ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 13 ਅਕਤੂਬਰ
ਖੇਤੀ ਕਾਨੂੰਨਾਂ ਖ਼ਿਲਾਫ਼ 31 ਕਿਸਾਨ ਜਥੇਬੰਦੀਆਂ ਵਲੋਂ ਰੇਲਾਂ ਰੋਕਣ ਅਤੇ ਭਾਜਪਾ ਆਗੂਆਂ ਦੇ ਘਿਰਾਓ ਦੇ ਉਲੀਕੇ ਪ੍ਰੋਗਰਾਮ ਤਹਿਤ ਕਿਰਤੀ ਕਿਸਾਨ ਯੂਨੀਅਨ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਅਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਦੇ ਸਾਹਮਣੇ ਲਾਇਆ ਗਿਆ ਧਰਨਾ ਅੱਜ 13ਵੇਂ ਦਿਨ ਵੀ ਜਾਰੀ ਰਿਹਾ। ਕਿਸਾਨ ਆਗੂ ਜਤਿੰਦਰ ਸਿੰਘ ਛੀਨਾ, ਹਰਜੀਤ ਸਿੰਘ ਝੀਤੇ, ਬਚਿੱਤਰ ਸਿੰਘ ਕੋਟਲਾ ਤੇ ਹੋਰਨਾਂ ਨੇ ਧਰਨੇ ਵਿਚ ਆਖਿਆ ਕਿ ਪੰਜਾਬ ਭਾਜਪਾ ਵਲੋਂ ਕਿਸਾਨਾਂ ਨਾਲ ਟਕਰਾਅ ਵਾਲੀ ਸਥਿਤੀ ਪੈਦਾ ਕਰਕੇ ਸੂਬੇ ਦੇ ਮਾਹੌਲ ਨੂੰ ਖਰਾਬ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਭਾਜਪਾ ਅਤੇ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।
ਬੁਲਾਰਿਆਂ ਵਿਚ ਅਵਤਾਰ ਸਿੰਘ ਗੱਗੋਮਾਹਲ, ਤਰਸੇਮ ਸਿੰਘ, ਸਤਨਾਮ ਸਿੰਘ ਝੰਡੇਰ, ਅਮਨਦੀਪ ਸਿੰਘ ਛੀਨਾ, ਮੇਜਰ ਸਿੰਘ, ਚਰਨਜੀਤ ਸਿੰਘ, ਸੁਲੇਮਾਨ ਸੰਧੂ ਤੇ ਹੋਰ ਸ਼ਾਮਲ ਸਨ।