ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 28 ਅਕਤੂਬਰ
ਸਨਅਤੀ ਸ਼ਹਿਰ ਦੇ ਨਗਰ ਸੁਧਾਰ ਟਰੱਸਟ ਪਲਾਟ ਵੰਡ ਘੁਟਾਲੇ ਦੇ ਮਾਮਲੇ ਵਿੱਚ ਵਿਜੀਲੈਂਸ ਦੀ ਆਰਥਿਕ ਅਪਰਾਧ ਬ੍ਰਾਂਚ ਵੱਲੋਂ ਪਹਿਲੀ ਚਾਰਜਸ਼ੀਟ ਦਾਖਲ ਕਰ ਦਿੱਤੀ ਗਈ ਹੈ। ਵਿਜੀਲੈਂਸ ਵੱਲੋਂ ਚਾਰਜਸ਼ੀਟ ਵਿੱਚ ਈਓ ਕੁਲਜੀਤ ਕੌਰ ਨੂੰ ਮੁੱਖ ਮੁਲਜ਼ਮ ਬਣਾਇਆ ਗਿਆ ਹੈ, ਜਦੋਂ ਕਿ ਇਸ ਮਾਮਲੇ ’ਚ ਪਹਿਲਾਂ ਤੋਂ ਗ੍ਰਿਫ਼ਤਾਰ ਉਨ੍ਹਾਂ ਦੇ ਸਾਥੀਆਂ ਨੂੰ ਸਹਿਯੋਗੀ ਦੱਸਿਆ ਗਿਆ ਹੈ। ਇਸ ਮਾਮਲੇ ’ਚ ਕੁੱਲ ਚਾਰ ਮੁਲਜ਼ਮ ਬਣਾਏ ਗਏ ਹਨ। ਵਿਜੀਲੈਂਸ ਵੱਲੋਂ ਬਣਾਈ ਗਈ ਚਾਰਜਸ਼ੀਟ ’ਚ ਕਿਹਾ ਗਿਆ ਹੈ ਕਿ ਇਹ ਲੋਕ ਪਲਾਟ ਅਲਾਟਮੈਂਟ ਲਈ ਪਾਈ ਜਾਣ ਵਾਲੀ ਬਿੱਡ ਨਾਲ ਛੇੜਛਾੜ ਕਰਦੇ ਸਨ ਤੇ ਚੇਅਰਮੈਨ ਸਣੇ ਦੂਜੇ ਆਗੂਆਂ ਲਈ ਰਿਸ਼ਵਤ ਲੈਣ ਦਾ ਕੰਮ ਕਰਦੇ ਸਨ। ਹਾਲਾਂਕਿ, ਵਿਜੀਲੈਂਸ ਨੇ ਅਦਾਲਤ ’ਚ ਦੱਸਿਆ ਕਿ ਕੇਸ ’ਚ ਹਾਲੇ ਜਾਂਚ ਚੱਲ ਰਹੀ ਹੈ, ਜਿਸ ’ਚ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਸੁਆਮੀ, ਐਕਸੀਅਨ ਬੂਟਾ ਰਾਮ, ਜਗਦੇਵ ਸਿੰਘ, ਜੇਈ ਇੰਦਰਜੀਤ ਸਿੰਘ ਤੇ ਮਨਦੀਪ ਸਿੰਘ ਨੂੰ ਵੀ ਨਾਮਜ਼ਦ ਕੀਤਾ ਹੈ, ਪਰ ਉਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਵਿਜੀਲੈਂਸ ਨੇ ਪਿਛਲੇ ਦਿਨੀਂ ਅਦਾਲਤ ’ਚ ਚਲਾਨ ਪੇਸ਼ ਕਰ ਦਿੱਤਾ ਸੀ ਤੇ ਕਿਹਾ ਸੀ ਕਿ ਤਿੰਨੇ ਮੁਲਜ਼ਮਾਂ ਖਿਲਾਫ਼ ਅਦਾਲਤ ’ਚ ਕੇਸ ਦੀ ਸੁਣਵਾਈ ਸ਼ੁਰੂ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ ਪਹਿਲਾਂ ਈਓ ਕੁਲਜੀਤ ਕੌਰ, ਸੇਲਜ਼ ਕਲਰਕ ਪ੍ਰਵੀਨ ਕੁਮਾਰ ਤੇ ਕਲਰਕ ਹਰਮੀਤ ਸਿੰਘ ਨੂੰ ਬੂਥ ਦੀ ਸੈਟਲਮੈਂਟ ਲਈ ਰਿਸ਼ਵਤ ਲੈਦਿਆਂ ਗ੍ਰਿਫ਼ਤਾਰ ਕੀਤਾ ਸੀ। ਹੁਣ ਇਸ ਮਾਮਲੇ ’ਚ ਵਿਜੀਲੈਂਸ ਨੇ ਸਾਬਕਾ ਚੇਅਰਮੈਨ ਦੀ ਗ੍ਰਿਫ਼ਤਾਰੀ ਕਰਨੀ ਹੈ।