ਜਤਿੰਦਰ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 20 ਅਗਸਤ
ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਦਿੱਲੀ-ਅੰਮ੍ਰਿਤਸਰ-ਕੱਟੜਾ ਨੈਸ਼ਨਲ ਹਾਈਵੇਅ ਪ੍ਰਾਜੈਕਟ ਅਧੀਨ ਪਿੰਡ ਫਤਿਆਬਾਦ ਤੇ ਖੁਆਸਪੁਰ ਦੀ ਲੱਗਭਗ 2.5 ਕਿਲੋਮੀਟਰ ਜ਼ਮੀਨ ਦਾ ਸਬੰਧਿਤ ਜ਼ਮੀਨ ਮਾਲਕਾਂ ਦੀ ਸਹਿਮਤੀ ਨਾਲ ਕਬਜ਼ਾ ਪ੍ਰਾਪਤ ਕਰ ਕੇ ਨੈਸ਼ਨਲ ਹਾਈਵੇ ਅਥਾਰਿਟੀ ਨੂੰ ਦਿੱਤਾ ਗਿਆ।
ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਦੱਸਿਆ ਕਿ ਅੱਜ ਉਪ ਮੰਡਲ ਮੈਜਿਸਟਰੇਟ ਤਰਨ ਤਾਰਨ ਸਿਮਰਨਦੀਪ ਸਿੰਘ ਅਤੇ ਉਪ ਮੰਡਲ ਮੈਜਿਸਟਰੇਟ-ਕਮ-ਭੌਂ ਪ੍ਰਾਪਤੀ ਕੁਲੈਕਟਰ, ਖਡੂਰ ਸਾਹਿਬ ਸਚਿਨ ਪਾਠਕ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਵੱਲੋਂ ਪਿੰਡ ਫਤਿਆਬਾਦ ਵਿਖੇ 1.3 ਕਿਲੋਮੀਟਰ ਅਤੇ ਪਿੰਡ ਖੁਆਸਪੁਰ ਵਿਖੇ 1.2 ਕਿਲੋਮੀਟਿਰ ਜ਼ਮੀਨ ਦਾ ਕਬਜ਼ਾ ਲੈ ਕੇ ਨੈਸ਼ਨਲ ਹਾਈਵੇ ਅਥਾਰਿਟੀ ਦੇ ਸਪੁਰਦ ਕੀਤਾ ਗਿਆ ਹੈ ਤਾਂ ਜੋ ਦਿੱਲੀ-ਅੰਮ੍ਰਿਤਸਰ-ਕੱਟੜਾ ਨੈਸ਼ਨਲ ਹਾਈਵੇ ਪ੍ਰੋਜੈਕਟ ਦੀ ਉਸਾਰੀ ਦਾ ਕੰਮ ਜਲਦੀ ਮੁਕੰਮਲ ਹੋ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਮੀਨ ਐਕੁਆਇਰ ਕਰਨ ਦੀ ਪ੍ਰਕਿਰਿਆ ਜ਼ਮੀਨ ਮਾਲਕਾਂ ਨੂੰ ਪਹਿਲਾ ਹੀ ਵਿਸ਼ਵਾਸ਼ ਵਿੱਚ ਲੈ ਕੇ ਕੀਤੀ ਗਈ ਹੈ, ਸਬੰਧਿਤ ਜ਼ਮੀਨ ਦੇ ਮਾਲਕਾਂ ਵੱਲੋਂ ਕਬਜ਼ਾ ਲੈਣ ਵਿੱਚ ਪੂਰਾ ਸਹਿਯੋਗ ਕੀਤਾ ਗਿਆ ਹੈ। ਉਨ੍ਹਾਂ ਹੋਰ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਆਪਣਾ ਬਣਦਾ ਮੁਆਵਜ਼ਾ ਲੈ ਕੇ ਜ਼ਮੀਨ ਦਾ ਕਬਜ਼ਾ ਨੈਸ਼ਨਲ ਹਾਈਵੇ ਅਥਾਰਿਟੀ ਨੂੰ ਦੇਣ। ਐੱਸਡੀਐੱਮ ਸਚਿਨ ਪਾਠਕ ਨੇ ਦੱਸਿਆ ਕਿ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸਵੇਅ ਦੀ ਉਸਾਰੀ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਕੁੱਲ 21 ਪਿੰਡਾਂ ਦੀ ਜ਼ਮੀਨ ਐਕੁਆਇਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਬ ਡਿਵੀਜ਼ਨ ਖਡੂਰ ਸਾਹਿਬ ਵਿੱਚ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਵੇਅ ਲਈ ਹੁਣ ਤੱਕ ਕੁੱਲ 19 ਪਿੰਡਾਂ ਦੀ 239.51 ਹੈਅਕਟੇਅਰ (22.75 ਕਿਲੋਮੀਟਰ) ਜ਼ਮੀਨ ਐਕੁਵਾਇਰ ਕਰਨ ਲਈ ਪ੍ਰਕਿਰਿਆ ਚੱਲ ਰਹੀ ਹੈ।
ਇਸ ਦੌਰਾਨ ਪਿੰਡ ਝੰਡੇਰ ਮਹਾਂਪੁਰਖ ਵਿਖੇ ਕਬਜ਼ਾ ਲੈਣ ਆਏ ਪ੍ਰਸ਼ਾਸਨ ਦਾ ਕਿਸਾਨਾਂ ਵੱਲੋਂ ਸਖ਼ਤ ਵਿਰੋਧ ਜਤਾਇਆ ਗਿਆ। ਕਿਸਾਨ ਆਗੂ ਦਿਆਲ ਸਿੰਘ ਮੀਆਵਿੰਡ, ਦਵਿੰਦਰ ਸਿੰਘ ਗਿੱਲ ਤੇ ਯਾਦਵਿੰਦਰ ਸਿੰਘ ਯਾਦੀ ਨੇ ਆਖਿਆ ਕਿ ਪ੍ਰਸ਼ਾਸਨ ਕਬਜ਼ਾ ਲੈਣ ਲਈ ਕਿਸਾਨਾਂ ਨਾਲ ਧੱਕੇਸ਼ਾਹੀ ਕਰ ਰਿਹਾ ਹੈ। ਕਿਸਾਨਾਂ ਦੀ ਹਾਈਵੇਅ ਲਈ ਅਕੁਆਇਰ ਕੀਤੀ ਜ਼ਮੀਨ ਦਾ ਸਰਕਾਰ ਯੋਗ ਮੁਆਵਜ਼ਾ ਦੇਵੇ।