ਪੱਤਰ ਪ੍ਰੇਰਕ
ਦੋਰਾਹਾ, 9 ਅਕਤੂਬਰ
ਗੁਰੂ ਨਾਨਕ ਨੈਸ਼ਨਲ ਕਾਲਜ ਦੇ ਐਕਸਟੈਨਸ਼ਨ ਸੈੱਲ ਵੱਲੋਂ ਖੇਤੀਬਾੜੀ ਵਿਭਾਗ ਤੇ ਸੀਆਈਆਈ ਫਾਊਂਡੇਸ਼ਨ ਦੇ ਸਹਿਯੋਗ ਨਾਲ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨ ਲਈ ਵੈਨ ਰਵਾਨਾ ਕੀਤੀ ਗਈ। ਇਸ ਸਬੰਧੀ ਡਾ. ਲਵਲੀਨ ਬੈਂਸ ਨੇ ਦੱਸਿਆ ਕਿ ਕਾਲਜ ਵੱਲੋਂ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਅਤੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਪਿਛਲੇ ਲੰਬੇ ਸਮੇਂ ਤੋਂ ਸਾਰਥਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਵੈਨ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਸਬੰਧੀ ਜਾਣਕਾਰੀ ਦੇਵੇਗੀ। ਇਸ ਮੌਕੇ ਡਾ. ਹਰਜਿੰਦਰ ਸਿੰਘ ਨੇ ਵੈਨ ਨੂੰ ਹਰੀ ਝੰਡੀ ਰਵਾਨਾ ਕੀਤਾ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਵੇਰਕਾ ਪੁਆਇੰਟ ਵਿੱਚ ਨੁੱਕੜ ਨਾਟਕ ਖੇਡਿਆ। ਕਾਲਜ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਅਤੇ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਸਮੁੱਚੀ ਟੀਮ ਦੀ ਹੌਂਸਲਾ ਅਫ਼ਜਾਈ ਕਰਦਿਆਂ ਵਧਾਈ ਦਿੱਤੀ। ਇਸ ਮੌਕੇ ਡਾ. ਪ੍ਰਕਾਸ਼ ਸਿੰਘ, ਡਾ. ਗੁਰਦੀਪ ਸਿੰਘ, ਡਾ. ਜਗਦੇਵ ਸਿੰਘ, ਅਮਨਪ੍ਰੀਤ ਸਿੰਘ ਘਈ, ਡਾ. ਸੁਖਬੀਰ ਸਿੰਘ, ਹਰਪ੍ਰੀਤ ਸਿੰਘ, ਪ੍ਰਦੀਪ ਸਿੰਘ, ਦਵਿੰਦਰ ਸਿੰਘ ਆਦਿ ਹਾਜ਼ਰ ਸਨ।