਾਰੰਗਪੁਰ ਦੀ ਪੁਲੀਸ ਨੂੰ ਸ਼ਿਕਾਇਤ ਕੀਤੀ। ਸ਼ਿਕਾਇਤਕਰਤਾ ਅਨੁਸਾਰ ਉਸ ਦੇ ਪਿਤਾ ਧਨਾਸ ਵਿੱਚ ਸ਼ਰਾਬ ਦੇ ਠੇਕੇ ਨੇੜਿਓਂ ਲੰਘ ਰਹੇ ਸਨ ਤਾਂ ਤੇਜ਼ ਰਫ਼ਤਾਰ ਮੋਟਰਸਾਈਕਲ ਚਾਲਕ ਟੱਕਰ ਮਾਰ ਕੇ ਫ਼ਰਾਰ ਹੋ ਗਿਆ ਹੈ। ਇਸ ਤੋਂ ਬਾਅਦ ਜ਼ਖ਼ਮੀ ਨੂੰ ਪੀਜੀਆਈ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ ਹੈ। ਥਾਣਾ ਸਾਰੰਗਪੁਰ ਦੀ ਪੁਲੀਸ ਨੇ ਅਣਪਛਾਤੇ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।