ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 22 ਸਤੰਬਰ
ਅੱਠ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਸ੍ਰੀ ਖਡੂਰ ਸਾਹਿਬ ਵਿਖੇ ਗੁਰੂ ਅੰਗਦ ਦੇਵ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਸੰਗਤ ਵੱਲੋਂ ਸ਼ਰਧਾ ਨਾਲ ਮਨਾਇਆ ਗਿਆ। ਦੋ ਦਿਨ ਚੱਲੇ ਸਾਲਾਨਾ ਜੋੜ ਮੇਲੇ ਦੀ ਸ਼ੁਰੂਆਤ ਗੁਰਦੁਆਰਾ ਖੱਡੀ ਸਾਹਿਬ ਵਿਖੇ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਕੀਤੀ ਗਈ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿੱਚ ਢਾਡੀ ਤੇ ਕਵੀਸ਼ਰੀ ਜਥਿਆਂ ਵੱਲੋਂ ਗੁਰੂ ਜਸ ਗਾਇਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਜੋੜ ਮੇਲੇ ਦੇ ਆਖ਼ਰੀ ਦਿਨ ਹਜ਼ਾਰਾਂ ਸੰਗਤਾਂ ਨੇ ਗੁਰੂ ਘਰ ਆਪਣੀ ਹਾਜ਼ਰੀ ਲਗਵਾਈ। ਇਸ ਮੌਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਰ ਸੇਵਾ ਖਡੂਰ ਸਾਹਿਬ ਵਾਲੇ ਬਾਬਾ ਸੇਵਾ ਸਿੰਘ ਅਤੇ ਹੋਰ ਧਾਰਮਿਕ ਜਥੇਬੰਦੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਖੱਡੀ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ ਗਿਆ ਅਤੇ ਸੁੰਦਰ ਦੀਪਮਾਲਾ ਕੀਤੀ ਗਈ। ਗੁਰਦੁਆਰਾ ਖੱਡੀ ਸਾਹਿਬ ਦੀ ਕਮੇਟੀ ਦੇ ਪ੍ਰਧਾਨ ਸਰਬਜੀਤ ਸਿੰਘ ਬਾਣੀਆਂ, ਮੈਨੇਜਰ ਪਰਮਜੀਤ ਸਿੰਘ ਬਾਣੀਆਂ ਅਤੇ ਹੋਰ ਅਹੁਦੇਦਾਰਾਂ ਨੇ ਦੱਸਿਆ ਦੋ ਦਿਨ ਚੱਲ ਰਹੇ ਧਾਰਮਿਕ ਸਮਾਗਮਾਂ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਗੁਰਦੁਆਰਾ ਖੱਡੀ ਸਾਹਿਬ ਨਤਮਸਤਕ ਹੋਈ ਹੈ।
ਇਸ ਦੌਰਾਨ ਬਾਬਾ ਸਾਧੂ ਸਿੰਘ ਦੀ ਯਾਦਗਾਰ ਹਾਲ ਵਿੱਚ ਅੰਮ੍ਰਿਤ ਸੰਚਾਰ ਕਰਵਾਇਆ ਗਿਆ ਜਿਸ ਦੌਰਾਨ ਵੱਡੀ ਗਿਣਤੀ ’ਚ ਸੰਗਤ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਪ੍ਰਬੰਧਕਾਂ ਨੇ ਦੱਸਿਆ ਕਿ ਇਸ ਦੌਰਾਨ ਮਹਾਨ ਧਾਰਮਿਕ ਕਵੀ ਦਰਬਾਰ ਵੀ ਕਰਵਾਇਆ ਗਿਆ। ਇਸ ਮੌਕੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਜਾਹੋ-ਜਲਾਲ ਨਾਲ ਮਹੱਲਾ ਕੱਢਿਆ ਗਿਆ। ਅਹੁਦੇਦਾਰਾਂ ਨੇ ਦੱਸਿਆ ਕਿ ਇਸ ਸਾਲਾਨਾ ਜੋੜ ਮੇਲੇ ਮੌਕੇ ਸੰਗਤ ਦੀ ਆਮਦ ਨੂੰ ਮੁੱਖ ਰੱਖਦਿਆਂ ਗੁਰੂ ਕੇ ਲੰਗਰ, ਸੰਗਤ ਲਈ ਰਿਹਾਇਸ਼ ਅਤੇ ਵਾਹਨਾਂ ਲਈ ਪਾਰਕਿੰਗ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਸਨ।