ਜਤਿੰਦਰ ਬੈਂਸ
ਗੁਰਦਾਸਪੁਰ, 13 ਦਸੰਬਰ
ਗੁਰਦਾਸਪੁਰ ਦੇ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਦਾ ਖੇਤੀ ਬਿੱਲਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਚੱਲ ਰਿਹਾ ਪੱਕਾ ਮੋਰਚਾ ਅੱਜ 74ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਧਰਨਾਕਾਰੀ ਕਿਸਾਨਾਂ ਨੇ ਮੋਦੀ ਸਰਕਾਰ ਉੱਤੇ ਅੰਬਾਨੀ ਤੇ ਅਡਾਨੀਆਂ ਦੇ ਹਿੱਤ ਪੂਰਨ ਦਾ ਦੋਸ਼ ਲਾਉਂਦਿਆਂ ਪ੍ਰਦਰਸ਼ਨ ਕੀਤਾ। ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਜਨਤਕ ਅਦਾਰੇ ਕਾਰਪੋਰੇਟਾਂ ਨੂੰ ਸੌਂਪਦੀ ਜਾ ਰਹੀ ਹੈ ਤੇ ਇਸੇ ਕੜੀ ਤਹਿਤ ਖੇਤੀ ਕਾਨੂੰਨ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿਸਾਨਾਂ ਨੂੰ ਅੰਬਾਨੀ ਤੇ ਅਡਾਨੀ ਦੀ ਗੁਲਾਮੀ ਮਨਜ਼ੂਰ ਨਹੀਂ ਹੈ। ਇਸ ਦੌਰਾਨ 14 ਦਸੰਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਦੇ ਘਿਰਾਓ ਸਬੰਧੀ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ ਗਿਆ।
ਜਲੰਧਰ (ਪਾਲ ਸਿੰਘ ਨੌਲੀ): ਦਿੱਲੀ ਕਿਸਾਨ ਅੰਦੋਲਨ ਨੂੰ ਕਾਮਜਾਬ ਕਰਨ ਲਈ ਕੰਢੀ ਇਲਾਕੇ ਦੇ ਅੱਧੀ ਦਰਜਨ ਜ਼ਿਲ੍ਹਿਆਂ ਦੇ ਪਿੰਡਾਂ ਵਿੱਚ ਕੰਢੀ ਕਿਸਾਨ ਸੰਘਰਸ਼ ਕਮੇਟੀ ਸਰਗਰਮ ਹੋ ਗਈ ਹੈ। ਕੰਢੀ ਇਲਾਕੇ ਦੇ ਪਿੰਡਾਂ ਵਿੱਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਵਿੱਚ ਜੱਥੇਬੰਦੀ ਦੇ ਅਹੁਦੇਦਾਰ, ਕਿਸਾਨਾਂ ਤੇ ਮਜ਼ਦੂਰਾਂ ਦੀ ਲਾਮਬੰਦੀ ਵਿੱਚ ਜੁੱਟ ਗਏ ਹਨ। ਮੀਟਿੰਗਾਂ ਦੌਰਾਨ ਕੰਢੀ ਕਿਸਾਨ ਸੰਘਰਸ਼ ਕਮੇਟੀ ਦੇ ਵਾਈਸ ਚੇਅਰਮੈਨ ਜਰਨੈਲ ਸਿੰਘ ਗੜ੍ਹਦੀਵਾਲਾ ਨੇ ਕਿਹਾ ਕਿ ਕੰਢੀ ਕਿਸਾਨ ਸੰਘਰਸ਼ ਕਮੇਟੀ ਦਿੱਲੀ ਵਿੱਚ ਲੱਗੇ ਕਿਸਾਨ ਮੋਰਚੇ ਦਾ ਡੱਟ ਕੇ ਸਾਥ ਦੇ ਰਹੀ ਹੈ। ਉਨ੍ਹਾਂ ਜੱਥੇਬੰਦੀ ਨੂੰ ਮਜ਼ਬੂਤ ਕਰਨ ਲਈ ਕਿਸਾਨਾਂ ਦੇ ਮੋਰਚੇ ਵਿੱਚ ਇਕਜੁੱਟਤਾ ਨਾਲ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ।
ਗੜ੍ਹਸ਼ੰਕਰ (ਜੋਗਿੰਦਰ ਕੁੱਲੇਵਾਲ): ਕੁੱਲ ਹਿੰਦ ਕਿਸਾਨ ਸਭਾ ਵੱਲੋਂ ਰਿਲਾਇੰਸ ਮਾਲ ਗੜ੍ਹਸ਼ੰਕਰ ਸਾਹਮਣੇ 49ਵੇਂ ਦਿਨ ਵੀ ਧਰਨਾ ਦਿੱਤਾ ਗਿਆ। ਜੀਓ ਸੈਂਟਰ ਗੜ੍ਹਸ਼ੰਕਰ ਸਾਹਮਣੇ ਦੂਸਰੇ ਦਿਨ ਵੀ ਰੈਲੀ ਕੀਤੀ ਗਈ। ਇਨ੍ਹਾਂ ਰੈਲੀਆਂ ਨੂੰ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾਈ ਮੀਤ ਪ੍ਰਧਾਨ ਦਰਸ਼ਨ ਸਿੰਘ ਮੱਟੂ, ਸੂਬਾਈ ਸਕੱਤਰ ਗੁਰਨੇਕ ਸਿੰਘ ਭੱਜਲ ਨੇ ਕਾਲੇ ਕਾਨੂੰਨ ਵਾਪਸ ਕਰਵਾਉਣ ਲਈ ਚੱਲ ਰਹੇ ਸੰਗਰਾਮ ਨੂੰ ਹੋਰ ਤੇਜ਼ ਕਰਨ ਲਈ 14 ਦਸੰਬਰ ਨੂੰ ਹੁਸ਼ਿਆਰਪੁਰ ਡੀਸੀ ਦਫ਼ਤਰ ਸਾਹਮਣੇ ਦਿੱਤੇ ਜਾਣ ਵਾਲੇ ਧਰਨੇ ਵਿੱਚ ਪਹੁੰਚਣ ਦੀ ਅਪੀਲ ਕੀਤੀ।
ਕਿਸਾਨਾਂ ਦੇ ਕਾਫ਼ਲੇ ਦਿੱਲੀ ਅੰਦੋਲਨ ’ਚ ਸਮੂਲੀਅਤ ਲਈ ਰਵਾਨਾ
ਬਲਾਚੌਰ (ਗੁਰਦੇਵ ਸਿੰਘ ਗਹੂੰਣ): ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਬਲਾਚੌਰ ਤਹਿਸੀਲ ਦੇ ਕਿਸਾਨਾਂ ਦਾ ਕਾਫ਼ਲਿਆਂ ਦੇ ਰੂਪ ਵਿੱਚ ਦਿੱਲੀ ਜਾਣਾ ਨਿਰੰਤਰ ਜਾਰੀ ਹੈ। ਦੋਆਬਾ ਕਿਸਾਨ ਯੂਨੀਅਨ ਵੱਲੋਂ ਬਲਾਚੌਰ ਤਹਿਸੀਲ ਦੇ ਪਿੰਡ ਖੁਰਦਾਂ ਤੋਂ ਦਲਜੀਤ ਸਿੰਘ ਬੈਂਸ ਖੁਰਦਾਂ ਦੀ ਅਗਵਾਈ ਵਿੱਚ ਇਕ ਕਾਫ਼ਲਾ ਰਸਦਾਂ ਸਮੇਤ ਦਿੱਲੀ ਲਈ ਰਵਾਨਾ ਹੋਇਆ। ਇਸੇ ਤਰ੍ਹਾਂ ਆਕਲਿਆਣਾ ਤੋਂ ਪਿੰਡ ਦੇ ਸਰਪੰਚ ਬਲਵੀਰ ਸਿੰਘ, ਸਤਨਾਮ ਸਿੰਘ ਆਦਿ ਦੀ ਅਗਵਾਈ ਵਿੱਚ ਪਿੰਡ ਦੇ ਕਿਸਾਨ ਦਿੱਲੀ ਧਰਨੇ ’ਚ ਸ਼ਾਮਲ ਹੋਣ ਲਈ ਰਵਾਨਾ ਹੋਏ। ਉਨ੍ਹਾਂ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਦਸੂਹਾ (ਭਗਵਾਨ ਦਾਸ ਸੰਦਲ): ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਅੰਦੋਲਨ ਵਿੱਚ ਆਪਣਾ ਯੋਗਦਾਨ ਪਾਉਣ ਲਈ ਇੱਥੋਂ ਦੇ ਕਿਸਾਨਾਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ, ਜਿਸ ਤਹਿਤ ਅੱਜ ਸੁਰਜੀਤ ਸਿੰਘ ਕੈਂਰੇ ਦੀ ਅਗਵਾਈ ਹੇਠ ਦਸੂਹਾ ਤੋਂ ਵੱਡੀ ਗਿਣਤੀ ਕਿਸਾਨਾਂ ਨੇ ਦਿੱਲੀ ਦੇ ਸਿੰਘੂ ਬਾਰਡਰ ਵੱਲ ਕੂਚ ਕਰ ਦਿੱਤਾ। ਕੂਚ ਕਰਨ ਤੋਂ ਪਹਿਲਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਕਿਸਾਨ ਆਪਣੇ ਨਾਲ ਵੱਡੀ ਮਾਤਰਾ ’ਚ ਰਸਦ ਵੀ ਲੈ ਕੇ ਗਏ ਹਨ। ਇਸ ਦੌਰਾਨ ਕਿਸਾਨਾਂ ਨੇ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ।