ਜਤਿੰਦਰ ਬੈਂਸ
ਗੁਰਦਾਸਪੁਰ, 10 ਨਵੰਬਰ
ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਗੁਰਦਾਸਪੁਰ ਰੇਲਵੇ ਸਟੇਸ਼ਨ ਦੇ ਪਾਰਕ ਵਿੱਚ ਚੱਲ ਰਿਹਾ ਧਰਨਾ ਅੱਜ 41ਵੇਂ ਦਿਨ ਵੀ ਜਾਰੀ ਰਿਹਾ। ਕਿਸਾਨਾਂ ਨੇੇ ਮੋਦੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇੱਕ ਪਾਸੇ ਕਿਸਾਨਾਂ ਨੂੁੰ ਗੱਲਬਾਤ ਦਾ ਸੱਦਾ ਦੇਣ ਅਤੇ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਾਲੇ ਕਾਨੂੰਨਾਂ ਦੀ ਪ੍ਰੋੜ੍ਹਤਾ ਕਰਨ ਤੋਂ ਸਰਕਾਰ ਦੀ ਬਦਨੀਤੀ ਝਲਕ ਰਹੀ ਹੈ।
ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੀ ਹੀ ਪਾਰਟੀ ਦੀ ਪੰਜਾਬ ਇਕਾਈ ਦੀ ਰਾਇ ਦੀ ਅਣਦੇਖੀ ਕਰ ਰਹੀ ਹੈ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਨੂੰ ਦੇਣ ਮਗਰੋਂ ਅਜਿਹੇ ਹਾਲਾਤ ਪੈਦਾ ਕਰ ਦਿੱਤੇ ਜਾਣਗੇ ਕਿ ਕਿਸਾਨ ਆਪਣੀਆਂ ਜ਼ਮੀਨਾਂ ਉਨ੍ਹਾਂ ਨੂੰ ਦੇਣ ਲਈ ਮਜਬੂਰ ਹੋ ਜਾਣਗੇ। ਉਨ੍ਹਾਂ ਕਿਹਾ ਕਿ ਜ਼ਰੂਰੀ ਵਸਤਾਂ ਦੇ 1955 ਦੇ ਕਾਨੂੰਨ ਦੀ ਸੋਧ ਸਭ ਤੋਂ ਵੱਡਾ ਹਮਲਾ ਬੇਜ਼ਮੀਨੇ ਮਜ਼ਦੂਰਾਂ ਅਤੇ ਹੋਰ ਆਮ ਲੋਕਾਂ ਉੱਪਰ ਹੈ, ਜਿਸ ਵਾਸਤੇ ਜ਼ਰੂਰੀ ਹੈ ਕਿ ਕਿਸਾਨ ਘੋਲ ਨੂੰ ਲੋਕ ਘੋਲ ਖ਼ਾਸ ਕਰਕੇ ਮਜ਼ਦੂਰ-ਕਿਸਾਨ ਘੋਲ ਬਣਾਇਆ ਜਾਵੇ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਕਿਸਾਨ ਜਥੇਬੰਦੀਆਂ ਵੱਲੋਂ ਲਾਚੋਵਾਲ ਟੌਲ ਪਲਾਜ਼ਾ ’ਤੇ ਲਾਇਆ ਧਰਨਾ ਲਗਾਤਾਰ ਜਾਰੀ ਹੈ। ਅੱਜ 31ਵੇਂ ਦਿਨ ਦੇ ਧਰਨੇ ਦੀ ਅਗਵਾਈ ਕਿਸਾਨ ਆਗੂ ਗੁਰਦੀਪ ਸਿੰਘ ਖੁਣ-ਖੁਣ, ਸਵਰਨ ਸਿੰਘ ਧੁੱਗਾ, ਉਂਕਾਰ ਸਿੰਘ ਧਾਮੀ, ਓਮ ਸਿੰਘ, ਦਵਿੰਦਰ ਸਿੰਘ ਕੱਕੋਂ, ਹਰਪ੍ਰੀਤ ਸਿੰਘ ਨੇ ਕੀਤੀ। ਇਸ ਮੌਕੇ ਕਿਸਾਨ ਆਗੂਆਂ ਨੇ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸਾਨ ਕਿਸੇ ਵੀ ਕੀਮਤ ’ਤੇ ਆਪਣਾ ਸੰਘਰਸ਼ ਵਾਪਸ ਨਹੀਂ ਲੈਣਗੇ। ਕਮੇਟੀ ਪਿੰਡ-ਪਿੰਡ ਜਾ ਕੇ ਕਿਸਾਨਾਂ-ਮਜ਼ਦੂਰਾਂ ਨੂੰ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਲਾਮਬੰਦ ਕਰੇਗੀ। ਇਸ ਮੌਕੇ ਗੁਰਮੇਲ ਸਿੰਘ, ਗੁਰਮੇਸ਼ ਸਿੰਘ, ਜਗਤ ਸਿੰਘ, ਰਾਮ ਸਿੰਘ, ਕਿਰਪਾਲ ਸਿੰਘ, ਹਰਭਜਨ ਸਿੰਘ, ਗੁਰਚਰਨ ਸਿੰਘ, ਜਗਤਾਰ ਸਿੰਘ ਹਾਜ਼ਰ ਸਨ।
ਮਾਨਸਰ (ਮਨਪ੍ਰੀਤ ਸਿੰਘ): ਕਿਸਾਨ ਜਥੇਬੰਦੀਆਂ ਵੱਲੋਂ ਜਲੰਧਰ-ਪਠਾਨਕੋਟ ਕੌਮੀ ਮਾਰਗ ’ਤੇ ਸਥਿਤ ਮਾਨਸਰ ਟੌਲ ਪਲਾਜ਼ਾ ’ਤੇ 31ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਧਰਨੇ ਵਿੱਚ ਹਾਜ਼ਰ ਕਿਸਾਨਾਂ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
‘ਦਿੱਲੀ ਚੱਲੋ’ ਐਕਸ਼ਨ ਲਈ ਕਿਸਾਨਾਂ ਦੀ ਲਾਮਬੰਦੀ
ਤਰਨ ਤਾਰਨ (ਪੱਤਰ ਪ੍ਰੇਰਕ): ਕੇਂਦਰ ਸਰਕਾਰ ਖ਼ਿਲਾਫ਼ ਸ਼ੁਰੂ ਕੀਤੇ ਅੰਦੋਲਨ ਸਬੰਧੀ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵਿੱਚ 26 ਨਵੰਬਰ ਨੂੰ ਦਿੱਤੇ ਜਾਣ ਧਰਨੇ ਬਾਰੇ ਲਾਮਬੰਦੀ ਲਈ ਅੱਜ ਇੱਥੇ ਜਮਹੂਰੀ ਕਿਸਾਨ ਸਭਾ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਹੋਈ| ਮੀਟਿੰਗ ਦੀ ਪ੍ਰਧਾਨਗੀ ਸਭਾ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਦਿਆਲਪੁਰਾ ਨੇ ਕੀਤੀ| ਬੁਲਾਰਿਆਂ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਸਾਜ਼ਿਸ਼ ਤਹਿਤ ਕਿਸਾਨਾਂ ਕੋਲੋਂ ਜ਼ਮੀਨ ਖੋਹਣ ਦੇ ਰਾਹ ਪਈ ਹੈ।
ਮਾਨਸਰ (ਪੱਤਰ ਪ੍ਰੇਰਕ): ਕਿਸਾਨ ਜਥੇਬੰਦੀਆਂ ਵੱਲੋਂ 26-27 ਨਵੰਬਰ ਦੇ ‘ਦਿੱਲੀ ਚੱਲੋ’ ਐਕਸ਼ਨ ਨੂੰ ਸਫ਼ਲ ਬਣਾਉਣ ਲਈ ਪਿੰਡ-ਪਿੰਡ ਜਾ ਕੇ ਲਾਮਬੰਦੀ ਕੀਤੀ ਜਾ ਰਹੀ ਹੈ। ਪਿੰਡ ਸਿੱਬੋਚੱਕ ਵਿੱਚ ਬੈਠਕ ਦੌਰਾਨ ਧਰਮਿੰਦਰ ਸਿੰਘ ਸਿੰਬਲੀ, ਮਾਸਟਰ ਸਵਰਨ ਸਿੰਘ ਤੇ ਗੌਤਮ ਸਿੰਘ ਨੇ ਖੇਤੀ ਕਾਨੂੰਨਾਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ 26-27 ਨਵੰਬਰ ਦੇ ‘ਦਿੱਲੀ ਚੱਲੋਂ’ ਐਕਸ਼ਨ ਲਈ ਲੋਕਾਂ ਨੂੰ ਲਾਮਬੰਦ ਕੀਤਾ।