ਸੰਤੋਖ ਗਿੱਲ
ਗੁਰੂਸਰ ਸੁਧਾਰ, 25 ਮਈ
ਜਨਵਾਦੀ ਇਸਤਰੀ ਸਭਾ ਦੀ ਆਗੂ ਕੁਲਜੀਤ ਕੌਰ ਗਰੇਵਾਲ ਨੇ ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਲੜੀਵਾਰ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੱਦੇ ਅਨੁਸਾਰ ਵਿਵਾਦਿਤ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਮੋਦੀ ਸਰਕਾਰ ਵਿਰੁੱਧ ਚੱਲ ਰਹੇ ਕਿਸਾਨ ਮੋਰਚੇ ਦੇ ਛੇ ਮਹੀਨੇ ਪੂਰੇ ਹੋਣ ਅਤੇ ਮੋਦੀ ਦੀ ਫਾਸ਼ੀਵਾਦੀ ਸਰਕਾਰ ਦੇ ਸੱਤ ਸਾਲ ਪੂਰੇ ਹੋਣ ਉੱਤੇ ਦੇਸ਼ ਵਾਸੀ ਭਲਕੇ ਬੁੱਧਵਾਰ ਨੂੰ ਕਾਲਾ ਦਿਵਸ ਮਨਾਉਣਗੇ। ਘਰਾਂ, ਗੱਡੀਆਂ, ਚੌਰਾਹਿਆਂ ਅਤੇ ਪੱਕੇ ਮੋਰਚਿਆਂ ਉੱਪਰ ਕਾਲੇ ਝੰਡੇ ਲਹਿਰਾ ਕੇ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੀ ਅਰਥੀ ਫੂਕੀ ਜਾਵੇਗੀ। ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਉੱਘੇ ਰੰਗਕਰਮੀ ਡਾ. ਸੋਮਪਾਲ ਹੀਰਾ ਨਾਟਕ ਪੇਸ਼ ਕਰਨਗੇ। ਪਰਮਜੀਤ ਕੌਰ, ਮਹਿੰਦਰ ਕੌਰ ਅਤੇ ਚਰਨਜੀਤ ਕੌਰ ਦੀ ਅਗਵਾਈ ਵਿਚ ਲੜੀਵਾਰ ਧਰਨੇ ਨੂੰ ਹੋਰਨਾਂ ਤੋਂ ਇਲਾਵਾ ਅਮਨਦੀਪ ਕੌਰ, ਸੁਖਵਿੰਦਰ ਕੌਰ, ਮੋਨਿਕਾ ਢਿੱਲੋਂ, ਕਿਸਾਨ ਆਗੂ ਸੁਰਜੀਤ ਸਿੰਘ ਸੀਲੋ, ਅਮਰੀਕ ਸਿੰਘ ਜੜਤੌਲੀ, ਨੌਜਵਾਨ ਆਗੂ ਹਰਨੇਕ ਸਿੰਘ ਗੁੱਜਰਵਾਲ ਨੇ ਵੀ ਸੰਬੋਧਨ ਕੀਤਾ। ਉੱਧਰ ਲੁਧਿਆਣਾ ਬਠਿੰਡਾ ਰਾਜ ਮਾਰਗ ਦੇ ਹਿੱਸੋਵਾਲ ਟੌਲ ਪਲਾਜ਼ਾ ਉੱਤੇ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਲੜੀਵਾਰ ਧਰਨਾ ਜਾਰੀ ਹੈ। ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਲਕੇ ਮੋਦੀ ਸਰਕਾਰ ਦੀ ਅਰਥੀ ਫੂਕੀ ਜਾਵੇਗੀ ਅਤੇ ਕਾਲੇ ਝੰਡੇ ਲਹਿਰਾਏ ਜਾਣਗੇ।