ਪੱਤਰ ਪ੍ਰੇਰਕ
ਪਠਾਨਕੋਟ, 21 ਜੂਨ
ਨਾਜਾਇਜ਼ ਖਣਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਹਲਕਾ ਭੋਆ ਦੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਵੱਲੋਂ ਸਰਕਾਰ ਉੱਪਰ ਬਦਲਾਖੋਰੀ ਦੀ ਰਾਜਨੀਤੀ ਤਹਿਤ ਲਗਾਏ ਦੋਸ਼ਾਂ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰੱਦ ਕੀਤਾ। ਮੰਤਰੀ ਨੇ ਕਿਹਾ ਕਿ ਇਨ੍ਹਾਂ ਦੋਸ਼ਾਂ ਵਿੱਚ ਭੋਰਾਭਰ ਵੀ ਸੱਚਾਈ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਜੱਗ-ਜ਼ਾਹਿਰ ਹੈ ਕਿ ਕਾਂਗਰਸ ਸਰਕਾਰ ਸਮੇਂ ਜੋਗਿੰਦਰ ਪਾਲ ਨੇ ਹਲਕੇ ਵਿੱਚ ਬੇਖੌਫ਼ ਨਾਜਾਇਜ਼ ਖਣਨ ਕੀਤੀ ਹੈ। ਹੁਣ ਸਰਕਾਰ ਬਦਲ ਗਈ ਹੈ ਅਤੇ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਪਿੰਡ ਮੈਰਾ ਵਿੱਚ ਧਾਰਮਿਕ ਸੈਦਪੁਰ ਡੇਰੇ ਵਿੱਚ ਗ਼ਰੀਬ ਕੰਨਿਆ ਦੇ ਵਿਆਹ ਸਮਾਗਮ ਵਿੱਚ ਪੁੱਜੇ ਹੋਏ ਸਨ। ਇਸ ਮੌਕੇ ਡੇਰਾ ਮੁੱਖੀ ਬਾਬਾ ਪ੍ਰਗਟ ਸਿੰਘ, ਗੁਰਦਿਆਲ ਸਿੰਘ ਸੈਣੀ ਅਤੇ ਹੋਰ ਆਗੂ ਹਾਜ਼ਰ ਸਨ।
ਕੈਬਨਿਟ ਮੰਤਰੀ ਨੇ ਨਾਜਾਇਜ਼ ਖਣਨ ਬਾਰੇ ਪੁਲੀਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਜਲਦੀ ਹੀ ਸਾਰੀ ਸੱਚਾਈ ਸਾਹਮਣੇ ਆ ਜਾਵੇਗੀ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ ਕਿਸੇ ਨਾਲ ਵੀ ਰਿਆਇਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਜੋ ਗਾਰੰਟੀਆਂ ਦਿੱਤੀਆਂ ਗਈਆਂ ਸਨ, ਉਹ ਹਰ ਹਾਲ ਵਿੱਚ ਪੂਰੀਆਂ ਕੀਤੀਆਂ ਜਾਣਗੀਆਂ। ਇਸ ਦੇ ਇਲਾਵਾ ਜਲਦੀ ਹੀ ਵੱਖ-ਵੱਖ ਵਿਭਾਗਾਂ ਅੰਦਰ 26,554 ਨੌਕਰੀਆਂ ਦੇਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ।