ਡਾ. ਰਜਿੰਦਰ ਸਿੰਘ
ਡੇਰਾ ਬਾਬਾ ਨਾਨਕ, 27 ਸਤੰਬਰ
ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਦਿਵਸ ਅੱਜ ਸਥਾਨਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਾਇਆ ਗਿਆ| ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਿਸ਼ੇਸ਼ ਤੌਰ ’ਤੇ ਪੁੱਜੇ| ਪਹਿਲਾਂ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਮਗਰੋਂ ਧਾਰਮਿਕ ਦੀਵਾਨ ਸਜਾਏ ਗਏ| ਇਸ ਤੋਂ ਬਾਅਦ ਵਿਸ਼ਾਲ ਨਗਰ ਕੀਰਤਨ ਡੇਰਾ ਬਾਬਾ ਨਾਨਕ ਦਰਬਾਰ ਸਾਹਿਬ ਤੋਂ ਕਰਤਾਰਪੁਰ ਸਾਹਿਬ ਲਾਂਘੇ ’ਤੇ ਬਣੇ ਦਰਸ਼ਨ ਸਥਲ ਤੱਕ ਸਜਾਇਆ ਗਿਆ| ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਨਗਰ ਕੀਰਤਨ ਜਦੋਂ ਭਾਰਤ-ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ’ਤੇ ਪੁੱਜਾ ਤਾਂ ਇੱਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸੰਗਤ ਨੇ ਕਰਤਾਰਪੁਰ ਸਾਹਿਬ ਦੇ ਸਨਮੁਖ ਖੜ੍ਹੇ ਹੋ ਕੇ ਸਮੂਹਿਕ ਅਰਦਾਸ ਕੀਤੀ ਗਈ| ਇਸ ਮੌਕੇ ਪੱਤਰਕਾਰਾਂ ਨਅਲ ਗੱਲਬਾਤ ਕਰਦਿਆਂ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਦਿਵਸ ਸਾਰਿਆਂ ਨੂੰ ਪੂਰੇ ਸਤਿਕਾਰ ਨਾਲ ਮਨਾਉਣਾ ਚਾਹੀਦਾ ਹੈ| ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਭਾਵੇਂ ਖੁੱਲ੍ਹ ਚੁੱਕਾ ਹੈ ਪਰ ਅਜੇ ਵੀ ਬਹੁਤ ਸਾਰੇ ਸ਼ਰਧਾਲੂ ਆਪਣੇ ਇਸ ਵਿਛੜੇ ਗੁਰਧਾਮਾਂ ਦੇ ਦਰਸ਼ਨਾਂ ਤੋਂ ਵਾਂਝੇ ਹਨ। ਕਰਤਾਰਪੁਰ ਸਾਹਿਬ ਜਾਣ ਲਈ ਸਰਕਾਰ ਦੀਆਂ ਸ਼ਰਤਾਂ ਬਹੁਤ ਸਖ਼ਤ ਹਨ| ਉਨ੍ਹਾਂ ਕਿਹਾ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਹੋਰ ਸੁਖਾਵਾਂ ਬਣਾਉਣਾ ਚਾਹੀਦਾ ਹੈ।