ਪੱਤਰ ਪ੍ਰੇਰਕ
ਤਰਨ ਤਾਰਨ, 15 ਜੂਨ
ਆਮ ਆਦਮੀ ਪਾਰਟੀ ਦੇ ਵਾਲੰਟੀਅਰਾਂ ਨੇ ਇਲਾਕੇ ਦੇ ਪਿੰਡ ਝਾਮਕਾ ਵਿੱਚ ਕੀਤੀ ਮੀਟਿੰਗ ਵਿੱਚ ਖੁਰਾਕ ਸਪਲਾਈ ਵਿਭਾਗ ਵੱਲੋਂ ਲੋਕਾਂ ਨੂੰ ਸਸਤੀਆਂ ਦਰਾਂ ’ਤੇ ਰਾਸ਼ਨ ਦੇਣ ਲਈ ਬਣਾਏ ਨੀਲੇ ਕਾਰਡ ਸੂਚੀ ਵਿੱਚੋਂ ਕੱਟਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ| ਮੀਟਿੰਗ ਨੂੰ ਪਾਰਟੀ ਦੇ ਸਥਾਨਕ ਹਲਕਾ ਇੰਚਾਰਜ ਡਾ. ਕਸ਼ਮੀਰ ਸਿੰਘ ਸੋਹਲ ਨੇ ਸੰਬੋਧਨ ਕੀਤਾ। ਇਸ ਦੌਰਾਨ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਲਾਖਣਾ ਨੇ ਲੋਕਾਂ ਨੂੰ 18 ਜੂਨ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਦੇ ਕੀਤੇ ਜਾਣ ਵਾਲੇ ਘਿਰਾਓ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ| ਮੀਟਿੰਗ ਨੂੰ ਹੋਰਨਾਂ ਤੋਂ ਇਲਾਵਾ ਮਾਸਟਰ ਸ਼ਿੰਗਾਰਾ ਸਿੰਘ, ਹਰਜੀਤ ਸਿੰਘ ਸੋਹਲ, ਬਲਦੇਵ ਸਿੰਘ ਪੰਨੂ ਆਦਿ ਨੇ ਵੀ ਸੰਬੋਧਨ ਕੀਤਾ।
ਅਦਾਲਤ ਦਾ ਸਹਾਰਾ ਲਿਆ ਜਾਵੇਗਾ: ਤਲਵਾੜ
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਨੀਲੇ ਕਾਰਡ ਧਾਰਕਾਂ ਦੇ ਨਾਂ ਸੂਚੀਆਂ ਵਿੱਚੋਂ ਕੱਟੇ ਜਾਣ ਅਤੇ ਹੋਰ ਸਮੱਸਿਆਵਾਂ ਨੂੰ ਲੈ ਕੇ ਲੋਕ ਯੂਥ ਡਿਵੈਲਪਮੈਂਟ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਸੰਜੀਵ ਤਲਵਾੜ ਨੂੰ ਮਿਲੇ। ਲੋਕਾਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਨਾਂ ਜਾਣਬੁੱਝ ਕੇ ਕੱਟੇ ਗਏ ਹਨ। ਉਧਰ ਸ੍ਰੀ ਤਲਵਾੜ ਨੇ ਕਿਹਾ ਕਿ ਇਸ ਸਬੰਧੀ ਜ਼ਿਲ੍ਹਾ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਜਾ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਜਲਦੀ ਸਾਰੇ ਮਾਮਲੇ ਦੀ ਜਾਂਚ ਕਰਕੇ ਲੋੜਵੰਦ ਲੋਕਾਂ ਨਾਲ ਧੱਕੇਸ਼ਾਹੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਵਿਭਾਗ ਵੱਲੋਂ ਇੱਕ ਹਫ਼ਤੇ ਅੰਦਰ ਕਾਰਵਾਈ ਨਾ ਕੀਤੀ ਗਈ ਤਾਂ ਅਦਾਲਤ ਦਾ ਸਹਾਰਾ ਲਿਆ ਜਾਵੇਗਾ।