ਜਤਿੰਦਰ ਬੈਂਸ
ਗੁਰਦਾਸਪੁਰ, 16 ਅਕਤੂਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਰੇਲਵੇ ਲਾਈਨ ਉੱਤੇ ਬੈਠੇ ਕਿਸਾਨਾਂ ਦਾ ਧਰਨਾ ਅੱਜ 16ਵੇਂ ਦਿਨ ’ਚ ਦਾਖ਼ਲ ਹੋ ਗਿਆ ਹੈ। ਮੋਦੀ ਸਰਕਾਰ ਖ਼ਿਲਾਫ਼ ਸੰਘਰਸ਼ ਲੰਬਾ ਚੱਲਣ ਦੀ ਸੋਚ ਕੇ ਧਰਨਾ ਲਾਈ ਬੈਠੇ ਕਿਸਾਨਾਂ ਨੇ ਰੇਲ ਪੱਟੜੀ ਨੂੰ ਆਪਣਾ ਰੈਣ ਬਸੇਰਾ ਬਣਾ ਲਿਆ ਹੈ।
ਇੰਡੀਅਨ ਫੈੱਡਰੇਸ਼ਨ ਆਫ ਟਰੇਡ ਯੂਨੀਅਨ ਦੇ ਮੈਂਬਰ ਵੀ ਅੱਜ ਗੁਰਦਾਸਪੁਰ ਵਿਚ ਕਿਸਾਨਾਂ ਦੇ ਚੱਲ ਰਹੇ ਧਰਨੇ ਵਿੱਚ ਸ਼ਾਮਲ ਹੋਏ। ਇਸ ਮੌਕੇ ਯੂਨੀਅਨ ਨੁਮਾਇੰਦੇ ਸੁਖਦੇਵ ਬਹਿਰਾਮੁਪਰ ਅਤੇ ਜੋਗਿੰਦਰ ਘੁਰਾਲਾ ਨੇ ਕਿਸਾਨਾਂ ਦੀ ਡੱਟਵੀਂ ਹਮਾਇਤ ਦਾ ਐਲਾਨ ਕਰਦੇ ਹੋਏ ਕਿਹਾ ਕਿ ਖੇਤੀ ਕਾਨੂੰਨਾਂ ਨਾਲ ਸਿਰਫ਼ ਕਿਸਾਨਾਂ ਦਾ ਹੀ ਨੁਕਸਾਨ ਨਹੀਂ ਹੋਵੇਗਾ, ਸਗੋਂ ਮਜ਼ਦੂਰਾਂ ਦਾ ਵੀ ਘਾਣ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨਿੱਜੀਕਰਨ ਦੀ ਨੀਤੀ ਅਪਣਾ ਕੇ ਦੇਸ਼ ਦੇ ਸਮੂਹ ਜਨਤਕ ਅਦਾਰੇ ਕਾਰਪੋਰੇਟ ਘਰਾਣਿਆਂ ਨੂੰ ਲੁਟਾ ਦੇਣਾ ਚਾਹੁੰਦੀ ਹੈ।
ਆਗੂਆਂ ਕਿਹਾ ਕਿ ਕਿਰਤ ਕਾਨੂੰਨਾਂ ਵਿੱਚ ਸੋਧਾਂ ਕਰ ਕੇ ਮਜ਼ਦੂਰਾਂ ਦੇ ਹੱਕਾਂ ਉੱਤੇ ਡਾਕਾ ਮਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰ ਵਰਗ ਵੀ ਮੋਦੀ ਸਰਕਾਰ ਖ਼ਿਲਾਫ਼ ਵੱਡਾ ਸੰਘਰਸ਼ ਸ਼ੁਰੂ ਕਰੇਗਾ। ਕਿਸਾਨ ਆਗੂ ਕਾਮਰੇਡ ਬਲਬੀਰ ਸਿੰਘ ਰੰਧਾਵਾ ਨੇ ਦੱਸਿਆ ਕਿ ਲੋਕਾਂ ਨੂੰ ਖੇਤੀ ਕਾਨੂੰਨਾਂ ਪ੍ਰਤੀ ਜਾਗਰੂਕ ਕਰ ਕੇ ਸੰਘਰਸ਼ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 17 ਅਕਤੂਬਰ ਨੂੰ ਧਰਨਾਕਾਰੀ ਕਿਸਾਨ ਰੋਸ ਮਾਰਚ ਕਰ ਕੇ ਜਹਾਜ਼ ਚੌਕ ਪੁੱਜਣਗੇ ਅਤੇ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਕੇ ਪੁਤਲਾ ਫੂਕਣਗੇ।
