ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 10 ਜੂਨ
ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਲੁਧਿਆਣਾ-ਫ਼ਿਰੋਜ਼ਪੁਰ ਮੁੱਖ ਮਾਰਗ ਵਾਲਾ ਕਿਸਾਨ ਧਰਨਾ ਵੀਰਵਾਰ ਨੂੰ ਵੀ ਜਾਰੀ ਰਿਹਾ। ਚੌਕੀਮਾਨ ਟੌਲ ਪਲਾਜ਼ੇ ’ਤੇ ਇਕੱਤਰ ਕਿਸਾਨਾਂ ਨੇ ਕਰੀਬ ਇਕ ਮਹੀਨੇ ਤੋਂ ਹੜਤਾਲ ’ਤੇ ਚੱਲ ਰਹੇ ਸਫਾਈ ਕਾਮਿਆਂ ਦੀ ਹਮਾਇਤ ਕੀਤੀ। ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਨੇ ਪੰਜਾਬ ਸਰਕਾਰ ਤੋਂ ਸਫ਼ਾਈ ਕਾਮਿਆਂ ਦੀਆਂ ਲਟਕਦੀਆਂ ਮੰਗਾਂ ਫੌਰੀ ਮੰਨਣ ਦੀ ਅਪੀਲ ਕੀਤੀ। ਉਨ੍ਹਾਂ ਮੋਦੀ ਹਕੂਮਤ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਤੇਜ਼ੀ ਨਾਲ ਬਦਲ ਰਹੇ ਦੇਸ਼ ਦੇ ਸਿਆਸੀ ਸਮੀਕਰਨਾਂ ਕਰਕੇ ਹੁਣ ਇਸ ਹੰਕਾਰੀ ਹਕੂਮਤ ਦੀ ਸੋਚ ’ਚ ਬਦਲਾਅ ਵੀ ਦਿਖਾਈ ਦੇਣ ਲੱਗਾ ਹੈ। ਹਾਲੇ ਵੀ ਜੇਕਰ ਇਹ ਸਰਕਾਰ ਨਾ ਝੁਕੀ ਤਾਂ ਭਾਜਪਾ ਨੂੰ ਬਹੁਤ ਵੱਡਾ ਸਿਆਸੀ ਨੁਕਸਾਨ ਝੱਲਣਾ ਪਵੇਗਾ। ਧਰਨੇ ਦੇ ਸ਼ੁਰੂ ’ਚ ਸਭਿਆਚਾਰਕ ਸੈਸ਼ਨ ਦੌਰਾਨ ਇਨਕਲਾਬੀ ਕਵੀਸ਼ਰੀ ਜਥਾ ਰਸੂਲਪੁਰ ਵੱਲੋਂ ਹਰਵਿੰਦਰ ਸਿੰਘ ਧਾਲੀਵਾਲ, ਸਕੂਲੀ ਬੱਚੇ ਹਰਨਿੰਦਰ ਅਤੇ ਮਲਕੀਤ ਸਿੰਘ ਬੱਦੋਵਾਲ ਨੇ ਲੋਕ ਪੱਖੀ ਗੀਤਾਂ ਨਾਲ ਰੰਗ ਬੰਨ੍ਹਿਆ। ਇਸੇ ਦੌਰਾਨ ਕਿਸਾਨ ਸੰਘਰਸ਼ ਮੋਰਚੇ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਬਚਕਾਨਾ ਬਿਆਨ ਦੇਣ ਤੋਂ ਵਰਜਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਖੇਤੀ ਮੰਤਰੀ ਸ਼ੁਰੂ ਤੋਂ ਜਾਣਬੁੱਝ ਕੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਬੇਤੁਕੇ ਬਿਆਨ ਦਿੰਦਾ ਆ ਰਿਹਾ ਹੈ। ਹੁਣ ਵੀ ਉਸ ਨੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਸਬੰਧੀ ਤਰਕ ਨਾਲ ਗੱਲ ਰੱਖਣ ਵਾਲਾ ਬਿਆਨ ਦਾਗਿਆ ਹੈ ਜਿਸ ਤੋਂ ਭਾਜਪਾ ਹਕੂਮਤ ਦੀ ਨੀਅਤ ਤੇ ਨੀਤੀ ਸਾਫ਼ ਝਲਕਦੀ ਹੈ। ਸਰਕਾਰ ਤੇ ਖੇਤੀ ਮੰਤਰੀ ਦੇ ਮਨ ’ਚ ਖੋਟ ਤੇ ਪ੍ਰਧਾਨ ਮੰਤਰੀ ਸਮੇਤ ਇਹ ਸਾਰੇ ਹਾਲੇ ਵੀ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਲਈ ਲਾਹੇਵੰਦ ਦੱਸ ਰਹੇ ਹਨ। ਜੇਕਰ ਖੇਤੀ ਮੰਤਰੀ ਨੂੰ ਇਹ ਗੱਲ ਸਮਝ ਨਹੀਂ ਆ ਰਹੀ ਹੈ ਤਾਂ ਮੋਦੀ ਹਕੂਮਤ ਨੂੰ ਅਪਣੀ ਯੋਗਤਾ ਬਾਰੇ ਸੋਚਣਾ ਚਾਹੀਦਾ ਹੈ। ਇਥੇ ਰੇਲਵੇ ਪਾਰਕ ’ਚ ਕਿਸਾਨ ਮੋਰਚੇ ਨੇ 252ਵੇਂ ਦਿਨ ਧਰਨਾ ਜਾਰੀ ਰੱਖਿਆ। ਇਸ ਸਮੇਂ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਝੋਨੇ ਦੇ ਭਾਅ ’ਚ ਕੀਤੇ ਵਾਧੇ ਨੂੰ ਨਾਕਾਫ਼ੀ ਦੱਸਿਆ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ’ਚ ਵਧੀ ਮਹਿੰਗਾਈ, ਡੀਜ਼ਲ ਦੀ ਕੀਮਤ ’ਚ ਬੇਥਾਹ ਵਾਧਾ ਅਤੇ ਖੇਤੀ ’ਚ ਮੁਨਾਫ਼ਾ ਘੱਟ ਹੋਣ ਦੇ ਹਿਸਾਬ ਨਾਲ ਇਹ ਵਾਧਾ ਵਾਜਬ ਨਹੀਂ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਜ਼ਿਲ੍ਹਾ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਗਿਆਰਾਂ ਗੇੜ ਦੀਆਂ ਮੀਟਿੰਗਾਂ ’ਚ ਇਕੱਲੇ ਇਕੱਲੇ ਨੁਕਤੇ ’ਤੇ ਲਾਜਵਾਬ ਹੋਣ ਦੇ ਬਾਵਜੂਦ ਖੇਤੀ ਮੰਤਰੀ ਤਰਕ ਭਾਲ ਰਿਹਾ ਹੈ।
ਖੰਨਾ (ਜੋਗਿੰਦਰ ਸਿੰਘ ਓਬਰਾਏ): ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਇਥੋਂ ਦੇ ਰੇਲਵੇ ਸਟੇਸ਼ਨ ਦੇ ਬਾਹਰ ਅਰੰਭਿਆ ਸੰਘਰਸ਼ 254ਵੇਂ ਦਿਨ ਵੀ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠ ਜਾਰੀ ਰਿਹਾ। ਇਸ ਮੌਕੇ ਬੋਲਦਿਆਂ ਹਰਜਿੰਦਰ ਸਿੰਘ ਰਤਨਹੇੜੀ, ਅਮਨਦੀਪ ਵਰਮਾ ਅਮਰਗੜ੍ਹ ਅਤੇ ਦਲਜੀਤ ਸਿੰਘ ਸਵੈਚ ਨੇ ਮੋਦੀ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਉਂਦਿਆਂ ਕਿਹਾ ਮੋਦੀ ਸਰਕਾਰ ਕਿਸਾਨ, ਮਜ਼ਦੂਰ, ਮੁਲਾਜ਼ਮ ਮਾਰੂ ਨੀਤੀਆਂ ਅਪਣਾ ਕੇ ਆਮ ਲੋਕਾਂ ਦਾ ਗਲਾ ਘੁੱਟਣਾ ਚਾਹੁੰਦੀ ਹੈ। ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਜੇ ਮੁਲਕ ਵਿਚ ਰੋਟੀ ਅਤੇ ਅਨਾਜ ਕਾਰਪੋਰੇਟਾਂ ਦੇ ਹੱਥਾਂ ਵਿਚ ਚਲਾ ਗਿਆ ਤਾਂ ਆਦਮੀ ਕੀ ਜਾਨਵਰ ਤੇ ਪੰਛੀ ਵੀ ਭੁੱਖੇ ਮਰ ਜਾਣਗੇ। ਕਿਸਾਨ ਅੰਦੋਲਨ ਹੁਣ ਜਨ ਅੰਦੋਲਨ ਦਾ ਰੂਪ ਧਾਰ ਚੁੱਕਾ ਹੈ ਅਤੇ ਮੋਦੀ ਸਰਕਾਰ ਦੀ ਹੈਂਕੜ ਹੀ ਸਰਕਾਰ ਦੇ ਪਤਨ ਦਾ ਕਾਰਨ ਬਣੇਗੀ।
ਗੁਰੂਸਰ ਸੁਧਾਰ (ਸੰਤੋਖ ਗਿੱਲ): ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਆਗੂ ਪ੍ਰੋਫੈ਼ਸਰ ਜੈਪਾਲ ਸਿੰਘ ਨੇ ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਅੰਦੋਲਨਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣੇ ਅੰਦੋਲਨ ਨੂੰ ਸਾਜ਼ਿਸ਼ਾਂ ਰਾਹੀਂ ਬਦਨਾਮ ਕਰ ਕੇ ਖ਼ਤਮ ਕਰਨਾ ਲੋਚਦੇ ਹਨ। ਉਨ੍ਹਾਂ ਕਿਹਾ ਕਿ ਵਿਵਾਦਿਤ ਖੇਤੀ ਕਾਨੂੰਨਾਂ ਦੀ ਵਾਪਸੀ ਤੱਕ ਇਹ ਧਰਨਾ ਜਾਰੀ ਰਹੇਗਾ। ਕਿਸਾਨ ਆਗੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਦੀਆਂ ਸਰਹੱਦਾਂ ਉੱਪਰ ਕਿਸਾਨ ਮੋਰਚਿਆਂ ਵਿਚ ਵੱਡੀ ਗਿਣਤੀ ਵਿੱਚ ਹਾਜ਼ਰੀ ਲਗਵਾਉਣ। ਕਿਲ੍ਹਾ ਰਾਏਪੁਰ ਵਿਚ 151ਵੇਂ ਦਿਨ ਲੜੀਵਾਰ ਧਰਨੇ ਦੀ ਅਗਵਾਈ ਮਹਿੰਦਰ ਕੌਰ, ਸੁਖਵਿੰਦਰ ਕੌਰ ਅਤੇ ਜਸਪ੍ਰੀਤ ਕੌਰ ਨੇ ਕੀਤੀ। ਹੋਰਨਾ ਤੋਂ ਇਲਾਵਾ ਜਨਵਾਦੀ ਇਸਤਰੀ ਸਭਾ ਪੰਜਾਬ ਸਦੀ ਆਗੂ ਡਾਕਟਰ ਗਗਨਦੀਪ ਕੌਰ, ਕੁਲਜੀਤ ਕੌਰ ਗਰੇਵਾਲ, ਜਮਹੂਰੀ ਕਿਸਾਨ ਸਭਾ ਦੇ ਆਗੂ ਅਮਰੀਕ ਸਿੰਘ ਜੜਤੌਲੀ, ਬਲਦੇਵ ਸਿੰਘ ਧੂਰਕੋਟ, ਨੇ ਵੀ ਸੰਬੋਧਨ ਕੀਤਾ।