ਜਤਿੰਦਰ ਬੈਂਸ
ਗੁਰਦਾਸਪੁਰ, 18 ਸਤੰਬਰ
ਹਾੜ੍ਹੀ ਦੀਆਂ ਫ਼ਸਲਾਂ ਦੇ ਸੰਬੰਧ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾਕਟਰ ਸਤਬੀਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਖੇਤਰੀ ਕੇਂਦਰ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ ਗਿਆ।
ਮੇਲੇ ਦੇ ਮੁੱਖ ਮਹਿਮਾਨ ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ ਖੇਤਰੀ ਖੋਜ ਕੇਂਦਰ ਦੇ ਗੇਟ ਉੱਪਰ ਬੀਜਾਂ ਦੇ ਵਿਕਰੀ ਕੇਂਦਰ ਦਾ ਉਦਘਾਟਨ ਵੀ ਕੀਤਾ। ਸ਼੍ਰੀ ਕਟਾਰੂਚੱਕ ਨੇ ਸੰਬੋਧਨ ਕਰਦੇ ਕਿਹਾ ਕਿ ਖੇਤੀ ਨੂੰ ਬਿਹਤਰੀ ਵੱਲ ਲਿਜਾ ਕੇ ਹੀ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇਗਾ ਤੇ ਮੌਜੂਦਾ ਸਰਕਾਰ ਇਸ ਕਾਰਜ ਲਈ ਹਰ ਹੀਲੇ ਯਤਨਸ਼ੀਲ ਹੈ। ਉਨ੍ਹਾਂ ਖੇਤੀ ਵਿੱਚ ਨਵੀਆਂ ਤਕਨੀਕਾਂ ਅਪਣਾਉਣ ਲਈ ਯੂਨੀਵਰਸਿਟੀ ਵਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ ਅਤੇ ਕਿਸਾਨਾਂ ਨੂੰ ਖੇਤੀ ਚੁਣੌਤੀਆਂ ਦੇ ਹੱਲ ਲਈ ਪੀ ਏ ਯੂ ਨਾਲ ਜੁੜੇ ਰਹਿਣ ਲਈ ਆਖਿਆ। ਉਨ੍ਹਾਂ ਕਿਸਾਨਾਂ ਨੂੰ ਸਾਉਣੀ ਦੀ ਫ਼ਸਲ ਦੀ ਯਕੀਨੀ ਖਰੀਦ ਦਾ ਭਰੋਸਾ ਦਿੱਤਾ ਤੇ ਜਿਨਸਾਂ ਨੂੰ ਸਾਫ ਸੁਥਰੇ ਰੂਪ ਵਿਚ ਮੰਡੀਆਂ ਵਿਚ ਲਿਆਉਣ ਲਈ ਕਿਹਾ।
ਵਾਈਸ ਚਾਂਸਲਰ ਡਾ.ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਮੇਲਿਆਂ ਦਾ ਉਦੇਸ਼ ਵਾਤਾਵਰਨ ਦੀ ਸੰਭਾਲ ਲਈ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਨੇ ਕਣਕ ਦੀ ਬਿਜਾਈ ਲਈ ਸਰਫੇਸ ਸੀਡਰ ਤਕਨੀਕ ਦੀਆਂ ਵਿਸ਼ੇਸ਼ਤਾਵਾਂ ਦੱਸੀਆਂ ਤੇ ਮਿੱਟੀ, ਪਾਣੀ ਦੀ ਸੰਭਾਲ ਤੇ ਖਾਦਾਂ ਦੇ ਖਰਚੇ ਘਟਾਉਣ ਲਈ ਇਸ ਤਕਨੀਕ ਨੂੰ ਅਪਣਾਉਣ ਦੀ ਅਪੀਲ ਕੀਤੀ। ਨਿਰਦੇਸ਼ਕ ਖੋਜ ਡਾ਼ ਅਜਮੇਰ ਸਿੰਘ ਢੱਟ ਨੇ ਹਾੜ੍ਹੀ ਦੀਆਂ ਫਸਲਾਂ ਬਾਰੇ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਸਾਂਝੀਆਂ ਕੀਤੀਆਂ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਨੇ ਹੋਂਦ ਵਿਚ ਆਉਣ ਤੋਂ ਲੈ ਕੇ ਹੁਣ ਤਕ ਵੱਖ ਵੱਖ ਫ਼ਸਲਾਂ ਦੀਆਂ 950 ਕਿਸਮਾਂ ਦੀ ਖੋਜ ਕੀਤੀ ਹੈ। ਇਨ੍ਹਾਂ ਵਿੱਚੋਂ 250 ਕਿਸਮਾਂ ਕੌਮੀ ਪੱਧਰ ਤੇ ਕਾਸ਼ਤ ਲਈ ਪਛਾਣੀਆਂ ਗਈਆਂ ਹਨ। ਉਨ੍ਹਾਂ ਨੇ ਪਾਣੀ ਦੀ ਬਚਤ ਲਈ ਪੀਏਯੂ ਵੱਲੋਂ ਕੀਤੇ ਯਤਨਾਂ ਦੇ ਹਵਾਲੇ ਨਾਲ ਨਰਮਾ ਅਤੇ ਗੋਭੀ ਸਰ੍ਹੋਂ ਵਿਚ ਜ਼ਮੀਨਦੋਜ਼ ਪਾਈਪਾਂ ਨਾਲ ਸਿੰਚਾਈ ਦੀ ਸਿਫਾਰਸ਼ ਕਿਸਾਨਾਂ ਸਾਹਮਣੇ ਰੱਖੀ। ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਕਿਹਾ ਕਿ ਕਿਸਾਨ ਮੇਲਿਆਂ ਦੀ ਲੜੀ ਵਿਚ ਸੱਤ ਕਿਸਾਨ ਮੇਲੇ ਹਾੜ੍ਹੀ ਦੀਆਂ ਫ਼ਸਲਾਂ ਦੀ ਬਿਜਾਈ ਤੋਂ ਪਹਿਲਾਂ ਲਾਏ ਜਾਂਦੇ ਹਨ।
ਅਗਾਂਹਵਧੂ ਕਿਸਾਨਾਂ ਦਾ ਸਨਮਾਨ
ਇਸ ਮੇਲੇ ਦੌਰਾਨ ਅਗਾਂਹਵਧੂ ਕਿਸਾਨਾਂ ਯੁੱਧਵੀਰ ਸਿੰਘ, ਗੁਰਦੀਪ ਸਿੰਘ, ਗੁਰਸਿਮਰਨ ਸਿੰਘ,ਬੀਰਪਾਲ ਸਿੰਘ, ਸਿਧਾਰਥ ਚੰਦਰਾ, ਗੁਰਪਾਲ ਸਿੰਘ ਸੰਧੂ, ਗੁਰਜੀਤ ਸਿੰਘ, ਕੁਲਜੀਤ ਸਿੰਘ, ਅਮਰਜੀਤ ਸਿੰਘ ਅਤੇ ਪ੍ਰੇਮ ਨਾਥ ਸ਼ਰਮਾ ਨੂੰ ਸਨਮਾਨਿਤ ਕੀਤਾ ਗਿਆ। ਮੇਲੇ ਦੌਰਾਨ ਵੱਖ-ਵੱਖ ਸਵੈ ਸੇਵੀ ਸੰਸਥਾਵਾਂ, ਕਿਸਾਨ ਨਿਰਮਾਤਾ ਸੰਗਠਨਾਂ, ਨਿੱਜੀ ਕੰਪਨੀਆਂ ਤੋਂ ਇਲਾਵਾ ਪੀਏਯੂ ਦੇ ਵਿਭਾਗਾਂ ਅਤੇ ਖੇਤੀਬਾੜੀ ਵਿਭਾਗ ਨੇ ਆਪਣੀਆਂ ਸਟਾਲਾਂ ਲਗਾਈਆਂ ਸਨ।