ਮਾਨਸਰ (ਮਨਪ੍ਰੀਤ ਸਿੰਘ): ਕਿਸਾਨ ਜਥੇਬੰਦੀਆਂ ਵੱਲੋਂ ਜਲੰਧਰ-ਪਠਾਨਕੋਟ ਕੌਮੀ ਮਾਰਗ ’ਤੇ ਸਥਿਤ ਮਾਨਸਰ ਟੌਲ ਪਲਾਜ਼ਾ ’ਤੇ ਛੇਵੇਂ ਦਿਨ ਵੀ ਧਰਨਾ ਜਾਰੀ ਰਿਹਾ। ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਕਿਸਾਨ ਵਿਰੋਧੀ ਹੀ ਨਹੀਂ, ਸਗੋਂ ਦੇਸ਼ ਵਿਰੋਧੀ ਵੀ ਹਨ। ਮੋਦੀ ਸਰਕਾਰ ਦੇਸ਼ ਦੇ ਹਿੱਤਾਂ ਨੂੰ ਤਰਜੀਹ ਦੇਣ ਦੀ ਥਾਂ ਕਾਰਪੋਰੇਟ ਘਰਾਣਿਆਂ ਦੇ ਹਿੱਤ ਪਾਲ ਰਹੀ ਹੈ। ਇਕੱਠੇ ਹੋਏ ਕਿਸਾਨਾਂ ਨੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਸਮੇਂ ਸੁਰਜੀਤ ਸਿੰਘ ਬਿੱਲਾ, ਗੁਰਨਾਮ ਸਿੰਘ ਜਹਾਨਪੁਰ, ਵਿਜੇ ਸਿੰਘ ਬਹਬਿਲ ਮੰਜ, ਸੋਰਵ ਮਿਨਹਾਸ ਬਿੱਲਾ, ਕਾਮਰੇਡ ਦਰਸ਼ਨ ਸਿੰਘ, ਸਮਸ਼ੇਰ ਸਿੰਘ, ਗਿਆਨ ਸਿੰਘ ਗੁਪਤਾ, ਉੱਤਮ ਸਿੰਘ, ਮਾਸਟਰ ਯੋਧ ਸਿੰਘ, ਉਂਕਾਰ ਸਿੰਘ ਪੁਰਾਣਾ ਭੰਗਾਲਾ, ਸਤਨਾਮ ਸਿੰਘ, ਧਰਮਿੰਦਰ ਸਿੰਘ ਸਿੰਬਲੀ, ਅਮਰਜੀਤ ਸਿੰਘ ਕਾਨੂੰਗੋ, ਸਰਵਨ ਸਿੰਘ, ਮਹੇਸ ਰਾਣਾ ਆਦਿ ਹਾਜ਼ਰ ਸਨ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਲਗਾਤਾਰ ਸੰਘਰਸ਼ ਦੀ ਕੜੀ ਵਿੱਚ ਅੱਜ ਲਾਚੋਵਾਲ ਵਿਚ ਧਰਨਾ ਦਿੱਤਾ ਗਿਆ ਤੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਗੁਰਦੀਪ ਸਿੰਘ ਖੁਣ-ਖੁਣ, ਪਰਮਿੰਦਰ ਸਿੰਘ ਲਾਚੋਵਾਲ, ਮਾਸਟਰ ਦਵਿੰਦਰ ਸਿੰਘ ਕੱਕੋਂ, ਪਰਮਿੰਦਰ ਸਿੰਘ ਸੱਜਣਾਂ, ਰਣਧੀਰ ਸਿੰਘ ਅਸਲਪੁਰ, ਓਮ ਸਿੰਘ ਸਟਿਆਣਾ ਅਤੇ ਹਰਪ੍ਰੀਤ ਸਿੰਘ ਲਾਲੀ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦਾ ਸੰਘਰਸ਼ ਕਿਸਾਨ ਅੰਦੋਲਨ ਨਾ ਰਹਿ ਕੇ ਹੁਣ ਜਨ ਅੰਦੋਲਨ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਆਪਣਾ ਰਵੱਈਆ ਨਹੀਂ ਛੱਡਦੀ, ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਮੰਗ ਕੀਤੀ ਕਿ ਕਿਸਾਨ, ਮਜ਼ਦੂਰ ਵਿਰੋਧੀ ਕਾਲੇ ਕਾਨੂੰਨ ਰੱਦ ਕੀਤੇ ਜਾਣ, ਬਿਜਲੀ ਬਿੱਲ 2020 ਵਾਪਸ ਲਿਆ ਜਾਵੇ ਅਤੇ ਸੀ-2 ਫ਼ਾਰਮੂਲੇ ਅਨੁਸਾਰ ਫ਼ਸਲਾਂ ਦੇ ਭਾਅ ਸਮੇਤ ਸਰਕਾਰੀ ਖ਼ਰੀਦ ਦੀ ਗਾਰੰਟੀ ਦਿੱਤੀ ਜਾਵੇ। ਕਿਸਾਨ ਆਗੂਆਂ ਨੇ ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਨਾਲ ਹੋਈ ਮੀਟਿੰਗ ਬੇਸਿੱਟਾ ਰਹਿਣ ’ਤੇ ਵੀ ਮੋਦੀ ਸਰਕਾਰ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਸੰਘਰਸ਼ ਦੀ ਕੜੀ ਨੂੰ ਜਾਰੀ ਰੱਖਦਿਆਂ 17 ਅਕਤੂਬਰ ਨੂੰ ਵੀ ਮੋਦੀ ਸਰਕਾਰ ਦੇ ਪੁਤਲੇ ਫ਼ੂਕੇ ਜਾਣਗੇ।
ਤਰਨ ਤਾਰਨ (ਗੁਰਬਖਸ਼ਪੁਰੀ): ਉਸਮਾਂ ਟੌਲ ਪਲਾਜ਼ਾ ’ਤੇ ਇਲਾਕੇ ਦੇ ਕਿਸਾਨਾਂ, ਪਿੰਡਾਂ ਦੇ ਵਸਨੀਕਾਂ ਅਤੇ ਸਮਾਜ ਹੋਰਨਾਂ ਵਰਗਾਂ ਦੇ ਲੋਕਾਂ ਵੱਲੋਂ ਲਾਇਆ ਧਰਨਾ ਅੱਜ 14ਵੇਂ ਦਿਨ ਵਿੱਚ ਦਾਖ਼ਲ ਹੋ ਗਿਆ| ਧਰਨਾਕਾਰੀਆਂ ਨੇ ਅੱਜ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਪ੍ਰਤੀ ਧਾਰਨ ਕੀਤੇ ਵਤੀਰੇ ਖ਼ਿਲਾਫ਼ ਗੁੱਸੇ ਦਾ ਪ੍ਰਗਟਾਵਾ ਕੀਤਾ| ਉਨ੍ਹਾਂ ਕੌਮੀ ਸ਼ਾਹ ਮਾਰਗ ’ਤੇ ਦਿਖਾਵਾ ਕਰ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਰਐੱਸਐੱਸ ਦੀ ਅਰਥੀ ਵੀ ਸਾੜੀ| ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਆਗੂ ਹੀਰਾ ਸਿੰਘ ਮਰਹਾਨਾ, ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸੁਖਵਿੰਦਰ ਸਿੰਘ ਦੁਗਲਵਾਲਾ, ਵਿਦਿਆਰਥੀ ਆਗੂ ਕੰਵਰ ਮਰਹਾਨਾ, ਹਰਪ੍ਰੀਤ ਸਿੰਘ, ਕਰਮ ਸਿੰਘ, ਸੰਤੋਖ ਸਿੰਘ, ਬਲਜੀਤ ਸਿੰਘ ਨੇ ਸੰਬੋਧਨ ਕੀਤਾ| ਬੁਲਾਰਿਆਂ ਕੇਂਦਰ ਸਰਕਾਰ ਨੂੰ ਕਿਸਾਨ ਵਿਰੋਧੀ ਨੀਤੀਆਂ ਲਾਗੂ ਕਰਨ ਦੀ ਚੇਤਾਵਨੀ ਦਿੰਦੇ ਹੋਇਆਂ ਆਪਣਾ ਅੰਦੋਲਨ ਹੋਰ ਤਿੱਖਾ ਕਰਨ ’ਤੇ ਜ਼ੋਰ ਦਿੱਤਾ|
ਘੱਟੋ-ਘੱਟ ਸਮਰਥਨ ਮੁੱਲ ਦਿਵਸ ਮਨਾਇਆ
ਫਿਲੌਰ (ਸਰਬਜੀਤ ਗਿੱਲ): ਦੋ ਸੌ ਤੋਂ ਵੱਧ ਕਿਸਾਨ ਜਥੇਬੰਦੀਆਂ ’ਤੇ ਆਧਾਰਿਤ ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ’ਤੇ ਆਲ ਇੰਡੀਆ ਕਿਸਾਨ ਸਭਾ ਤਹਿਸਲ ਫਿਲੌਰ ਵਲੋਂ ਪਿੰਡ ਬੰਡਾਲਾ ਮੰਜਕੀ ਵੱਲੋਂ ਘੱਟੋ-ਘੱਟ ਸਮੱਰਥਨ ਮੁੱਲ ਅਧਿਕਾਰ ਦਿਵਸ ਮਨਾਇਆ ਗਿਆ। ਇਸ ਦੀ ਪ੍ਰਧਾਨਗੀ ਪੰਜਾਬ ਕਿਸਾਨ ਸਭਾ ਦੇ ਪ੍ਰਧਾਨ ਕਾਮਰੇਡ ਗੁਰਚੇਤਨ ਸਿੰਘ ਬਾਸੀ, ਜ਼ਿਲ੍ਹਾ ਪ੍ਰਧਾਨ ਸਖਦੇਵ ਸਿੰਘ ਬਾਸੀ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਮੂਲ ਚੰਦ ਸਰਹਾਲੀ ਅਤੇ ਸੀਪੀਆਈ (ਐੱਮ) ਯੂਨਿਟ ਬੰਡਾਲਾ ਦੇ ਸਕੱਤਰ ਬਲਵਿੰਦਰ ਸਿੰਘ ਨੇ ਕੀਤੀ। ਕਾਨਫਰੰਸ ਨੂੰ ਸੀਪੀਆਈ (ਐੱਮ) ਦੇ ਸੂਬਾ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨ ਲਾਗੂ ਕਰ ਕੇ ਇਹ ਅਧਿਕਾਰ ਖ਼ਤਮ ਕਰਨਾ ਚਾਹੁੰਦੀ ਹੈ, ਜਿਸ ਨੂੰ ਖ਼ਤਮ ਨਹੀਂ ਹੋਣ ਦਿੱਤਾ ਜਾਵੇਗਾ।
ਸੀਨੀਅਰ ਸਿਟੀਜਨਜ਼ ਵੱਲੋਂ ਰਾਸ਼ਟਰਪਤੀ ਦੇ ਨਾਂ ਮੰਗ ਮੱਤਰ
ਦਸੂਹਾ (ਭਗਵਾਨ ਦਾਸ ਸੰਦਲ): ਇੱਥੇ ਸਿਨੀਅਰ ਸੀਟੀਜ਼ਨ ਐਸੋਸੀਏਸ਼ਨ ਦਸੂਹਾ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਰਾਸ਼ਟਰਪਤੀ ਦੇ ਨਾਂਂ ਉਪ ਮੰਡਲ ਮੈਜਿਸਟਰੇਟ ਦਸੂਹਾ ਰਣਦੀਪ ਸਿੰਘ ਹੀਰ (ਪੀਸੀਐੱਸ) ਨੂੰ ਮੰਗ ਪੱਤਰ ਭੇਟ ਕੀਤਾ। ਇਸ ਮੌਕੇ ਜਥੇਬੰਦੀ ਦੇ ਆਗੂ ਜਗਦੀਸ਼ ਸਿੰਘ ਸੋਈ, ਇਕਬਾਲ ਸਿੰਘ ਧਾਮੀ ਤੇ ਪ੍ਰੇਮ ਸ਼ਰਮਾ ਆਦਿ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨ ਵਿਰੋਧੀ ਆਰਡੀਨੈਂਸ ਜਾਰੀ ਕਰ ਕੇ ਮੰਡੀਕਰਨ ਖ਼ਤਮ ਕਰਨ ਅਤੇ ਫ਼ਸਲਾਂ ਦੀ ਸਰਕਾਰੀ ਖ਼ਰੀਦ ਬੰਦ ਕਰਨ ਦਾ ਫ਼ੈਸਲਾ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਲੋਕ ਵਿਰੋਧੀ ਆਰਡੀਨੈਂਸਾਂ ਕਾਰਨ ਕਿਸਾਨ ਅਤੇ ਖੇਤੀਬਾੜੀ ਨਾਲ ਜੁੜੇ ਹੋਏ ਹੋਰ ਕਾਰੋਬਾਰ ਬਰਬਾਦ ਹੋ ਜਾਣਗੇ। ਆਗੂਆਂ ਨੇ ਮੰਗ ਪੱਤਰ ਰਾਹੀਂ ਕਿਸਾਨੀ ਲਈ ਘਾਤਕ ਇਨਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ।