ਗੁਰਬਖ਼ਸ਼ਪੁਰੀ
ਤਰਨ ਤਾਰਨ, 2 ਜਨਵਰੀ
ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਅਗਵਾਈ ਵਾਲੇ ਗੱਠਜੋੜ ਨੂੰ ਸਪੱਸ਼ਟ ਬਹੁਮੱਤ ਮਿਲਣ ਦਾ ਦਾਅਵਾ ਕਰਦਿਆਂ ਕਿਹਾ ਕਿ ਪਾਰਟੀ ਸੂਬੇ ਦੀ ਸੱਤਾ ਸੰਭਾਲਣ ਮਗਰੋਂ ਪੰਜਾਬ ਦੇ ਲੋਕਾਂ ਨੂੰ ਸਾਫ਼ ਸੁਥਰਾ ਪ੍ਰਸ਼ਾਸਨ ਦੇਵੇਗੀ| ਉਹ ਅੱਜ ਇੱਥੇ ਪਾਰਟੀ ਦੀ ਜ਼ਿਲ੍ਹਾ ਇਕਾਈ ਵੱਲੋਂ ਕੀਤੇ ਗਏ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ|
ਸ੍ਰੀ ਸ਼ਰਮਾ ਨੇ ਕਿਹਾ ਕਿ ਪਾਰਟੀ ਸਿਹਤ ਅਤੇ ਸਿੱਖਿਆ ਨੂੰ ਵਿਕਾਸ ਦੇ ਕੰਮਾਂ ਵਿੱਚ ਪਰਮ ਅਗੇਤ ਦੇਵੇਗੀ| ਉਨ੍ਹਾਂ ਲੰਬਾ ਸਮਾਂ ਭਾਜਪਾ ਦੇ ਸਹਿਯੋਗੀ ਰਹੇ ਸ਼੍ਰੋਮਣੀ ਅਕਾਲੀ ਦਲ ਅੰਦਰ ਭਾਈ-ਭਤੀਜਾਵਾਦ ਭਾਰੂ ਹੋਣ ਦਾ ਦੋਸ਼ ਲਗਾਇਆ| ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ’ਤੇ ਸ਼ਬਦੀ ਹਮਲੇ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਸੂਬੇ ਦੇ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਸੂਬਾ ਵਾਸੀਆਂ ਨੂੰ ਭਰਮਾਉਣ ਦਾ ਯਤਨ ਕਰ ਰਹੇ ਹਨ ਜਦਕਿ ਉਹ ਸੂਬੇ ਦੀ ਜ਼ਮੀਨੀ ਹਕੀਕਤ ਤੋਂ ਪੂਰੀ ਤਰ੍ਹਾਂ ਨਾਲ ਅਣਜਾਨ ਹਨ| ਉਨ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਗਏ ਐਲਾਨਾਂ ਨੂੰ ਕੋਰੇ ਐਲਾਨ ਕਰਾਰ ਦਿੱਤਾ। ਭਾਜਪਾ ਪ੍ਰਧਾਨ ਨੇ ਕਿਹਾ ਕਿ ਸ੍ਰੀ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਭ੍ਰਿਸ਼ਟਾਚਾਰ ਕਈ ਗੁਣਾ ਵਧਿਆ ਹੈ| ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਰਮਿਆਨ ਚੱਲਦੀ ਖਿੱਚੋਤਾਣ ਪ੍ਰਸ਼ਾਸਨ ਲਈ ਰੁਕਾਵਟਾਂ ਖੜ੍ਹੀਆਂ ਕਰ ਰਹੀ ਹੈ| ਉਨ੍ਹਾਂ ਭਾਜਪਾ ਵਰਕਰਾਂ ਨੂੰ 5 ਜਨਵਰੀ ਨੂੰ ਪ੍ਰਧਾਨ ਮੰਤਰੀ ਦੀ ਫ਼ਿਰੋਜ਼ਪੁਰ ਵਿੱਚ ਕੀਤੀ ਜਾਣ ਵਾਲੀ ਰੈਲੀ ਵਿੱਚ ਵੱਡੀ ਗਿਣਤੀ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ| ਉਨ੍ਹਾਂ ਕਿਹਾ ਕਿ ਉਹ ਖੁਦ ਵਿਧਾਨ ਸਭਾ ਚੋਣ ਪਠਾਨਕੋਟ ਹਲਕੇ ਤੋਂ ਲੜਨਗੇ ਜਦਕਿ ਸੂਬੇ ਲਈ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਪਾਰਟੀ ਹਾਈ ਕਮਾਂਡ ਵੱਲੋਂ ਕੀਤਾ ਜਾਣਾ ਹੈ|
ਇਸ ਮੌਕੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਸੂਬੇ ਦੇ ਸਹਿ-ਇੰਚਾਰਜ ਨਰਿੰਦਰ ਸਿੰਘ ਰੈਣਾ, ਜ਼ਿਲ੍ਹਾ ਪ੍ਰਧਾਨ ਰਾਮ ਲਾਲ, ਨਵਰੀਤ ਸਿੰਘ ਲਵਲੀ, ਅਮਰਜੀਤ ਸਿੰਘ ਸ਼ਰਮਾ ਤੇ ਚੰਦਰ ਅਗਰਵਾਲ ਆਦਿ ਨੇ ਵੀ ਸੰਬੋਧਨ ਕੀਤਾ| ਇਸ ਮੌਕੇ ਪੁਲੀਸ ਨੇ ਸੁਰੱਖਿਆ ਦੇ ਸਖ਼ਤ ਬੰਦੋਬਸਤ ਕੀਤੇ ਹੋਏ ਸਨ|