ਵਰਿੰਦਰਜੀਤ ਸਿੰਘ ਜਾਗੋਵਾਲ
ਕਾਹਨੂੰਵਾਨ, 10 ਅਗਸਤ
ਸਥਾਨਕ ਬੱਸ ਅੱਡੇ ਉੱਤੇ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰ ਨੇ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਬਲਾਕ ਪ੍ਰਧਾਨ ਮੀਰਾ ਦੇਵੀ, ਕੰਵਲਜੀਤ ਕੌਰ ਅਤੇ ਸਾਥਣਾਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਆਸ਼ਾ ਵਰਕਰਾਂ ਨੂੰ ਪੰਜਾਬ ਸਰਕਾਰ ਨੇ ਕੀਤੇ ਹੋਏ ਵਾਅਦਿਆਂ ਅਨੁਸਾਰ ਪੱਕੀਆਂ ਨੌਕਰੀਆਂ ਨਹੀਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਇਲਾਵਾ ਉਨ੍ਹਾਂ ਨੂੰ ਬਹੁਤ ਹੀ ਘੱਟ ਅਤੇ ਨਿਗੂਣੀਆਂ ਤਨਖ਼ਾਹਾਂ ਉੱਤੇ ਰੱਖਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਆਸ਼ਾ ਵਰਕਰਾਂ ਨੂੰ ਪੱਕੇ ਕਰਨ ਦਾ ਭਰੋਸਾ ਦਿੱਤਾ ਸੀ ਪਰ ਹੁਣ ਕੈਪਟਨ ਸਰਕਾਰ ਆਪਣੇ ਵਾਅਦੇ ਤੋਂ ਭੱਜ ਚੁੱਕੀ ਹੈ। ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰ ਵੀ 21 ਅਗਸਤ ਨੂੰ ਪਟਿਆਲਾ ਵਿੱਚ ਹੋਣ ਵਾਲੇ ਸੂਬਾ ਪੱਧਰੀ ਪ੍ਰੋਗਰਾਮ ਵਿੱਚ ਵੱਧ ਚੜ੍ਹ ਕੇ ਭਾਗ ਲੈਣਗੇ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਬਾਅਦ ਵਿੱਚ ਅਗਲੇ ਸੰਘਰਸ਼ ਦਾ ਐਲਾਨ ਕੀਤਾ। ਇਸ ਮੌਕੇ ਵੀਰਾਂ ਦੇਵੀ, ਕੰਵਲਜੀਤ ਕੌਰ, ਪਿਆਰੋ ਦੇਵੀ, ਸਲੋਚਨਾ, ਅਮਰਜੀਤ ਕੌਰ, ਸੁਰਿੰਦਰ ਕੌਰ, ਸ਼ਾਰਦਾ ਦੇਵੀ, ਰਾਜ ਕੌਰ, ਕੁਲਵਿੰਦਰ ਕੌਰ, ਗੁਰਬਚਨ ਕੌਰ ਹਾਜ਼ਰ ਸਨ।