ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 19 ਜੁਲਾਈ
ਕ੍ਰਿਕਟਰ ਤੋਂ ਰਾਜਨੀਤੀ ਦੇ ਮੈਦਾਨ ’ਚ ਆਏ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਤੋਂ ਬਾਅਦ ਜ਼ਿਲ੍ਹਾ ਕਾਂਗਰਸ ’ਚ ਜਸ਼ਨ ਦਾ ਮਾਹੌਲ ਹੈ। ਸੋਮਵਾਰ ਨੂੰ ਘੰਟਾ ਘਰ ਚੌਕ ਸਥਿਤ ਜ਼ਿਲ੍ਹਾ ਕਾਂਗਰਸ ਦਫ਼ਤਰ ’ਚ ਪ੍ਰਧਾਨ ਅਸਵਨੀ ਸ਼ਰਮਾ ਦੀ ਅਗਵਾਈ ’ਚ ਲੱਡੂ ਵੰਡ ਕੇ ਕਾਂਗਰਸੀਆਂ ਨੇ ਇੱਕ-ਦੂਜੇ ਨੂੰ ਵਧਾਈਆਂ ਦਿੱਤੀਆਂ। ਇਸ ਦੌਰਾਨ ਕਾਂਗਰਸੀਆਂ ਨੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੱਕ ’ਚ ਨਾਅਰੇਬਾਜ਼ੀ ਕਰਦੇ ਹੋਏ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ।
ਕਾਂਗਰਸੀਆਂ ਦਾ ਕਹਿਣਾ ਹੈ ਕਿ ਸਿੱਧੂ ਦੀ ਅਗਵਾਈ ’ਚ ਕਾਂਗਰਸ ਪਾਰਟੀ ਆਗਾਮੀ ਵਿਧਾਨ ਸਭਾ ਚੋਣਾਂ ’ਚ ਜ਼ਬਰਦਸਤ ਪ੍ਰਦਰਸ਼ਨ ਕਰ ਕੇ ਸਰਕਾਰ ਬਣਾਏਗੀ। ਕਾਂਗਰਸ ਭਵਨ ’ਚ ਆਗੂ ਤੇ ਵਰਕਰ ਸਿੱਧੂ ਦੇ ਪ੍ਰਧਾਨ ਬਣਨ ’ਤੇ ਕਾਂਗਰਸ ’ਚ ਆਉਣ ਵਾਲੇ ਸੰਭਾਵੀ ਬਦਲ ਦੇ ਬਾਰੇ ’ਚ ਚਰਚਾ ਕਰਦੇ ਦਿਖੇ।
ਦੋਰਾਹਾ (ਜੋਗਿੰਦਰ ਸਿੰਘ ਓਬਰਾਏ): ਸਿੱਧੂ ਦੀ ਕਾਂਗਰਸ ਦੀ ਸੂਬਾ ਪ੍ਰਧਾਨਗੀ ਨਾਲ ਜਿੱਥੇ ਕੈਪਟਨ ਅਮਰਿੰਦਰ ਸਿੰਘ ਦੀ ਕਾਰਗੁਜ਼ਾਰੀ ਸਬੰਧੀ ਟਕਸਾਲੀ ਕਾਂਗਰਸੀਆਂ ਵਿਚ ਨਿਰਾਸ਼ਾ ਪਾਈ ਜਾ ਰਹੀ ਸੀ, ਉੱਥੇ ਅੱਜ ਸਿੱਧੂ ਦੇ ਪ੍ਰਧਾਨ ਬਣਨ ਉਪਰੰਤ ਕਾਂਗਰਸੀਆਂ ਦੇ ਚਿਹਰਿਆਂ ’ਤੇ ਲਾਲੀ ਆ ਗਈ। ਅੱਜ ਸ਼ਹਿਰੀ ਕਾਂਗਰਸ ਪ੍ਰਧਾਨ ਬੌਬੀ ਤਿਵਾੜੀ, ਕੌਂਸਲ ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ ਤੇ ਬੰਤ ਸਿੰਘ ਦੋਬੁਰਜੀ ਦੀ ਅਗਵਾਈ ਹੇਠ ਲੱਡੂ ਵੰਡੇ ਗਏ। ਸ੍ਰੀ ਪੱਪੂ ਨੇ ਕਿਹਾ ਕਿ ਕਾਂਗਰਸੀ ਵਰਕਰਾਂ ਵਿਚ ਨੌਜਵਾਨ ਆਗੂ ਪ੍ਰਧਾਨ ਦੀ ਚਿਰੋਕਣੀ ਮੰਗ ਸੀ। ਇਹ ਪਾਰਟੀ ਹਾਈਕਮਾਂਡ ਦਾ ਸ਼ਲਾਘਾਯੋਗ ਕਦਮ ਹੈ। ਦੋਬੁਰਜੀ ਨੇ ਕਿਹਾ ਕਿ ਹੁਣ ਪੰਜਾਬ ਅੰਦਰ ਮੁੜ ਕਾਂਗਰਸ ਦੀ ਸਰਕਾਰ ਆਉਣੀ ਯਕੀਨੀ ਬਣ ਗਈ ਹੈ।
ਰਾਏਕੋਟ (ਰਾਮ ਗੋਪਾਲ ਰਾਏਕੋਟੀ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਵਾਗਡੋਰ ਨਵਜੋਤ ਸਿੰਘ ਸਿੱਧੂ ਦੇ ਹੱਥ ਵਿੱਚ ਦੇਣ ਤੋਂ ਬਾਅਦ ਕਾਂਗਰਸੀ ਵਰਕਰਾਂ ਵਿੱਚ ਨਵਾਂ ਜੋਸ਼ ਦੇਖਣ ਨੂੰ ਮਿਲ ਰਿਹਾ ਹੈ। ਇਸ ਨਿਯੁਕਤੀ ਨੂੰ ਲੈ ਕੇ ਅੱਜ ਸਥਾਨਕ ਕਾਂਗਰਸ ਦਫ਼ਤਰ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਲੱਡੂ ਵੰਡ ਕੇ ਖ਼ੁਸ਼ੀ ਮਨਾਈ ਗਈ। ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ ਅਤੇ ਨਗਰ ਕੌਂਸਲ ਪ੍ਰਧਾਨ ਸੁਦਰਸ਼ਨ ਜੋਸ਼ੀ ਦੀ ਅਗਵਾਈ ’ਚ ਇਕੱਠੇ ਹੋਏ ਕਾਂਗਰਸੀ ਵਰਕਰਾਂ ਨੇ ਪਾਰਟੀ ਹਾਈਕਮਾਂਡ ਦੇ ਇਸ ਫ਼ੈਸਲੇ ਦਾ ਭਰਵਾਂ ਸਵਾਗਤ ਕੀਤਾ।
ਹਾਈਕਮਾਂਡ ਦਾ ਫ਼ੈਸਲਾ ਸਭ ਨੂੰ ਮੰਨਣਾ ਚਾਹੀਦੈ: ਅਸ਼ਵਨੀ ਸ਼ਰਮਾ
ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਹਾਈਕਮਾਂਡ ਵੱਲੋਂ ਨਵਜੋਤ ਸਿੱਧੂ ਨੂੰ ਪ੍ਰਧਾਨ ਥਾਪਿਆ ਗਿਆ ਹੈ। ਹਾਈਕਮਾਂਡ ਦਾ ਫ਼ੈਸਲਾ ਸਾਰਿਆਂ ਨੂੰ ਮੰਨਣਾ ਚਾਹੀਦਾ ਹੈ। ਸਾਰੇ ਇਕੱਜੁਟਤਾ ਨਾਲ ਸਿੱਧੂ ਦੀ ਅਗਵਾਈ ’ਚ ਅੱਗੇ ਵਧਣਗੇ। ਸਿੱਧੂ ਦੀ ਪ੍ਰਧਾਨਗੀ ’ਚ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ।
ਕੈਪਟਨ ਦੇ ਸੋਹਲੇ ਗਾਉਣ ਵਾਲੇ ਸਿੱਧੂ ਦੇ ਗੁਣਗਾਨ ਕਰਨ ਲੱਗੇ
ਪਾਇਲ (ਦੇਵਿੰਦਰ ਸਿੰਘ ਜੱਗੀ): ਹਲਕੇ ਦੇ ਕਾਂਗਰਸੀਆਂ ਨੇ ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ ਨੂੰ ਲੈ ਕੇ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਇਸ ਫ਼ੈਸਲੇ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਮਰਥਕਾਂ ’ਚ ਨਿਰਾਸ਼ਾ ਪਾਈ ਜਾ ਰਹੀ ਹੈ, ਦੂਜੇ ਪਾਸੇ ਸ੍ਰੀ ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਨਾਲ ਹਲਕੇ ਦੇ ਕਾਂਗਰਸੀਆਂ ਦੇ ਚਿਹਰਿਆਂ ਉੱਪਰ ਲਾਲੀ ਛਾ ਗਈ ਹੈ। ਪ੍ਰਧਾਨ ਮਲਕੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਸ੍ਰੀ ਸਿੱਧੂ ਦੇ ਪ੍ਰਧਾਨ ਬਣਨ ਨਾਲ ਪਾਰਟੀ ਮਜ਼ਬੂਤ ਹੋਵੇਗੀ। ਹੈਰਾਨੀ ਦੀ ਗੱਲ ਇਹ ਵੀ ਹੈ ਕਿ ਕੈਪਟਨ ਦੇ ਸੋਹਲੇ ਗਾਉਣ ਵਾਲੇ ਹੁਣ ਸਿੱਧੂ ਦੇ ਗੁਣਗਾਨ ਕਰਨ ਲੱਗੇ ਹਨ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਮਲਕੀਤ ਸਿੰਘ ਗੋਗਾ, ਪੀਏ ਰਣਜੀਤ ਸਿੰਘ, ਰੁਪਿੰਦਰ ਸਿੰਘ ਬਿੰਦੂ, ਕੌਂਸਲਰ ਹਰਪਰੀਤ ਸਿੰਘ, ਮਨਜੀਤ ਕੌਰ ਆਦਿ ਹਾਜ਼ਰ ਸਨ।