ਪੱਤਰ ਪ੍ਰੇਰਕ
ਧਾਰੀਵਾਲ, 20 ਜੂਨ
ਸਤਿਗੁਰ ਕਬੀਰ ਮੰਦਿਰ ਫੱਜੂਪੁਰ, ਧਾਰੀਵਾਲ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਤਿਗੁਰੂ ਕਬੀਰ ਦੇ 626ਵੇਂ ਪ੍ਰਕਾਸ਼ ਪੁਰਬ ਸਬੰਧੀ ਦੋ ਰੋਜ਼ਾ ਧਾਰਮਿਕ ਸਮਾਗਮ 21 ਤੇ 22 ਜੂਨ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਕਮੇਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਸਤਿਗੁਰ ਕਬੀਰ ਮੰਦਿਰ ਫੱਜੂਪੁਰ ਵਿੱਚ ਕਮੇਟੀ ਪ੍ਰਧਾਨ ਅਸ਼ਵਨੀ ਫੱਜੂਪੁਰ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਕਮੇਟੀ ਦੇ ਪ੍ਰਧਾਨ ਅਸ਼ਵਨੀ ਫੱਜੂਪੁਰ, ਸੈਕਟਰੀ ਗੁਰਬਚਨ ਸਿੰਘ ਜ਼ਿਲ੍ਹੇਦਾਰ, ਸੀਨੀਅਰ ਮੀਤ ਪ੍ਰਧਾਨ ਪ੍ਰੇਮਪਾਲ ਪੰਮਾ ਤੇ ਕੈਸ਼ੀਅਰ ਪ੍ਰੇਮ ਅਹਿਮਦਾਬਾਦ ਨੇ ਦੱਸਿਆ ਕਿ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸੁਚਾਰੂ ਪ੍ਰਬੰਧਾਂ ਲਈ ਸੇਵਾਦਾਰਾਂ ਦੀਆਂ ਡਿਊਟੀਆਂ ਲਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ 21 ਜੂਨ ਨੂੰ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਵੇਗਾ। ਇਸ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ
ਜਲੰਧਰ: ਭਗਤ ਕਬੀਰ ਦੇ ਪ੍ਰਕਾਸ਼ ਉਤਸਵ ਸਬੰਧੀ 21 ਜੂਨ ਨੂੰ ਵੱਖ-ਵੱਖ ਜਥੇਬੰਦੀਆਂ ਵੱਲੋਂ ਸਜਾਈ ਜਾ ਰਹੀ ਸ਼ੋਭਾ ਯਾਤਰਾ ਦੌਰਾਨ ਅਮਨ-ਕਾਨੂੰਨ ਬਹਾਲ ਰੱਖਣ ਅਤੇ ਧਾਰਮਿਕ ਭਾਵਨਾਵਾਂ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਅਮਿਤ ਮਹਾਜਨ ਵੱਲੋਂ ਅੰਡੇ, ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਤੇ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 54 ਅਤੇ ਪੰਜਾਬ ਲਾਇਸੈਂਸ ਨਿਯਮਾਂਵਲੀ 1956 ਦੇ ਨਿਯਮ 9 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਉਨ੍ਹਾਂ 21 ਜੂਨ ਨੂੰ ਭਗਤ ਕਬੀਰ ਦੇ ਮੰਦਿਰ ਦੇ ਨਜ਼ਦੀਕ ਜਿੱਥੋਂ ਸ਼ੋਭਾ ਯਾਤਰਾਵਾਂ ਸ਼ੁਰੂ ਹੋਣੀਆਂ ਹਨ ਅਤੇ ਸ਼ੋਭਾ ਯਾਤਰਾ ਦੇ ਲੰਘਦੇ ਸਮੇਂ ਰਸਤੇ ’ਚ ਆਲੇ-ਦੁਆਲੇ ਦੀਆਂ ਮੀਟ, ਅੰਡੇ ਤੇ ਸ਼ਰਾਬ ਦੀਆਂ ਸਾਰੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ। – ਪੱਤਰ ਪ੍ਰੇਰਕ