ਗੁਰਿੰਦਰ ਸਿੰਘ
ਲੁਧਿਆਣਾ, 27 ਮਈ
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਹਰਜਿੰਦਰ ਸਿੰਘ ਬੌਬੀ ਗਰਚਾ ਨੇ ਅੱਜ ਕਾਂਗਰਸ, ਭਾਜਪਾ ਅਤੇ ‘ਆਪ’ ’ਤੇ ਤਨਜ਼ ਕਸਦਿਆਂ ਕਿਹਾ ਹੈ ਕਿ ਇਨ੍ਹਾਂ ਪਾਰਟੀਆਂ ਕੋਲ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਬਾਰੇ ਕਹਿਣ ਲਈ ਕੋਈ ਮੁੱਦਾ ਨਹੀਂ ਹੈ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਬੌਬੀ ਗਰਚਾ ਨੇ ਵਿਰੋਧੀ ਪਾਰਟੀਆਂ ਦੇ ਆਗੂਆਂ ਦੇ ਉੱਪਰ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਤਿੰਨੋ ਉਮੀਦਵਾਰ ਲਾਚਾਰ ਨਜ਼ਰ ਆ ਰਹੇ ਹਨ ਕਿਉਂਕਿ ਉਹ ਪ੍ਰਚਾਰ ਵਿੱਚ ਕਾਫ਼ੀ ਪਿੱਛੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਉਪਰ ਬੱਸ ਬਾਡੀਆਂ ਪੰਜਾਬ ਤੋਂ ਬਾਹਰੋਂ ਲਗਵਾ ਕੇ ਕਮਿਸ਼ਨ ਖਾਣ ਦਾ ਦੋਸ਼ ਹੈ ਜਦਕਿ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਦੀਆਂ ਕਾਂਗਰਸ ਪਾਰਟੀ ਦੇ ਐਮ ਪੀ ਵਜੋਂ ਪਿਛਲੇ 10 ਸਾਲਾਂ ਦੀਆਂ ਨਕਾਮੀਆਂ ਬਹੁਤ ਕੁਝ ਬਿਆਨ ਕਰਦੀਆਂ ਹਨ ਕਿਉਂਕਿ ਪੰਜਾਬ ’ਚ ਕਾਂਗਰਸ ਸਰਕਾਰ ਹੋਣ ਦੇ ਬਾਵਜੂਦ ਉਸ ਨੇ ਪੰਜਾਂ ਸਾਲਾਂ ਦੌਰਾਨ ਕੁੱਝ ਨਹੀਂ ਕੀਤਾ। ਬੌਬੀ ਗਰਚਾ ਨੇ ਮਾਨ ਸਰਕਾਰ ਦੀ ਹੁਣ ਤਕ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਆਪ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ’ਤੇ ਵੀ ਦੋਸ਼ ਲੱਗੇ ਹਨ ਪਰ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਜਿਸ ਕੌਮੀ ਪਾਰਟੀ ਦਾ ਸੁਪਰੀਮੋ ਖ਼ੁਦ ਕੁਰੱਪਸ਼ਨ ਦੇ ਦੋਸ਼ਾਂ ਵਿੱਚ ਜੇਲ੍ਹ ਵਿਚੋਂ ਜ਼ਮਾਨਤ ’ਤੇ ਬਾਹਰ ਆਇਆ ਹੋਵੇ, ਉਹ ਪਾਰਟੀ ਕਿਸ ਤਰ੍ਹਾਂ ਕੁਰੱਪਸ਼ਨ ਮੁਕਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਢਿੱਲੋਂ ਉਸ ਪਾਰਟੀ ਦੇ ਉਮੀਦਵਾਰ ਹਨ ਜਿਸ ਪਾਰਟੀ ਦਾ ਵਿਜ਼ਨ ਪੰਜਾਬ ਦਾ ਵਿਕਾਸ ਤੇ ਪੰਜਾਬ ਦੀ ਤਰੱਕੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਇੱਕ ਵੱਡੀ ਜਿੱਤ ਹਾਸਲ ਕਰੇਗਾ। ਇਸ ਮੌਕੇ ਰਜਨੀਸ਼ ਪਾਲ ਸਿੰਘ ਧਾਲੀਵਾਲ ਅਤੇ ਮੋਹਨ ਸਿੰਘ ਵੀ ਹਾਜ਼ਰ ਸਨ।
ਰਣਜੀਤ ਢਿੱਲੋਂ ਵੱਲੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਨਾਲ ਮੀਟਿੰਗ
ਅਕਾਲੀ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਨੇ ਅੱਜ ਵਕੀਲਾਂ ਦੀ ਜਥੇਬੰਦੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਨਾਲ ਮੀਟਿੰਗ ਕਰਕੇ ਪਾਰਟੀ ਦੀਆਂ ਨੀਤੀਆਂ ਅਤੇ ਆਪਣੇ ਚੋਣ ਮੁੱਦਿਆਂ ਬਾਰੇ ਗੱਲਬਾਤ ਕੀਤੀ ਅਤੇ ਵਕੀਲ ਭਾਈਚਾਰੇ ਨੂੰ ਆਪਣੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਸ੍ਰੀ ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਬਿਹਤਰੀ ਅਤੇ ਤਰੱਕੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ ਕਿਉਂਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ ਹੈ ਤਾਂ ਪੰਜਾਬ ਮਜ਼ਬੂਤ ਹੈ ਅਤੇ ਪੰਜਾਬੀ ਵੀ ਸੁਰੱਖਿਅਤ ਹਨ। ਇਸ ਮੌਕੇ ਉਨ੍ਹਾਂ ਵਕੀਲ ਭਾਈਚਾਰੇ ਨੂੰ ਭਰੋਸਾ ਦਿਵਾਇਆ ਕਿ ਉਹ ਪੰਜਾਬ ਦੀ ਆਵਾਜ਼ ਅਤੇ ਉਨ੍ਹਾਂ ਦੀਆਂ ਦਿੱਕਤਾਂ ਨੂੰ ਪਾਰਲੀਮੈਂਟ ਵਿੱਚ ਪਹਿਲ ਦੇ ਅਧਾਰ ਤੇ ਚੁੱਕ ਕੇ ਮਸਲਿਆਂ ਦਾ ਹੱਲ ਕਰਵਾਉਣਗੇ। ਇਸ ਮੌਕੇ ਵਕੀਲ ਭਾਈਚਾਰੇ ਨੇ ਇੱਕਜੁਟ ਹੋ ਕੇ ਰਣਜੀਤ ਸਿੰਘ ਢਿੱਲੋਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸਾਫ਼ ਸੁਥਰੇ ਅਕਸ ਵਾਲੇ ਉਮੀਦਵਾਰ ਨੂੰ ਸਮਰਥਨ ਦਿੰਦਿਆਂ ਜੇਤੂ ਬਣਾ ਕੇ ਪਾਰਲੀਮੈਂਟ ਵਿੱਚ ਭੇਜਣਗੇ। ਇਸ ਮੌਕੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਹਰੀਸ਼ ਰਾਏ ਢਾਂਡਾ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਸ੍ਰੀ ਢਿੱਲੋਂ ਦਾ ਸਵਾਗਤ ਕਰਦਿਆਂ ਭਰਪੂਰ ਸਹਿਯੋਗ ਦੇਣ ਦਾ ਐਲਾਨ ਕਰਦਿਆਂ ਸਨਮਾਨਿਤ ਕੀਤਾ।
ਇਸ ਮੌਕੇ ਪਰਮਿੰਦਰ ਪਾਲ ਸਿੰਘ, ਪਾਰਸ ਸ਼ਰਮਾ, ਅੰਚਲ ਕਪੂਰ, ਸੰਦੀਪ ਅਰੋੜਾ, ਜਗਮੋਹਨ ਸਿੰਘ ਵੜੈਚ, ਭਾਰਤਵੀਰ ਸਿੰਘ ਸੋਬਤੀ, ਐਡਵੋਕੇਟ ਗਗਨਪ੍ਰੀਤ ਸਿੰਘ, ਗੁਰਬਖਸ਼ੀਸ਼ ਸਿੰਘ ਬੇਦੀ, ਗੁਰਿੰਦਰ ਸਿੰਘ ਸੋਢੀ, ਕਰਨ ਸਿੰਘ, ਟੀਪੀਐਸ ਧਾਲੀਵਾਲ ਸਮੇਤ ਵੱਡੀ ਗਿਣਤੀ ਵਿੱਚ ਬਾਰ ਮੈਂਬਰ ਹਾਜ਼ਰ ਸਨ।