ਨਿੱਜੀ ਪੱਤਰ ਪ੍ਰੇਰਕ
ਖੰਨਾ, 8 ਅਗਸਤ
ਰਾਸ਼ਟਰਮੰਡਲ ਖੇਡਾਂ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੇ ਪਿੰਡ ਮਾਜਰੀ ਦੇ ਖਿਡਾਰੀ ਗੁਰਦੀਪ ਸਿੰਘ ਦਾ ਅੱਜ ਖੰਨਾ ਪੁੱਜਣ ’ਤੇ ਇਥੋਂ ਦੇ ਸੈਲੀਬ੍ਰੇਸ਼ਨ ਬਾਜ਼ਾਰ ਵਿੱਚ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਅਤੇ ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ ਨੇ ਭਰਵਾਂ ਸਵਾਗਤ ਕਰਦਿਆਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਆ। ਵਿਧਾਇਕ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਵੱਲੋਂ ਖਿਡਾਰੀ ਗੁਰਦੀਪ ਸਿੰਘ ਨੂੰ ਬਣਦਾ ਹੋਰ ਮਾਣ-ਸਨਮਾਨ ਦਿਵਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਚੋਣ ਵਾਅਦੇ ਮੁਤਾਬਿਕ, ਖੇਡਾਂ ਨੂੰ ਪ੍ਰਫੁਲਿੱਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਜਲੰਧਰ ਵਿੱਚ ਇੱਕ ਵੱਡੀ ਖੇਡ ਯੂਨੀਵਰਸਿਟੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕਾ ਖੰਨਾ ਵਿੱਚ ਆਉਣ ਵਾਲੇ ਸਮੇਂ ਵਿੱਚ ਇਨਡੋਰ ਖੇਡਾਂ ਦਾ ਪ੍ਰਬੰਧ ਕਰਨ ਜਾ ਰਹੇ ਹਨ, ਜਿਸ ਵਿੱਚ ਲਾਅਨ ਟੈਨਿਸ, ਟੇਬਲ ਟੈਨਿਸ ਅਤੇ ਬੈਡਮਿੰਟਨ ਆਦਿ ਸ਼ਾਮਲ ਹਨ। ਇਸ ਤੋਂ ਇਲਾਵਾ ਜਿਹੜੇ ਪਿੰਡਾਂ ਵਿੱਚ ਵੱਡੇ ਖੇਡ ਗਰਾਊਂਡ ਹਨ, ਉਨ੍ਹਾਂ ਦਾ ਪੂਰਾ ਧਿਆਨ ਰੱਖ ਕੇ ਨੌਜਵਾਨਾਂ ਨੂੰ ਖੇਡਾਂ ਵੱਲ ਵਿਕਸਿਤ ਕੀਤਾ ਜਾਵੇਗਾ। ਖਿਡਾਰੀ ਗੁਰਦੀਪ ਸਿੰਘ ਦੇ ਪਿਤਾ ਭਾਗ ਸਿੰਘ ਨੇ ਕਿਹਾ ਕਿ ਉਸ ਦੇ ਪੁੱਤਰ ਵੱਲੋਂ ਕਾਂਸੀ ਤਗ਼ਮਾ ਜਿੱਤਣ ’ਤੇ ਉਹ ਬਹੁਤ ਮਾਣ ਮਹਿਸੂਸ ਕਰ ਰਹੇ ਹਨ। ਦੱਸਣਯੋਗ ਹੈ ਕਿ ਕਾਂਸੀ ਤਮਗਾ ਜੇਤੂ ਗੁਰਦੀਪ ਸਿੰਘ ਭਾਰਤੀ ਰੇਲਵੇ ਵਿੱਚ ਬਤੌਰ ਸੀਨੀਅਰ ਟੀਟੀ ਵਜੋਂ ਸੇਵਾਵਾਂ ਨਿਭਾਅ ਰਹੇ ਹਨ।
ਇਸੇ ਦੌਰਾਨ ਇੱਥੋਂ ਦੇ ਰਾਮਗੜ੍ਹੀਆ ਭਵਨ ਵਿੱਚ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਵੱਲੋਂ ਗੁਰਦੀਪ ਸਿੰਘ ਦਾ ਸਨਮਾਨ ਕੀਤਾ ਗਿਆ। ਸਭਾ ਦੇ ਚੇਅਰਮੈਨ ਪੁਸ਼ਕਰਰਾਜ ਸਿੰਘ ਰੂਪਰਾਏ ਅਤੇ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਦੇ ਪਿਤਾ ਭੁਪਿੰਦਰ ਸਿੰਘ ਸੌਂਦ ਨੇ ਨੌਜਵਾਨ ਪੀੜ੍ਹੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਹੋ ਕੇ ਖੇਡਾਂ ਵਿਚ ਹਿੱਸਾ ਲੈਣ ਅਤੇ ਆਪਣੇ ਇਲਾਕੇ ਦਾ ਨਾਂਅ ਰੋਸ਼ਨ ਕਰਨ। ਇਸ ਮੌਕੇ ਕਾਂਸੀ ਤਗ਼ਮਾ ਜੇਤੂ ਖਿਡਾਰੀ ਗੁਰਦੀਪ ਸਿੰਘ ਮਾਜਰੀ ਨੇ ਕਿਹਾ ਕਿ ਉਸ ਦੀ ਇਸ ਪ੍ਰਾਪਤੀ ਦਾ ਸਿਹਰਾ ਸਖਤ ਮਿਹਨਤ ਦੇ ਨਾਲ ਮਾਤਾ-ਪਿਤਾ ਤੇ ਵੇਟ ਲਿਫਟਿੰਗ ਸੈਂਟਰ ਦੇ ਕੋਚ ਸ਼ੁਭਕਰਮਨ ਸਿੰਘ ਰਾਣਾ ਅਤੇ ਕੋਚ ਮੋਹਨ ਸਿੰਘ ਨੂੰ ਜਾਂਦਾ ਹੈ।
ਭਾਜਪਾ ਵੱਲੋਂ ਤਗ਼ਮਾ ਜੇਤੂ ਵਿਕਾਸ ਠਾਕੁਰ ਦਾ ਸਨਮਾਨ
ਲੁਧਿਆਣਾ (ਗੁਰਿੰਦਰ ਸਿੰਘ): ਰਾਸ਼ਟਰ ਮੰਡਲ ਖੇਡਾਂ ਵਿੱਚ ਚਾਂਦੀ ਦਾ ਤਗਮਾ ਜਿੱਤਣ ਵਾਲੇ ਵਿਕਾਸ ਠਾਕੁਰ ਦਾ ਅੱਜ ਇੱਥੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਜੀਵਨ ਗੁਪਤਾ ਦੀ ਅਗਵਾਈ ਹੇਠ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਜੀਵਨ ਗੁਪਤਾ ਨੇ ਘਰ-ਘਰ ਤਿਰੰਗਾ ਮੁਹਿੰਮ ਤਹਿਤ ਵਿਕਾਸ ਠਾਕੁਰ ਨੂੰ ਤਿਰੰਗਾ ਭੇਂਟ ਕੀਤਾ। ਵਿਕਾਸ ਠਾਕੁਰ ਨੇ ਪੰਜਾਬ ਦੇ ਸਮੂਹ ਲੋਕਾਂ ਨੂੰ ਆਪਣੇ ਘਰਾਂ ‘ਤੇ ਤਿਰੰਗਾ ਝੰਡਾ ਲਹਿਰਾਉਣ ਦਾ ਸੱਦਾ ਵੀ ਦਿੱਤਾ। ਇੱਥੇ ਜ਼ਿਕਰਯੋਗ ਹੈ ਕਿ ਲੁਧਿਆਣਾ ਦੇ ਰਹਿਣ ਵਾਲੇ ਵਿਕਾਸ ਠਾਕੁਰ ਨੇ 96 ਕਿਲੋ ਵੇਟਲਿਫਟਿੰਗ ਮੁਕਾਬਲੇ ਵਿੱਚ 346 ਕਿਲੋ ਭਾਰ ਚੁੱਕ ਕੇ ਚਾਂਦੀ ਦਾ ਤਗ਼ਮਾ ਜਿੱਤਿਆ ਹੈ।