ਤੇਜਿੰਦਰ ਸਿੰਘ ਖਾਲਸਾ
ਚੋਹਲਾ ਸਾਹਿਬ, 7 ਮਾਰਚ
ਹਰੀਕੇ ਪੱਤਣ ਪੰਛੀ ਰੱਖ ਵਿੱਚ ਬੀਤੀ ਰਾਤ ਅਚਾਨਕ ਅੱਗ ਲੱਗ ਗਈ। ਇਹ ਅੱਗ ਫਿਰੋਜ਼ਪੁਰ ਜ਼ਿਲ੍ਹੇ ਦੀ ਸਰਹੱਦ ਅੰਦਰ ਪੈਂਦੇ ਖੇਤਰ ਵਿੱਚ ਸ਼ੁਰੂ ਹੋਈ। ਇੱਥੇ ਅਕਸਰ ਜੰਗਲੀ ਜੀਵ ਹੁੰਦੇ ਹਨ। ਇਸ ਦੌਰਾਨ ਫਿਰੋਜ਼ਪੁਰ ਅਤੇ ਤਰਨ ਤਾਰਨ ਜ਼ਿਲ੍ਹੇ ਨਾਲ ਸਬੰਧਤ ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਨੇ ਡੇਡ ਘੰਟੇ ਦੀ ਸਖ਼ਤ ਮਿਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਹਰੀਕੇ ਪੱਤਣ ਪੰਛੀ ਰੱਖ ਪਿਛਲੇ ਕਈ ਸਾਲਾਂ ਤੋਂ ਲਗਪਗ 25 ਲੋਕਾਂ ਦੇ ਗੈਰ-ਕਾਨੂੰਨੀ ਕਬਜ਼ੇ ਹੇਠ ਹੈ। ਇੱਥੇ, ਨਾਜਾਇਜ਼ ਸ਼ਰਾਬ ਦੀ ਤਸਕਰੀ ਵੱਡੀ ਪੱਧਰ ’ਤੇ ਹੁੰਦੀ ਹੈ। ਪੁਲੀਸ ਨੇ ਦੋ ਦਿਨ ਪਹਿਲਾਂ ਵੀ ਪੰਛੀ ਰੱਖ ਵਿੱਚ ਛਾਪਾ ਮਾਰ ਕੇ 21 ਹਜ਼ਾਰ ਲਿਟਰ ਲਾਹਣ ਬਰਾਮਦ ਕੀਤੀ ਸੀ। ਮੰਨਿਆ ਜਾਂਦਾ ਹੈ ਕਿ ਪੰਛੀ ਰੱਖ ਵਿੱਚ ਇਹ ਅੱਗ ਨਾਜਾਇਜ਼ ਸ਼ਰਾਬ ਤਸਕਰਾਂ ਵੱਲੋਂ ਸ਼ਰਾਬ ਦੀ ਭੱਠੀ ਸਥਾਪਤ ਕੀਤੇ ਜਾਣ ਵੇਲੇ ਫੈਲੀ ਸੀ ਪਰ ਅਜੇ ਤੱਕ ਕਿਸੇ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਬੀਤੀ ਸ਼ਾਮ 6 ਵਜੇ ਪੰਛੀ ਰੱਖ ਵਿੱਚ ਅੱਗ ਦੀਆਂ ਲਪਟਾਂ ਦੇਖੀਆਂ ਗਈਆਂ, ਜਿਸ ਤੋਂ ਬਾਅਦ ਵਿਭਾਗ ਦੇ ਕਰਮਚਾਰੀਆਂ ਨੂੰ ਹੱਥਾਂ-ਪੈਰਾਂ ਦੀ ਪੈ ਗਈ।
ਫਿਰੋਜ਼ਪੁਰ ਤੇ ਤਰਨ ਤਾਰਨ ਜ਼ਿਲ੍ਹਿਆਂ ਨਾਲ ਸਬੰਧਤ ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਦੇ ਅਮਲੇ ਨੇ ਡੇਢ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਅੱਗ ਲੱਗਣ ਕਾਰਨ ਪੰਛੀਆਂ ਨੂੰ ਹੋਏ ਨੁਕਸਾਨ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ।
ਜ਼ਿਲ੍ਹਾ ਜੰਗਲਾਤ ਅਫ਼ਸਰ ਨਲਿਨ ਯਾਦਵ ਦਾ ਕਹਿਣਾ ਹੈ ਕਿ ਫਿਲਹਾਲ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ। ਅਜੇ ਤੱਕ ਅੱਗ ਨਾਲ ਹੋਏ ਨੁਕਸਾਨ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ਭਲਕੇ ਅਧਿਕਾਰੀਆਂ ਦੀ ਟੀਮ ਮੌਕੇ ’ਤੇ ਜਾਵੇਗੀ ਅਤੇ ਅੱਗ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਵੇਗੀ। ਉਨ੍ਹਾਂ ਕਿਹਾ ਕਿ ਪੰਛੀ ਰੱਖ ਵਿੱਚ ਸਾਲਾਂ ਤੋਂ ਚੱਲ ਰਹੇ ਨਾਜਾਇਜ਼ ਕਬਜ਼ਿਆਂ ਬਾਰੇ ਕਪੂਰਥਲਾ ਦੀ ਅਦਾਲਤ ਵਿੱਚ ਮੁਕੱਦਮੇ ਚੱਲ ਰਹੇ ਹਨ। ਵਿਭਾਗ ਨਾਜਾਇਜ਼ ਕਬਜ਼ਿਆਂ ਨੂੰ ਦੂਰ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।